ਵਿਦੇਸ਼ ਦੇ ਪੰਥਕ ਆਗੂਆਂ ਵੱਲੋਂ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ

ਵਿਦੇਸ਼ ਦੇ ਪੰਥਕ ਆਗੂਆਂ ਵੱਲੋਂ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ

ਅੰਮ੍ਰਿਤਸਰ, 20 ਅਗਸਤ (ਚਰਨਜੀਤ ਸਿੰਘ): ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦਾ ਪੰਥਕ ਆਗੂ ਭਾਈ ਗੁਰਪ੍ਰੀਤ ਸਿੰਘ ਦਮਦਮੀ ਟਕਸਾਲ ਅਤੇ ਸਿੱਖ ਏਡ ਅਸਟਰੀਆ ਦੇ ਮੁੱਖ ਸੇਵਾਦਾਰ ਭਾਈ ਹਰਪ੍ਰੀਤ ਸਿੰਘ ਪੰਮਾ ਨੇ ਸਮਰਥਨ ਕੀਤਾ ਹੈ। ਦੋਵਾਂ ਨੇ ਸਾਂਝੇ ਤੌਰ 'ਤੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ, ਕਾਰਖਾਨੇ, ਵਹੀਕਲ, ਦਫ਼ਤਰ ਅਤੇ ਹੋਰ ਅਦਾਰੇ ਬੰਦ ਰੱਖਣ। ਭਾਈ ਰਣਜੀਤ ਸਿੰਘ ਨੇ ਦੱਸਿਆ ਕਿ ਕੌਮੀ ਇਨਸਾਫ ਮੋਰਚੇ ਵੱਲੋਂ ਰੇਲ ਗੱਡੀਆਂ, ਬਾਜ਼ਾਰ ਅਤੇ ਆਵਾਜਾਈ ਸਵੇਰੇ 7 ਵਜੇ ਤੋਂ 2 ਵਜੇ ਤੱਕ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਹੈ ਕਿਉਂਕਿ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਬਲਵੰਤ ਸਿੰਘ ਰਾਜੋਆਣਾ, ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ, ਭਾਈ ਗੁਰਦੀਪ ਸਿੰਘ ਖੈੜਾ, ਭਾਈ ਗੁਰਮੀਤ ਸਿੰਘ ਇੰਜੀਨੀਅਰ, ਭਾਈ ਲਖਵਿੰਦਰ ਸਿੰਘ ਨਾਰੰਗਵਾਲ ਤੇ ਭਾਈ ਸ਼ਮਸ਼ੇਰ ਸਿੰਘ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ ਜਿਸ ਕਾਰਨ ਸਮੁੱਚੀ ਸਿੱਖ ਕੌਮ ਵਿੱਚ ਰੋਹ ਅਤੇ ਰੋਸ ਹੈ। ਉਨ੍ਹਾਂ ਕਿਹਾ ਕਿ ਕੌਮੀ ਇਨਸਾਫ ਮੋਰਚੇ ਮੋਹਾਲੀ ਤੋਂ 15 ਅਗਸਤ ਨੂੰ ਰਾਜਪਾਲ ਭਵਨ ਚੰਡੀਗੜ੍ਹ ਵੱਲ ਕੀਤੇ ਗਏ ਮਾਰਚ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਰੋਕਣਾ ਅਤੇ ਸਿੱਖ ਸੰਗਤਾਂ ਉੱਤੇ ਜ਼ੁਲਮ ਕਰਨਾ ਬਹੁਤ ਮੰਦਭਾਗਾ ਸੀ। ਕੇਂਦਰ ਦੀ ਭਾਜਪਾ ਸਰਕਾਰ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ 2019 ਵਿੱਚ ਕੀਤੇ ਵਾਅਦੇ ਤੋਂ ਮੁੱਕਰ ਚੁੱਕੀ ਹੈ ਤੇ ਸਿੱਖ ਕੌਮ ਨਾਲ ਵੈਰ ਕਮਾ ਰਹੀ ਹੈ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.