ਕਾਂਗਰਸ ਆਗੂ ਲਖਵਿੰਦਰ ਸਿੰਘ ਮਿੰਟਾ ਭਾਜਪਾ ਚ ਹੋਏ ਸ਼ਾਮਲ,ਮੰਡਲ ਪ੍ਰਧਾਨ ਪ੍ਰਦੀਪ ਠਾਕੁਰ ਨੇ ਕੀਤਾ ਸਵਾਗਤ

ਕਾਂਗਰਸ ਆਗੂ ਲਖਵਿੰਦਰ ਸਿੰਘ ਮਿੰਟਾ ਭਾਜਪਾ ਚ ਹੋਏ ਸ਼ਾਮਲ,ਮੰਡਲ ਪ੍ਰਧਾਨ ਪ੍ਰਦੀਪ ਠਾਕੁਰ ਨੇ ਕੀਤਾ ਸਵਾਗਤ

ਕਪੂਰਥਲਾ 17 ਨਵੰਬਰ ਗੌਰਵ ਮੜੀਆ

ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਭਾਜਪਾ ਆਗੂਆਂ ਦੇ ਵਲੋਂ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੇ ਦਿਸ਼ਾ ਨਿਰਦੇਸ਼ ਦੇ ਤਹਿਤ ਪਾਰਟੀ ਦੀ ਮਜ਼ਬੂਤੀ ਲਈ ਲੋਕਾਂ ਨਾਲ ਕੀਤੇ ਜਾ ਰਹੇ ਸੰਪਕਰ ਦੇ ਤਹਿਤ ਭਾਜਪਾ ਮੰਡਲ 1 ਦੇ ਪ੍ਰਧਾਨ ਪ੍ਰਦੀਪ ਠਾਕੁਰ ਦੀ ਅਗਵਾਈ ਹੇਠ ਸੀਨੀਅਰ ਕਾਂਗਰਸ ਆਗੂ ਲਖਵਿੰਦਰ ਸਿੰਘ ਮਿੰਟਾ ਨੇ ਕਾਂਗਰਸ ਪਾਰਟੀ ਨੂੰ ਹਮੇਸ਼ਾ ਲਈ ਅਲਵਿਦਾ ਆਖਦਿਆਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।ਇਸ ਮੌਕੇ ਭਾਜਪਾ ਆਗੂ ਪ੍ਰਦੀਪ ਠਾਕੁਰ ਨੇ ਲਖਵਿੰਦਰ ਸਿੰਘ ਮਿੰਟਾ ਨੂੰ ਪਾਰਟੀ ਦਾ ਪਟਕਾ ਪਾ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ਤੇ ਨਿੱਘਾ ਸਵਾਗਤ ਕੀਤਾ।ਇਸ ਮੌਕੇ ਤੇ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਲਖਵਿੰਦਰ ਸਿੰਘ ਮਿੰਟਾ ਨੇ ਕਿਹਾ ਕਿ ਉਹ ਕੇਂਦਰ ਵਿਚ ਰਾਜ ਕਰ ਰਹੀ ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜੇ ਹਨ।ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਸਿੱਧਾ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ,ਜਿਸ ਨਾਲ ਲੋਕਾਂ ਵਿੱਚ ਭਾਜਪਾ ਪ੍ਰਤੀ ਭਰੋਸਾ ਵਧਿਆ ਹੈ।ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਕਾਸ ਅਤੇ ਮਜ਼ਬੂਤ ਨੇਤ੍ਰਿਤਵ ਨੂੰ ਦੇਖਦੇ ਹੋਏ ਉਹਨਾਂ ਨੇ ਪਾਰਟੀ ਨਾਲ ਕਦਮ ਮਿਲਾਉਣ ਦਾ ਫੈਸਲਾ ਕੀਤਾ ਹੈ।ਇਸ ਮੌਕੇ ਭਾਜਪਾ ਆਗੂ ਪ੍ਰਦੀਪ ਠਾਕੁਰ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਵਰਗ ਤੱਕ ਪਹੁੰਚ ਰਿਹਾ ਹੈ ਅਤੇ ਇਹੀ ਕਾਰਨ ਹੈ ਕਿ ਲੋਕ ਧੜਾਧੜ ਭਾਰਤੀ ਜਨਤਾ ਪਾਰਟੀ ਨਾਲ ਜੁੜ ਰਹੇ ਹਨ।ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਉਦੇਸ਼ ਦੇਸ਼ ਅਤੇ ਰਾਜ ਦਾ ਸਰਬ ਪੱਖੀ ਵਿਕਾਸ ਕਰਨਾ ਹੈ ਅਤੇ ਭਾਜਪਾ ਹਮੇਸ਼ਾ ਲੋਕ-ਭਲਾਈ ਦੇ ਕੰਮਾਂ ਲਈ ਵਚਨਬੱਧ ਰਹੀ ਹੈ।ਪ੍ਰਦੀਪ ਠਾਕੁਰ ਨੇ ਵਿਸ਼ਵਾਸ ਜਤਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਲੋਕ ਭਾਜਪਾ ਨੂੰ ਭਾਰੀ ਸਮਰਥਨ ਦੇਣਗੇ ਅਤੇ ਇਸ ਵਾਰ ਰਾਜ ਵਿਚ ਵੀ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਉਪਲਬਧੀਆਂ ਬਾਰੇ ਜਾਣੂ ਕਰਵਾ ਰਹੇ ਹਨ ਅਤੇ ਲੋਕਾਂ ਦਾ ਉਤਸ਼ਾਹ ਦਿਨੋਂ-ਦਿਨ ਵੱਧ ਰਿਹਾ ਹੈ।ਪ੍ਰਦੀਪ ਠਾਕੁਰ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ।ਉਨ੍ਹਾਂ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ਤੇ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।ਉਨ੍ਹਾਂਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਦੋਸ਼ ਲਗਾਇਆ ਕਿ ਸਰਕਾਰ ਕੋਲ ਆਪਣੀਆਂ ਪ੍ਰਾਪਤੀਆਂ ਗਿਣਾਉਣ ਲਈ ਕੁਝ ਨਹੀਂ ਹੈ ਅਤੇ ਕਰਜ਼ੇ ਦੇ ਸਹਾਰੇ ਕੰਮ ਚਲਾਇਆ ਜਾ ਰਿਹਾ ਹੈ।ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਕੋਲ ਜੋ ਵੀ ਚੀਜ਼ ਆਉਂਦੀ ਹੈ,ਉਸ ਨੂੰ ਵੇਚਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।ਉਨ੍ਹਾਂਨੇ ਪੰਜਾਬ ਦੇ ਲੋਕਾਂ ਨੂੰ ਗੁਆਂਢੀ ਸੂਬੇ ਹਰਿਆਣਾ ਦੀ ਭਾਜਪਾ ਸਰਕਾਰ ਦੇ ਕੰਮਕਾਜ ਨਾਲ ਪੰਜਾਬ ਸਰਕਾਰ ਦੀ ਤੁਲਨਾ ਕਰਨ ਦੀ ਅਪੀਲ ਕੀਤੀ।ਇਸ ਮੌਕੇ ਪੰਕਜ ਮਿਸ਼ਰਾ ਅਤੇ ਗੋਪਾਲ ਕ੍ਰਿਸ਼ਨ ਅਰੋੜਾ ਸਮੇਤ ਭਾਜਪਾ ਵਰਕਰ ਹਾਜ਼ਰ ਸਨ।