ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਸ਼ਾਂਤਮਈ ਕੈਂਡਲ ਮਾਰਚ ਕਰਨ ਤੋਂ ਰੋਕਣ ਦੀ ਕੋਸ਼ਿਸ਼; ਕਿਸਾਨਾਂ ਨੇ ਰੁਕਾਵਟਾਂ ਦੇ ਬਾਵਜੂਦ ਕੀਤਾ ਮਾਰਚ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਸ਼ਾਂਤਮਈ ਕੈਂਡਲ ਮਾਰਚ ਕਰਨ ਤੋਂ ਰੋਕਣ ਦੀ ਕੋਸ਼ਿਸ਼; ਕਿਸਾਨਾਂ ਨੇ ਰੁਕਾਵਟਾਂ ਦੇ ਬਾਵਜੂਦ ਕੀਤਾ ਮਾਰਚ

ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਅਤੇ ਪੱਤਰਕਾਰ ਨੂੰ ਸ਼ਰਧਾਂਜਲੀ ਭੇਟ; ਮੁੱਖ ਦੋਸ਼ੀਆਂ ਨੂੰ ਅਦਾਲਤ ਰਾਹੀਂ ਜਲਦ ਸਜ਼ਾਵਾਂ ਦੇਣ ਦੀ ਮੰਗ

ਟਾਂਗਰਾ - ਸੁਰਜੀਤ ਸਿੰਘ ਖਾਲਸਾ

ਚੰਡੀਗੜ੍ਹ, 3 ਅਕਤੂਬਰ: ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਅਤੇ ਹਰਿਆਣਾ ਵੱਲੋਂ ਅੱਜ ਕਿਸਾਨ ਭਵਨ, ਚੰਡੀਗੜ੍ਹ ਵਿਖੇ ਇਕੱਠੇ ਹੋ ਕੇ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਅਤੇ ਪੱਤਰਕਾਰ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਿਸਾਨ ਭਵਨ ਤੋਂ ਮਟਕਾ ਚੌਕ ਤੱਕ ਕੈਂਡਲ ਮਾਰਚ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਇਸ ਮੌਕੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਵੱਡੇ ਪੱਧਰ ’ਤੇ ਬੈਰੀਕੇਡਿੰਗ ਕੀਤੀ ਗਈ ਸੀ। ਕਿਸਾਨਾਂ ਨੂੰ ਕਿਸਾਨ ਭਵਨ ਪਹੁੰਚਣ ਸਮੇਂ ਵੀ ਕਈ ਤਰ੍ਹਾਂ ਦੀਆਂ ਰੁਕਾਵਟਾਂ ਦਾ ਸਾਹਮਣਾ ਕਰਨਾ ਪਿਆ, ਪਰ ਕਿਸਾਨ ਇਨ੍ਹਾਂ ਰੁਕਾਵਟਾਂ ਨੂੰ ਪਾਰ ਕਰਦੇ ਹੋਏ ਕਿਸਾਨ ਭਵਨ ਪਹੁੰਚੇ। ਇਸ ਮੌਕੇ ਲਗਭਗ 800 ਤੋਂ 1,000 ਕਿਸਾਨ ਇਕੱਠੇ ਹੋਏ।
ਕਿਸਾਨ ਆਗੂਆਂ ਨੇ ਪ੍ਰਸ਼ਾਸਨ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਸ਼ਾਂਤਮਈ ਢੰਗ ਨਾਲ ਮੋਮਬੱਤੀਆਂ ਲੈ ਕੇ ਸੜਕ ਦੇ ਇੱਕ ਪਾਸੇ ਤੋਂ ਮਟਕਾ ਚੌਕ ਤੱਕ ਕੈਂਡਲ ਮਾਰਚ ਕਰਨਾ ਚਾਹੁੰਦੇ ਹਨ। ਇਸ ਨਾਲ ਕਾਨੂੰਨ ਵਿਵਸਥਾ ਜਾਂ ਆਵਾਜਾਈ ਵਿੱਚ ਕੋਈ ਵਿਘਨ ਨਹੀਂ ਪਵੇਗਾ। ਕਿਸਾਨ ਆਗੂਆਂ ਵੱਲੋਂ ਦਿੱਤੀਆਂ ਇਨ੍ਹਾਂ ਦਲੀਲਾਂ ਦਾ ਪ੍ਰਸ਼ਾਸਨ ਕੋਲ ਕੋਈ ਠੋਸ ਜਵਾਬ ਨਹੀਂ ਸੀ। ਇਸ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਸਿਰਫ਼ 11 ਕਿਸਾਨਾਂ ਨੂੰ ਹੀ ਕੈਂਡਲ ਮਾਰਚ ਕਰਨ ਦੀ ਇਜਾਜ਼ਤ ਦੇਣ ਦੀ ਪੇਸ਼ਕਸ਼ ਕੀਤੀ ਗਈ, ਜਿਸ ਨੂੰ ਕਿਸਾਨਾਂ ਨੇ ਸਵੀਕਾਰ ਨਹੀਂ ਕੀਤਾ। ਕਿਸਾਨ ਆਗੂਆਂ ਨੇ ਪ੍ਰਸ਼ਾਸਨ ਨੂੰ ਸਾਈਕਲ ਟਰੈਕ ਵਾਲੇ ਪਾਸੇ ਤੋਂ ਮਾਰਚ ਕਰਨ ਦੀ ਮੰਗ ਕੀਤੀ ਪਰ ਪ੍ਰਸ਼ਾਸਨ ਇਸ ਲਈ ਵੀ ਸਹਿਮਤ ਨਹੀਂ ਹੋਇਆ। ਇਸ ਤੋਂ ਬਾਅਦ ਕਿਸਾਨ ਆਗੂਆਂ ਨੇ ਫ਼ੈਸਲਾ ਕਰਦਿਆਂ ਨਿਰਧਾਰਤ ਰੂਟ ਦੀ ਬਜਾਏ ਜੇ. ਡਬਲਯੂ. ਮੈਰੀਅਟ ਚੌਕ ਵੱਲ ਮੋਮਬੱਤੀ ਮਾਰਚ ਸ਼ੁਰੂ ਕਰ ਦਿੱਤਾ। ਜਦੋਂ ਕਿਸਾਨਾਂ ਨੇ ਸੈਕਟਰ 22 ਦੀ ਮਾਰਕੀਟ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਵੱਲੋਂ ਭਾਰੀ ਗਿਣਤੀ ਵਿੱਚ ਰੁਕਾਵਟਾਂ ਪਾਈਆਂ ਗਈਆਂ ਅਤੇ ਕਿਸਾਨਾਂ ਨਾਲ ਧੱਕਾ-ਮੁੱਕੀ ਵੀ ਕੀਤੀ ਗਈ। ਪੁਲਿਸ ਵੱਲੋਂ ਰੋਕਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਕਿਸਾਨਾਂ ਨੇ ਸੈਕਟਰ 22 ਦੀ ਮਾਰਕੀਟ ਵਿੱਚ ਸ਼ਾਂਤਮਈ ਢੰਗ ਨਾਲ ਆਪਣਾ ਮਾਰਚ ਕੀਤਾ ਅਤੇ ਬਾਅਦ ਵਿੱਚ ਇਸ ਨੂੰ ਸਮਾਪਤ ਕਰ ਦਿੱਤਾ। ਇਸ ਦੌਰਾਨ ਕਿਸਾਨ ਭਵਨ ਦੇ ਸਾਹਮਣੇ ਵੀ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਮੋਮਬੱਤੀਆਂ ਜਗਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਲਿਆਉਣ ਦੇ ਦਾਅਵੇ ਕਰ ਰਹੀ ਹੈ, ਪਰ ਦੂਜੇ ਪਾਸੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਕੈਂਡਲ ਮਾਰਚ ਵੀ ਨਹੀਂ ਕਰਨ ਦਿੱਤਾ ਜਾ ਰਿਹਾ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਕੀ ਕਿਸਾਨਾਂ ਅਤੇ ਆਮ ਲੋਕਾਂ ਦੀ ਆਵਾਜ਼ ਨੂੰ ਇਸੇ ਤਰ੍ਹਾਂ ਦਬਾਇਆ ਜਾਵੇਗਾ? ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੇ ਲੋਕਾਂ ਨੇ ਕਰਨਾ ਹੈ ਕਿ ਉਹ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਦੀ ਆਜ਼ਾਦੀ ਨੂੰ ਕਿਸ ਤਰ੍ਹਾਂ ਦੇਖਦੇ ਹਨ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ 3 ਅਕਤੂਬਰ 2021 ਨੂੰ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਉੱਪਰ ਗੱਡੀ ਚੜ੍ਹਾਉਣ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਸਾਬਕਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਅਤੇ ਉਸ ਦੇ ਪੁੱਤਰ ਆਸ਼ੀਸ਼ ਮਿਸ਼ਰਾ ਟੈਣੀ ਵਿਰੁੱਧ ਅਦਾਲਤੀ ਕਾਰਵਾਈ ਤੇਜ਼ ਕਰਕੇ ਕਾਨੂੰਨ ਅਨੁਸਾਰ ਜਲਦ ਸਜ਼ਾ ਸੁਣਾਈ ਜਾਵੇ। ਇਸ ਘਟਨਾ ਵਿੱਚ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦੀ ਮੌਤ ਹੋਈ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਘਟਨਾ ਸਮੇਂ ਬਣੀ ਵੀਡੀਓ ਅਤੇ ਹੋਰ ਸਬੂਤਾਂ ਦੇ ਆਧਾਰ ’ਤੇ ਮਾਮਲੇ ਦੀ ਨਿਰਪੱਖ ਅਤੇ ਤੇਜ਼ੀ ਨਾਲ ਸੁਣਵਾਈ ਹੋਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ ਸਤੰਬਰ ਮਹੀਨੇ ਵਿੱਚ ਸੁਪਰੀਮ ਕੋਰਟ ਵੱਲੋਂ ਮਾਮਲੇ ਦਾ ਨੋਟਿਸ ਲੈਂਦਿਆਂ ਉੱਤਰ ਪ੍ਰਦੇਸ਼ ਸਰਕਾਰ ਨੂੰ ਆਪਣਾ ਸਰਕਾਰੀ ਵਕੀਲ ਬਦਲਣ ਲਈ ਕਿਹਾ ਗਿਆ ਸੀ। ਕਿਸਾਨ ਆਗੂਆਂ ਨੇ ਇਸ ਮਾਮਲੇ ਵਿੱਚ ਸਰਕਾਰੀ ਪੱਖ ਦੀ ਪੈਰਵੀ ਉੱਤੇ ਸਵਾਲ ਉਠਾਉਂਦਿਆਂ ਕਿਹਾ ਕਿ ਸ਼ਹੀਦ ਕਿਸਾਨਾਂ ਅਤੇ ਪੱਤਰਕਾਰ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਸਰਕਾਰ ਨੂੰ ਗੰਭੀਰਤਾ ਨਾਲ ਕਾਰਵਾਈ ਕਰਨੀ ਚਾਹੀਦੀ ਹੈ।
ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਲਖੀਮਪੁਰ ਖੀਰੀ ਘਟਨਾ ਵਿੱਚ ਸ਼ਹੀਦ ਹੋਏ ਕਿਸਾਨਾਂ ਅਤੇ ਜ਼ਖ਼ਮੀ ਹੋਏ ਲੋਕਾਂ ਦੇ ਪਰਿਵਾਰਾਂ ਨਾਲ ਕੀਤੇ ਗਏ ਮੁਆਵਜ਼ੇ ਅਤੇ ਸਰਕਾਰੀ ਨੌਕਰੀਆਂ ਦੇ ਵਾਅਦੇ ਅਜੇ ਤੱਕ ਪੂਰੀ ਤਰ੍ਹਾਂ ਲਾਗੂ ਨਹੀਂ ਕੀਤੇ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਜ਼ਖ਼ਮੀਆਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਅਤੇ ਵਾਅਦੇ ਅਨੁਸਾਰ ਸਰਕਾਰੀ ਨੌਕਰੀਆਂ ਤੁਰੰਤ ਦਿੱਤੀਆਂ ਜਾਣ।
ਅੰਤ ਵਿੱਚ ਕਿਸਾਨ ਮਜ਼ਦੂਰ ਮੋਰਚੇ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ-ਮਜ਼ਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ ਲਈ 17 ਅਕਤੂਬਰ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ। ਜੇਕਰ ਭਗਵੰਤ ਮਾਨ ਸਰਕਾਰ ਵੱਲੋਂ ਨਿਰਧਾਰਤ ਸਮੇਂ ਤੱਕ ਮੰਗਾਂ ਲਾਗੂ ਨਾ ਕੀਤੀਆਂ ਗਈਆਂ ਤਾਂ 17 ਅਕਤੂਬਰ ਨੂੰ ਅਗਲੇ ਵੱਡੇ ਅੰਦੋਲਨ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਸਰਵਣ ਸਿੰਘ ਪੰਧੇਰ, ਰਣਬੀਰ ਸਿੰਘ ਰਾਣਾ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਬਲਦੇਵ ਸਿੰਘ ਜੀਰਾ, ਗੁਰਨਾਮ ਸਿੰਘ ਢੈਂਠਲ (ਬੀ ਕੇ ਯੂ ਕਰਾਂਤੀਕਾਰੀ) ਅਮਰਜੀਤ ਸਿੰਘ ਮੋਹੜੀ, ਜੈ ਸਿੰਘ ਜਲਵੇੜਾ (ਬੀ ਕੇ ਯੂ ਸ਼ਹੀਦ ਭਗਤ ਸਿੰਘ), ਗੁਰਅਮਨੀਤ ਸਿੰਘ ਮਾਂਗਟ( ਪੀ ਐੱਫ ਐੱਫ), ਜੰਗ ਸਿੰਘ ਭਤੇੜੀ, ਗੁਰਧਿਆਨ ਸਿੰਘ ਮਿਆਣੀ ਭਤੇੜੀ ( ਬੀ ਕੇ ਯੂ ਭਤੇੜੀ) ਬਲਵੰਤ ਸਿੰਘ ਬੇਹਰਮਕੇ, ਚਮਕੌਰ ਸਿੰਘ (ਬੀ ਕੇ ਯੂ ਬਹਿਰਮਕੇ) ਕਿਰਪਾਲ ਸਿੰਘ, (ਚੰਡੀਗੜ੍ਹ ਨੌਜਵਾਨ ਸਭਾ) ਗੁਰਮੇਲ ਸਿੰਘ ਮੋਹਲੀ, ਮਨਜੀਤ ਸਿੰਘ ਨਿਆਲ(ਬੀ ਕੇ ਯੂ ਏਕਤਾ ਅਜ਼ਾਦ), ਹਰਭਜਨ ਸਿੰਘ ਬਾਜਵਾ, ਤਰਸੇਮ ਸਿੰਘ ਢਿੱਲੋਂ ( ਬੀ ਕੇ ਯੂ ਦੋਆਬਾ) ਅਤੇ ਦਿਲਬਾਗ ਸਿੰਘ ਗਿੱਲ ਬਲਕਾਰ ਸਿੰਘ ਬੈਂਸ ਭਾਰਤੀਏ ਕਿਸਾਨ ਮਜ਼ਦੂਰ ਯੂਨੀਅਨ ਤੋਂ ਹਾਜ਼ਰ ਰਹੇ

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.