ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕੱਠੇ ਹੋ ਕੇ ਹੀ ਪੰਥਕ ਤੇ ਪੰਜਾਬ ਦੇ ਮਸਲਿਆਂ ਦਾ ਹੋ ਸਕਦੈ ਹੱਲ: ਗੁਰਜੀਤ ਸਿੰਘ ਤਲਵੰਡੀ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕੱਠੇ ਹੋ ਕੇ ਹੀ ਪੰਥਕ ਤੇ ਪੰਜਾਬ ਦੇ ਮਸਲਿਆਂ ਦਾ ਹੋ ਸਕਦੈ ਹੱਲ: ਗੁਰਜੀਤ ਸਿੰਘ ਤਲਵੰਡੀ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਸੀਬੀਆਈ ਜਾਂਚ ਕਰਵਾਈ ਜਾਵੇ; ਤਲਵੰਡੀ ਨੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ

ਮਾਨਸਾ, 17 ਅਕਤੂਬਰ: , ਬਿੰਦਰ ਸਿੰਘ ਖੁੱਡੀ ਕਲਾਂ 

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਯੂਥ ਪ੍ਰਧਾਨ ਸ. ਗੁਰਜੀਤ ਸਿੰਘ ਤਲਵੰਡੀ ਨੇ ਅੱਜ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਉਰਫ਼ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਲੱਗੇ ਧਰਨੇ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਅਤੇ ਇਨਸਾਫ਼ ਲਈ ਸੰਘਰਸ਼ ਕਰ ਰਹੀ ਸੰਗਤ ਨਾਲ ਇਕਜੁੱਟਤਾ ਪ੍ਰਗਟਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਸੰਕਟਾਂ, ਨਸ਼ਿਆਂ ਦੇ ਖ਼ਾਤਮੇ ਅਤੇ ਪੰਥਕ ਮਸਲਿਆਂ ਦਾ ਸਥਾਈ ਹੱਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚ ਅਗਵਾਈ ਅਤੇ ਸਰਪ੍ਰਸਤੀ ਹੇਠ ਸਮੁੱਚੇ ਪੰਥ ਦੇ ਇਕਜੁੱਟ ਹੋਣ ਨਾਲ ਹੀ ਸੰਭਵ ਹੈ।

ਸ. ਤਲਵੰਡੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ ਅਤੇ ਪੰਥਕ ਏਕਤਾ, ਨਿਆਂ ਤੇ ਸਾਂਝੀ ਅਗਵਾਈ ਦਾ ਕੇਂਦਰ ਹੈ। ਅੱਜ ਪੰਜਾਬ ਜਿਸ ਨਸ਼ਿਆਂ, ਗੈਂਗਸਟਰਵਾਦ, ਬੇਰੁਜ਼ਗਾਰੀ ਅਤੇ ਸਮਾਜਿਕ ਨਿਘਾਰ ਦੇ ਦੌਰ ਵਿੱਚੋਂ ਲੰਘ ਰਿਹਾ ਹੈ, ਉਸ ਤੋਂ ਨਿਕਲਣ ਲਈ ਸਿਆਸੀ ਸਵਾਰਥਾਂ ਤੋਂ ਉੱਪਰ ਉੱਠ ਕੇ ਪੰਥਕ ਏਕਤਾ ਅਤੇ ਸਾਂਝੀ ਰਣਨੀਤੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਥਕ ਮਸਲਿਆਂ ਨੂੰ ਸਿਆਸੀ ਲਾਹੇ ਜਾਂ ਆਪਸੀ ਵਿਰੋਧਾਂ ਦੀ ਭੇਟ ਚੜ੍ਹਾਉਣ ਦੀ ਬਜਾਏ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਵਿਚਾਰ-ਵਟਾਂਦਰੇ ਰਾਹੀਂ ਹੱਲ ਕਰਨ ਦੀ ਪਰੰਪਰਾ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ।

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਤੇ ਬੋਲਦਿਆਂ ਸ. ਤਲਵੰਡੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਦਾ ਕਤਲ ਪੰਜਾਬ ਦੀ ਕਾਨੂੰਨ-ਵਿਵਸਥਾ ਅਤੇ ਸਰਕਾਰ ਦੇ ਨਸ਼ਾ ਵਿਰੋਧੀ ਦਾਅਵਿਆਂ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਇੱਕ ਪਾਸੇ ਸਰਕਾਰ ਨਸ਼ਾ ਮੁਕਤ ਪੰਜਾਬ ਦੇ ਨਾਅਰੇ ਦੇ ਰਹੀ ਹੈ, ਦੂਜੇ ਪਾਸੇ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਨੌਜਵਾਨ ਦੇ ਪਰਿਵਾਰ ਨੂੰ ਇਨਸਾਫ਼ ਲਈ ਧਰਨੇ ਲਗਾਉਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜਵਾਬਦੇਹੀ ਸਿਰਫ਼ ਬਿਆਨਾਂ ਅਤੇ ਇਸ਼ਤਿਹਾਰਾਂ ਨਾਲ ਪੂਰੀ ਨਹੀਂ ਹੋ ਸਕਦੀ; ਲੋਕਾਂ ਨੂੰ ਨਸ਼ਾ ਤਸਕਰੀ ਦੇ ਨੈੱਟਵਰਕ ਵਿਰੁੱਧ ਠੋਸ ਕਾਰਵਾਈ ਅਤੇ ਇਨਸਾਫ਼ ਹੁੰਦਾ ਦਿਖਾਈ ਦੇਣਾ ਚਾਹੀਦਾ ਹੈ।

ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ, ਤਾਂ ਜੋ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਹੋ ਸਕੇ ਅਤੇ ਪਰਿਵਾਰ ਤੇ ਲੋਕਾਂ ਦਾ ਭਰੋਸਾ ਬਹਾਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਾਂਚ ਸਿਰਫ਼ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਤੱਕ ਸੀਮਤ ਨਾ ਰਹੇ, ਸਗੋਂ ਘਟਨਾ ਨਾਲ ਜੁੜੀਆਂ ਸਾਰੀਆਂ ਸੰਭਾਵਿਤ ਕੜੀਆਂ ਦੀ ਪੜਤਾਲ ਕੀਤੀ ਜਾਵੇ। ਗੋਲੀ ਚਲਾਉਣ ਤੋਂ ਪਹਿਲਾਂ ਮੁਲਜ਼ਮ ਦੀਆਂ ਫ਼ੋਨ ਕਾਲਾਂ, ਸੰਭਾਵਿਤ ਸੰਪਰਕਾਂ ਅਤੇ ਘਟਨਾ ਪਿੱਛੇ ਕਿਸੇ ਹੋਰ ਵਿਅਕਤੀ ਜਾਂ ਨੈੱਟਵਰਕ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਇਹ ਵੀ ਸਵਾਲ ਉਠਾਇਆ ਕਿ ਜੇਕਰ ਮੁਲਜ਼ਮ ਵਿਰੁੱਧ ਪਹਿਲਾਂ ਪੰਜ ਅਪਰਾਧਿਕ ਮਾਮਲੇ ਦਰਜ ਸਨ, ਤਾਂ ਉਸ ਨੂੰ ਅਸਲਾ ਲਾਇਸੈਂਸ ਕਿਹੜੇ ਆਧਾਰ ’ਤੇ ਜਾਰੀ ਕੀਤਾ ਗਿਆ ਅਤੇ ਇਸ ਪ੍ਰਕਿਰਿਆ ਵਿੱਚ ਕਿਹੜੇ ਅਧਿਕਾਰੀਆਂ ਜਾਂ ਵਿਅਕਤੀਆਂ ਦੀ ਭੂਮਿਕਾ ਰਹੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਵਾਲਾਂ ਦੇ ਜਵਾਬ ਸਾਹਮਣੇ ਆਉਣੇ ਚਾਹੀਦੇ ਹਨ ਅਤੇ ਕਿਸੇ ਵੀ ਪ੍ਰਭਾਵਸ਼ਾਲੀ ਵਿਅਕਤੀ ਨੂੰ ਕਾਨੂੰਨ ਤੋਂ ਉੱਪਰ ਨਹੀਂ ਮੰਨਿਆ ਜਾਣਾ ਚਾਹੀਦਾ।

ਸ. ਤਲਵੰਡੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਿਰਫ਼ ਸਰਕਾਰ ਦੀ ਪ੍ਰਸ਼ਾਸਨਿਕ ਜ਼ਿੰਮੇਵਾਰੀ ਨਹੀਂ, ਸਗੋਂ ਪੰਥ ਅਤੇ ਸਮਾਜ ਦਾ ਸਾਂਝਾ ਫ਼ਰਜ਼ ਵੀ ਹੈ। ਗੁਰੂ ਸਾਹਿਬਾਨ ਦੀ ਧਰਤੀ ’ਤੇ ਨੌਜਵਾਨਾਂ ਦੀ ਜ਼ਿੰਦਗੀ ਨਸ਼ਿਆਂ ਦੀ ਭੇਟ ਚੜ੍ਹਦੀ ਰਹੇ ਅਤੇ ਨਸ਼ਾ ਵਿਰੋਧੀ ਆਵਾਜ਼ਾਂ ਨੂੰ ਇਨਸਾਫ਼ ਲਈ ਸੰਘਰਸ਼ ਕਰਨਾ ਪਵੇ, ਇਹ ਪੰਜਾਬ ਲਈ ਬੇਹੱਦ ਚਿੰਤਾਜਨਕ ਸਥਿਤੀ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੀ ਸੋਚ ਅਤੇ ਸੰਘਰਸ਼ ਨੂੰ ਅੱਗੇ ਤੋਰਨ ਲਈ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨਾ, ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਉਣਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੋਕ ਲਹਿਰ ਖੜ੍ਹੀ ਕਰਨਾ ਜ਼ਰੂਰੀ ਹੈ।

ਉਨ੍ਹਾਂ ਇਨਸਾਫ਼ ਲਈ ਬਣੀ ਕਮੇਟੀ ਵੱਲੋਂ ਉਲੀਕੇ ਜਾਣ ਵਾਲੇ ਪ੍ਰੋਗਰਾਮਾਂ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਇਸ ਸੰਘਰਸ਼ ਵਿੱਚ ਪੀੜਤ ਪਰਿਵਾਰ ਅਤੇ ਇਨਸਾਫ਼ ਦੀ ਮੰਗ ਕਰ ਰਹੀ ਸੰਗਤ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ, ਪੰਥਕ ਏਕਤਾ ਮਜ਼ਬੂਤ ਕਰਨ ਅਤੇ ਸੂਬੇ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਸਾਂਝੇ ਯਤਨ ਕਰਨੇ ਪੈਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਪੰਥਕ ਏਕਤਾ ਅਤੇ ਸਾਂਝੀ ਅਗਵਾਈ ਨੂੰ ਮਜ਼ਬੂਤ ਕਰਨਾ ਹੀ ਪੰਜਾਬ ਦੇ ਅਹਿਮ ਮਸਲਿਆਂ ਦੇ ਹੱਲ ਵੱਲ ਸਾਰਥਕ ਕਦਮ ਹੋ ਸਕਦਾ ਹੈ।

ਇਸ ਮੌਕੇ ਅੰਤ੍ਰਿੰਗ ਮੈਂਬਰ ਐੱਸਜੀਪੀਸੀ ਮਾਸਟਰ ਮਿੱਠੂ ਸਿੰਘ ਕਾਹਨਕੇ, ਨਵਇੰਦਰ ਸਿੰਘ ਲੌਂਗੋਵਾਲ, ਭੁਪਿੰਦਰ ਸਿੰਘ ਘੁੰਮਣ, ਗੁਰਸੇਵਕ ਸਿੰਘ ਮਨਿਆਣਾ, ਸਿੰਦਰਪਾਲ ਊਭਾਵਾਲ, ਰਣਧੀਰ ਸਿੰਘ, ਜਤਿੰਦਰ ਸਿੰਘ ਦਿਆਲਗੜ੍ਹ, ਰਾਮਪਾਲ ਸਿੰਘ ਬਹਿਣੀਵਾਲ, ਲਖਵਿੰਦਰ ਸਿੰਘ ਮੂਸਾ, ਅਮਨਦੀਪ ਸਿੰਘ ਭਲਾਇਕੇ, ਗੁਰਵਿੰਦਰ ਸਿੰਘ ਪਟਵਾਰੀ, ਜ਼ਿਲ੍ਹਾ ਪ੍ਰਧਾਨ ਸੰਗਰੂਰ, ਤੇਜਾ ਸਿੰਘ ਕਮਾਲਪੁਰ ਮੈਂਬਰ ਐੱਸਜੀਪੀਸੀ, ਕਰਨ ਘੁਮਾਣ ਕੈਨੇਡਾ, ਅਮਨਵੀਰ ਸਿੰਘ ਚੈਰੀ, ਮਲਕੀਤ ਸਿੰਘ ਸਮਾਓ, ਕੌਰ ਸਿੰਘ ਖਾਰਾ, ਰਣਧੀਰ ਸਿੰਘ ਸਮੂਰਾ, ਹਰਜੋਤ ਸਿੰਘ, ਹਰਜਿੰਦਰ ਸਿੰਘ ਰਾਮਗੜ੍ਹ ਸੰਧੂਆਂ, ਕਸ਼ਮੀਰ ਸਿੰਘ ਦਿੜ੍ਹਬਾ, ਸਤਗੁਰ ਸਿੰਘ ਨਮੋਲ, ਪ੍ਰਿਤਪਾਲ ਸਿੰਘ ਹਾਂਡਾ, ਕੁਲਦੀਪ ਸਿੰਘ ਬੁੱਗਰਾ, ਜੱਸੀ ਬੋਹਾ, ਵਿੱਕੀ ਛਾਜਲੀ, ਗੁਰਪ੍ਰੀਤ ਸਿੰਘ ਸਾਹੋਕੇ, ਤਰਨਜੀਤ ਸਿੰਘ ਦੁੱਗਲ, ਹਰਪ੍ਰੀਤ ਸਿੰਘ ਰਾਜੀਆ ਭਦੌੜ ਅਤੇ ਜੀਵਨ ਕੁਮਾਰ ਦਿੜ੍ਹਬਾ ਸਮੇਤ ਕਈ ਹੋਰ ਆਗੂਆਂ ਤੇ ਇਨਸਾਫ਼ਪਸੰਦ ਲੋਕਾਂ ਨੇ ਧਰਨੇ ਵਿੱਚ ਸ਼ਮੂਲੀਅਤ ਕੀਤੀ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.