ਮਰਦਾਨ ਗੁਰਦੁਆਰੇ ਵਿੱਚ ਸਿੱਖ ਜੋੜੇ ਦੇ ਕਤਲ ਦੀ ਐਸਜੀਪੀਸੀ ਪ੍ਰਧਾਨ ਧਾਮੀ ਵੱਲੋਂ ਸਖ਼ਤ ਨਿੰਦਾ
- ਅੰਤਰਰਾਸ਼ਟਰੀ
- 17 Jun, 2026 03:17 PM (Asia/Kolkata)
ਪਾਕਿਸਤਾਨ 'ਚ ਮਰਦਾਨ ਵਿਖੇ ਗੁਰਦੁਆਰਾ ਸਾਹਿਬ ਅੰਦਰ ਕਤਲ ਦੀ ਵਾਰਦਾਤ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ
ਅੰਮ੍ਰਿਤਸਰ, 17 ਜੂਨ ਕੰਵਰਪ੍ਰਤਾਪ ਸਿੰਘ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਮਰਦਾਨ ਸ਼ਹਿਰ ਵਿਚ ਸਥਿਤ ਗੁਰਦੁਆਰਾ ਸਾਹਿਬ ਅੰਦਰ ਸੇਵਾ ਨਿਭਾ ਰਹੇ ਸ਼ਰਧਾਲੂ ਜੋੜੇ ਸ੍ਰੀ ਜਗਨਨਾਥ ਅਤੇ ਬੀਬੀ ਅਸਮਾ ਵੰਤੀ ਦੀ ਕੁਝ ਲੋਕਾਂ ਵੱਲੋਂ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਰਗੇ ਪਵਿੱਤਰ ਧਾਰਮਿਕ ਅਸਥਾਨ ਅੰਦਰ ਦਾਖਲ ਹੋ ਕੇ ਨਿਰਦੋਸ਼ ਸਿੱਖ ਜੋੜੇ ਦਾ ਕਤਲ ਕਰਨਾ ਬਹੁਤ ਹੀ ਦੁਖਦਾਈ, ਅਮਾਨਵੀ ਅਤੇ ਘੱਟ ਗਿਣਤੀ ਭਾਈਚਾਰਿਆਂ ਵਿੱਚ ਡਰ ਪੈਦਾ ਕਰਨ ਵਾਲੀ ਘਟਨਾ ਹੈ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਹਮਲੇ ਨੇ ਪਾਕਿਸਤਾਨ ਵਿਚ ਵਸਦੇ ਸਿੱਖ ਭਾਈਚਾਰੇ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਧਾਰਮਿਕ ਅਸਥਾਨਾਂ ਅਤੇ ਪਾਕਿਸਤਾਨ ਵਿਚ ਵੱਸਦੇ ਸਿੱਖਾਂ ਸਮੇਤ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪਾਕਿਸਤਾਨ ਸਰਕਾਰ ਦੀ ਜ਼ਿੰਮੇਵਾਰੀ ਹੈ, ਜਿਸ ਪ੍ਰਤੀ ਵਿਸੇ਼ੇਸ਼ ਧਿਆਨ ਦਿੱਤਾ ਜਾਵੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਘਟਨਾ ਚ ਮਾਰੇ ਗਏ ਸਿੱਖ ਜੋੜੇ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Leave a Reply