ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸੰਬੰਧੀ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੇ ਗ੍ਰੰਥੀ ਸਿੰਘਾਂ ਵੱਲੋਂ ਅਹਿਮ ਇਕੱਤਰਤਾ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸੰਬੰਧੀ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੇ ਗ੍ਰੰਥੀ ਸਿੰਘਾਂ ਵੱਲੋਂ ਅਹਿਮ ਇਕੱਤਰਤਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਨਜ਼ਰਾਨਾ ਟਾਈਮਜ - ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਲਿਆਂਦੇ ਗਏ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਵਿੱਚ ਸਿੱਖ ਰਹਿਤ ਮਰਯਾਦਾ ਅਤੇ ਸੰਸਥਾਵਾਂ ਦੇ ਕੰਮਕਾਜ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਦੇ ਖ਼ਦਸ਼ਿਆਂ ਨੂੰ ਲੈ ਕੇ ਅੱਜ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਵਿਖੇ ਸਮੂਹ ਗ੍ਰੰਥੀ ਸਿੰਘਾਂ ਦੀ ਇੱਕ ਵਿਸ਼ੇਸ਼ ਇਕੱਤਰਤਾ ਹੋਈ। ਇਸ ਇਕੱਤਰਤਾ ਵਿੱਚ ਗ੍ਰੰਥੀ, ਰਾਗੀ ਅਤੇ ਪ੍ਰਚਾਰਕਾਂ ਵੱਲੋਂ ਪੰਜਾਬ ਸਰਕਾਰ ਨੂੰ ਇਸ ਕਾਨੂੰਨ ਵਿੱਚ ਤੁਰੰਤ ਸੋਧ ਕਰਨ ਦੀ ਮੰਗ ਕੀਤੀ ਗਈ। ਗ੍ਰੰਥੀ ਸਿੰਘਾਂ ਨੇ ਸਪਸ਼ਟ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਵਾਲੇ ਕਿਸੇ ਵੀ ਕਾਨੂੰਨ ਦਾ ਸਿੱਖ ਕੌਮ ਸਵਾਗਤ ਕਰਦੀ ਹੈ। ਪਰੰਤੂ, ਇਸ ਕਾਨੂੰਨ ਦੀ ਆੜ ਹੇਠ ਗੁਰਦੁਆਰਾ ਸਾਹਿਬਾਨ ਦੀ ਮਰਯਾਦਾ, ਗ੍ਰੰਥੀ ਸਿੰਘਾਂ, ਪ੍ਰਬੰਧਕੀ ਕਮੇਟੀਆਂ ਅਤੇ ਸੰਗਤਾਂ ਨੂੰ ਕਾਨੂੰਨੀ ਸ਼ਿਕੰਜੇ ਵਿੱਚ ਕੱਸਣਾ ਸਿੱਖ ਪੰਥ ਦੀਆਂ ਅੰਦਰੂਨੀ ਪਰੰਪਰਾਵਾਂ 'ਤੇ ਸਿੱਧਾ ਹਮਲਾ ਹੈ।ਸਮੂਹ ਸਿੰਘਾਂ ਨੇ ਕਿਹਾ ਕਿ ਗ੍ਰੰਥੀ ਸਿੰਘ ਕੌਮ ਦਾ ਧੁਰਾ ਹਨ।

 ਜੇਕਰ ਮਰਯਾਦਾ ਦੇ ਨਾਮ 'ਤੇ ਉਹਨਾਂ 'ਤੇ ਮੁਕੱਦਮੇ ਦਰਜ ਹੋਣਗੇ, ਤਾਂ ਉਹ ਨਿਰਭੈ ਹੋ ਕੇ ਸੇਵਾ ਨਹੀਂ ਕਰ ਸਕਣਗੇ। ਸਰਕਾਰ ਨੂੰ ਅਜਿਹਾ ਕਾਨੂੰਨ ਨਹੀਂ ਬਣਾਉਣਾ ਚਾਹੀਦਾ ਜੋ ਸੇਵਾਦਾਰਾਂ ਵਿੱਚ ਦਹਿਸ਼ਤ ਪੈਦਾ ਕਰੇ। ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੇ ਗ੍ਰੰਥੀ ਸਿੰਘਾਂ ਨੇ ਮੁੱਖ ਮੰਤਰੀ ਪੰਜਾਬ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਅੜੀ ਛੱਡ ਕੇ ਸਿੱਖ ਸੰਸਥਾਵਾਂ ਅਤੇ ਵਿਦਵਾਨਾਂ ਨਾਲ ਸਲਾਹ-ਮਸ਼ਵਰਾ ਕਰਨ। ਕਾਨੂੰਨ ਵਿਚੋਂ ਉਹ ਮੱਦਾਂ ਤੁਰੰਤ ਹਟਾਈਆਂ ਜਾਣ ਜੋ ਗ੍ਰੰਥੀ ਸ਼੍ਰੇਣੀ ਅਤੇ ਸਿੱਖ ਸੰਸਥਾਵਾਂ ਦੇ ਵਿਰੁੱਧ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ "ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਸਾਡੀ ਜਾਨ ਤੋਂ ਪਿਆਰਾ ਹੈ, ਪਰ ਮਰਯਾਦਾ ਦੇ ਨਾਂ 'ਤੇ ਸਰਕਾਰੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਰਕਾਰ ਕੌਮ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਇਸ ਕਾਨੂੰਨ ਵਿੱਚ ਸੋਧ ਕਰੇ।"
ਇਸ ਇਕੱਤਰਤਾ ਵਿੱਚ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੇ ਮੁੱਖ ਗ੍ਰੰਥੀ ਗਿਆਨੀ ਚਰਨਜੀਤ ਸਿੰਘ, ਵਧੀਕ ਗ੍ਰੰਥੀ ਗਿਆਨੀ ਭੁਪਿੰਦਰ ਸਿੰਘ, ਗਿਆਨੀ ਮੇਜਰ ਸਿੰਘ, ਗ੍ਰੰਥੀ ਗਿਆਨੀ ਸੁਖਦੇਵ ਸਿੰਘ, ਪ੍ਰਕਾਰਕ ਭਾਈ ਜਤਿੰਦਰ ਸਿੰਘ ਤੋਂ ਇਲਾਵਾ ਹੋਰ ਪ੍ਰਮੁੱਖ ਗ੍ਰੰਥੀ ਸਿੰਘ ਅਤੇ ਪੰਥਕ ਸ਼ਖ਼ਸੀਅਤਾਂ ਸ਼ਾਮਲ ਸਨ, ਜਿਨ੍ਹਾਂ ਨੇ ਇੱਕਮਤ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲਿਆਂ ਅਤੇ ਦਿਸ਼ਾ-ਨਿਰਦੇਸ਼ਾਂ 'ਤੇ ਪਹਿਰਾ ਦੇਣ ਦਾ ਅਹਿਦ ਲਿਆ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.