'ਆਪ' ਸਰਕਾਰ ਕੈਬਨਿਟ 'ਚ ਮਤੇ ਤੇ ਗਜ਼ਟ ਨੋਟੀਫਿਕੇਸ਼ਨ ਨਾਲ ਪੱਕੇ ਤੌਰ 'ਤੇ ਰੱਦ ਕਰੇ ਲੈਂਡ ਪੂਲਿੰਗ ਪਾਲਿਸੀ- ਬ੍ਰਹਮਪੁਰਾ
- ਰਾਜਨੀਤੀ
- (Asia/Kolkata)
'ਆਪ' ਸਰਕਾਰ ਪਿੱਛੇ ਹਟਣ ਲਈ ਮਜਬੂਰ ਹੋਈ,ਇਹ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਦੀ ਤਾਕਤ ਹੈ- ਬ੍ਰਹਮਪੁਰਾ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,12 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਇਤਿਹਾਸਕ ਨਗਰ ਚੋਹਲਾ ਸਾਹਿਬ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਦਿਆਂ ਪੰਜਾਬ ਦੀ 'ਆਪ' ਸਰਕਾਰ 'ਤੇ ਤਿੱਖਾ ਸਿਆਸੀ ਹਮਲਾ ਕੀਤਾ ਹੈ।ਉਨ੍ਹਾਂ ਕਿਹਾ ਕਿ ਸਰਕਾਰ ਲੈਂਡ ਪੂਲਿੰਗ ਪਾਲਿਸੀ ਨੂੰ ਵਾਪਸ ਲੈਣ ਦੇ ਮਾਮਲੇ ਵਿੱਚ ਸਿਰਫ਼ ਖ਼ਾਨਾਪੂਰਤੀ ਕਰਕੇ ਪੰਜਾਬ ਦੇ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ,ਜਦਕਿ ਸ਼੍ਰੋਮਣੀ ਅਕਾਲੀ ਦਲ ਇਸ ਕਿਸਾਨ-ਮਾਰੂ ਕਾਨੂੰਨ ਦੀ ਪੂਰਨ ਕਾਨੂੰਨੀ ਸਮਾਪਤੀ ਤੱਕ ਆਪਣਾ ਸੰਘਰਸ਼ ਜਾਰੀ ਰੱਖੇਗਾ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ.ਬ੍ਰਹਮਪੁਰਾ ਨੇ ਕਿਹਾ ਕਿ ਕਿਸੇ ਵੀ ਨੀਤੀ ਨੂੰ ਕਾਨੂੰਨੀ ਤੌਰ 'ਤੇ ਖ਼ਤਮ ਕਰਨ ਲਈ ਇੱਕ ਪੂਰੀ ਪ੍ਰਕਿਰਿਆ ਹੁੰਦੀ ਹੈ,ਜਿਸ ਤੋਂ 'ਆਪ' ਸਰਕਾਰ ਭੱਜ ਰਹੀ ਹੈ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਡੀ ਮੰਗ ਹੈ ਕਿ ਇਸ ਨੀਤੀ ਨੂੰ ਰੱਦ ਕਰਨ ਦਾ ਫ਼ੈਸਲਾ ਰਸਮੀ ਤੌਰ 'ਤੇ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਜਾਵੇ ਅਤੇ ਫ਼ਿਰ ਇਸਨੂੰ ਰੱਦ ਕਰਨ ਦਾ ਸਰਕਾਰੀ ਨੋਟੀਫਿਕੇਸ਼ਨ ਪੰਜਾਬ ਗਜ਼ਟ ਵਿੱਚ ਪ੍ਰਕਾਸ਼ਿਤ ਕੀਤਾ ਜਾਵੇ।ਸਿਰਫ਼ ਇਸੇ ਤਰ੍ਹਾਂ ਹੀ ਇਸ ਖਤਰਨਾਕ ਕਾਨੂੰਨ ਦੀ ਹੋਂਦ ਪੱਕੇ ਤੌਰ 'ਤੇ ਖ਼ਤਮ ਹੋਵੇਗੀ ਅਤੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇਗਾ।ਇਸ ਮੌਕੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਮੁੱਦੇ 'ਤੇ ਉਲੀਕੇ ਗਏ ਤਿੱਖੇ ਸੰਘਰਸ਼ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ.ਬਾਦਲ ਦੀ ਅਗਵਾਈ ਵਿੱਚ ਪਾਰਟੀ ਵਰਕਰਾਂ ਅਤੇ ਪੰਜਾਬ ਦੇ ਲੋਕਾਂ ਦੇ ਦਬਾਅ ਦਾ ਹੀ ਨਤੀਜਾ ਹੈ ਕਿ ਇਸ ਹੰਕਾਰੀ 'ਆਪ' ਸਰਕਾਰ ਨੂੰ ਪਿੱਛੇ ਹਟਣ ਲਈ ਮਜਬੂਰ ਹੋਣਾ ਪਿਆ ਹੈ।ਉਨ੍ਹਾਂ ਕਿਹਾ ਕਿ ਇਹ ਘਟਨਾ ਇੱਕ ਵਾਰ ਫ਼ਿਰ ਸਾਬਤ ਕਰਦੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ,ਪੰਜਾਬੀ ਅਤੇ ਕਿਸਾਨੀ ਦੇ ਹਿੱਤਾਂ ਦੀ ਅਸਲ ਰਾਖੀ ਕਰਨ ਵਾਲੀ ਇੱਕੋ-ਇੱਕ ਜਮਾਤ ਹੈ।ਸ.ਬ੍ਰਹਮਪੁਰਾ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਉਨ੍ਹਾਂ ਨੇ ਪੰਜਾਬ ਦੇ ਰਾਜਪਾਲ,ਮਾਣਯੋਗ ਸ਼੍ਰੀ ਗੁਲਾਬ ਚੰਦ ਕਟਾਰੀਆ ਨੂੰ ਇੱਕ ਵਿਸਤ੍ਰਿਤ ਪੱਤਰ ਵੀ ਲਿਖਿਆ ਹੈ।ਉਨ੍ਹਾਂ ਕਿਹਾ,ਅਸੀਂ ਰਾਜਪਾਲ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਅਪੀਲ ਕੀਤੀ ਹੈ ਕਿਉਂਕਿ ਇਹ ਸਿਰਫ਼ ਇੱਕ ਨੀਤੀ ਦੀ ਨਾਕਾਮੀ ਨਹੀਂ,ਬਲਕਿ ਜਨਤਕ ਖ਼ਜ਼ਾਨੇ ਦੀ ਲੁੱਟ ਅਤੇ ਪ੍ਰਸ਼ਾਸਨਿਕ ਅਣਗਹਿਲੀ ਦਾ ਗੰਭੀਰ ਮਾਮਲਾ ਹੈ। ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਇਸ ਪੂਰੇ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਕਿਸੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਹੋਵੇ,ਇਸ਼ਤਿਹਾਰਾਂ 'ਤੇ ਖਰਚ ਹੋਏ ਕਰੋੜਾਂ ਰੁਪਇਆਂ ਦਾ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ (ਸੀਏਜੀ) ਤੋਂ ਵਿਸ਼ੇਸ਼ ਆਡਿਟ ਕਰਵਾਇਆ ਜਾਵੇ ਅਤੇ ਇਸ ਗਲਤ ਅਤੇ ਕਿਸਾਨ-ਮਾਰੂ ਫੈਸਲੇ ਲਈ ਜ਼ਿੰਮੇਵਾਰ ਮੰਤਰੀਆਂ ਤੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ।ਇਸ ਮੌਕੇ ਸਾਬਕਾ ਵਿਧਾਇਕ ਬ੍ਰਹਮਪੁਰਾ ਨਾਲ ਅਮਰੀਕ ਸਿੰਘ ਸਾਬਕਾ ਸਰਪੰਚ ਚੋਹਲਾ ਸਾਹਿਬ,ਹਰਜਿੰਦਰ ਸਿੰਘ ਬਾਦਸ਼ਾਹ, ਅਵਤਾਰ ਸਿੰਘ ਸੰਧੂ ਰੇਮੰਡ ਵਾਲੇ, ਮਨਜਿੰਦਰ ਸਿੰਘ ਲਾਟੀ ਪੰਜਾਬ ਮੋਟਰਜ਼ ਵਾਲੇ,ਡਾਕਟਰ ਜਤਿੰਦਰ ਸਿੰਘ, ਦਲਬੀਰ ਸਿੰਘ ਸਾਬਕਾ ਸਰਪੰਚ ਚੋਹਲਾ ਸਾਹਿਬ,ਕਿਸਾਨ ਆਗੂ ਗੁਰਦੇਵ ਸਿੰਘ ਸ਼ਬਦੀ,ਦਿਲਬਰ ਸਿੰਘ ਚੋਹਲਾ ਸਾਹਿਬ ਆਦਿ ਹਾਜ਼ਰ ਸਨ
Leave a Reply