ਐਸਆਈਆਰ ਪ੍ਰਕਿਰਿਆ ਗੈਰ-ਕਾਨੂੰਨੀ ਤੇ ਗੈਰ-ਪਾਰਦਰਸ਼ੀ : ਕੇਂਦਰੀ ਸਿੰਘ ਸਭਾ

ਐਸਆਈਆਰ ਪ੍ਰਕਿਰਿਆ ਗੈਰ-ਕਾਨੂੰਨੀ ਤੇ ਗੈਰ-ਪਾਰਦਰਸ਼ੀ : ਕੇਂਦਰੀ ਸਿੰਘ ਸਭਾ

ਵੋਟਰਾਂ ਦੇ ਨਾਮ ਕੱਟਣ, ਸੁਣਵਾਈ ਦਾ ਮੌਕਾ ਨਾ ਦੇਣਾ ਅਤੇ ਵਾਧੂ ਦਸਤਾਵੇਜ਼ਾਂ ਦੀ ਮੰਗ ਕਰਨ ਵਰਗੀਆਂ ਕਾਰਵਾਈਆਂ ਲੋਕਤੰਤਰੀ ਹੱਕਾਂ ਨੂੰ ਕਰ ਸਕਦੀ ਪ੍ਰਭਾਵਿਤ : ਜਸਪਾਲ ਸਿੰਘ ਸਿੱਧੂ 

ਚੰਡੀਗੜ੍ਹ, 10 ਅਕਤੂਬਰ (ਮੰਗਤ ਸਿੰਘ ਸੈਦਪੁਰ) : ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਪਿੰਡ ਬਚਾਓ ਪੰਜਾਬ ਬਚਾਓ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਪਲਾਟ ਨੰ. 1, ਸੈਕਟਰ 28-ਏ, ਚੰਡੀਗੜ੍ਹ ਵਿਖੇ ਐਸ.ਆਈ.ਆਰ ਪ੍ਰਕਿਰਿਆ ਸਬੰਧੀ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸਆਈਆਰ) ਪ੍ਰਕਿਰਿਆ ’ਤੇ ਗੰਭੀਰ ਸਵਾਲ ਉਠਾਉਂਦਿਆਂ ਮੰਗ ਕੀਤੀ ਗਈ ਕਿ ਇਸ ਦੌਰਾਨ ਵੋਟਰਾਂ ਦੇ ਅਧਿਕਾਰਾਂ, ਕਾਨੂੰਨੀ ਪ੍ਰਕਿਰਿਆ ਅਤੇ ਚੋਣ ਕਮਿਸ਼ਨ ਦੀ ਪਾਰਦਰਸ਼ਤਾ ਦੀ ਅਣਦੇਖੀ ਕੀਤੇ ਜਾਣ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਡਾ. ਪਿਆਰਾ ਲਾਲ ਗਰਗ ਵੱਲੋਂ ਇੰਡੀਅਨ ਐਕਸਪ੍ਰੈਸ ਦੀ 23 ਸਤੰਬਰ ਨੂੰ ਪ੍ਰਕਾਸ਼ਿਤ ਖੋਜੀ ਰਿਪੋਰਟ ਦੇ ਹਵਾਲੇ ਨਾਲ ਦੋਸ਼ ਲਾਇਆ ਗਿਆ ਹੈ ਕਿ ਵੋਟਰ ਸੂਚੀਆਂ ਵਿੱਚ ਨਾਮ ਜੋੜਨ ਅਤੇ ਹਟਾਉਣ ਦੀਆਂ ਕਾਨੂੰਨੀ ਸ਼ਕਤੀਆਂ ਨੂੰ ਕੇਂਦਰੀਕ੍ਰਿਤ ਕਰਕੇ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਦੀ ਭੂਮਿਕਾ ਸੀਮਤ ਕੀਤੀ ਗਈ। ਡਾ. ਸਾਹਿਬ ਅਨੁਸਾਰ, ਅਜਿਹੀ ਕਾਰਵਾਈ ਲੋਕ ਪ੍ਰਤੀਨਿਧਤਾ ਕਾਨੂੰਨ, 1950 ਅਤੇ ਵੋਟਰ ਰਜਿਸਟ੍ਰੇਸ਼ਨ ਨਿਯਮਾਂ, 1960 ਦੀ ਪਾਲਣਾ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਜਸਪਾਲ ਸਿੰਘ ਸਿੱਧੂ ਨੇ ਕਿਹਾ ਕਿ ਵੋਟਰਾਂ ਦੇ ਨਾਮ ਕੱਟਣ, ਉਨ੍ਹਾਂ ਨੂੰ ਸੁਣਵਾਈ ਦਾ ਮੌਕਾ ਨਾ ਦੇਣ ਅਤੇ ਵਾਧੂ ਦਸਤਾਵੇਜ਼ਾਂ ਦੀ ਮੰਗ ਕਰਨ ਵਰਗੀਆਂ ਕਾਰਵਾਈਆਂ ਲੋਕਤੰਤਰੀ ਹੱਕਾਂ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ। ਪੱਛਮੀ ਬੰਗਾਲ ਸਮੇਤ ਵੱਖ-ਵੱਖ ਰਾਜਾਂ ਵਿੱਚ ਵੋਟਰ ਸੂਚੀਆਂ ਵਿੱਚੋਂ ਵੱਡੀ ਗਿਣਤੀ ਵਿੱਚ ਨਾਮ ਹਟਾਏ ਜਾਣ ਦੇ ਦਾਅਵਿਆਂ ਦੀ ਸੁਤੰਤਰ ਜਾਂਚ ਕਰਵਾਈ ਜਾਵੇ ਅਤੇ ਯੋਗ ਵੋਟਰਾਂ ਦੇ ਨਾਮ ਤੁਰੰਤ ਬਹਾਲ ਕੀਤੇ ਜਾਣ। ਸਰਫੁਦੀਨ ਅਹਿਮਦ ਨੇ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਭੂਮਿਕਾ ਦੀ ਜਾਂਚ ਕਰਕੇ ਜਵਾਬਦੇਹੀ ਤੈਅ ਕੀਤੀ ਜਾਵੇ ਅਤੇ ਉਹ ਅਸਤੀਫ਼ਾ ਦੇਣ। ਐਸਆਈਆਰ ਪ੍ਰਕਿਰਿਆ ਅਤੇ ਇਸ ਦੇ ਆਧਾਰ ’ਤੇ ਤਿਆਰ ਕੀਤੀਆਂ ਵੋਟਰ ਸੂਚੀਆਂ ਦੀ ਕਾਨੂੰਨੀ ਸਮੀਖਿਆ ਕੀਤੀ ਜਾਵੇ। ਚੋਣ ਕਮਿਸ਼ਨ ਦੇ ਫ਼ੈਸਲੇ, ਵੋਟਰ ਸੂਚੀਆਂ ਵਿੱਚ ਤਬਦੀਲੀਆਂ ਅਤੇ ਚੋਣਾਂ ਨਾਲ ਸਬੰਧਤ ਅੰਕੜੇ ਜਨਤਕ ਕੀਤੇ ਜਾਣ। ਕਮਿਸ਼ਨਰਾਂ ਦੀ ਨਿਯੁਕਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਇਆ ਜਾਵੇ ਅਤੇ ਚੋਣ ਪ੍ਰਣਾਲੀ ਵਿੱਚ ਤਕਨੀਕੀ ਤੇ ਪ੍ਰਸ਼ਾਸਕੀ ਕੇਂਦਰੀਕਰਨ ਨੂੰ ਰੋਕਿਆ ਜਾਵੇ। ਜਗਜੀਤ ਸਿੰਘ ਰਤਨਗੜ੍ਹ ਨੇ ਕਿਹਾ ਕਿ ਲੋਕਤੰਤਰ ਦੀ ਭਰੋਸੇਯੋਗਤਾ ਨਿਰਪੱਖ ਚੋਣਾਂ ਅਤੇ ਹਰ ਯੋਗ ਨਾਗਰਿਕ ਦੇ ਵੋਟ ਦੇ ਅਧਿਕਾਰ ਦੀ ਰੱਖਿਆ ’ਤੇ ਨਿਰਭਰ ਕਰਦੀ ਹੈ। ਚੋਣ ਕਮਿਸ਼ਨ ਨੂੰ ਸੰਵਿਧਾਨ ਅਤੇ ਕਾਨੂੰਨ ਅਨੁਸਾਰ ਕੰਮ ਕਰਦਿਆਂ ਪਾਰਦਰਸ਼ਤਾ, ਜਵਾਬਦੇਹੀ ਅਤੇ ਵੋਟਰਾਂ ਦੇ ਅਧਿਕਾਰਾਂ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਡਾ. ਖੁਸ਼ਹਾਲ ਸਿੰਘ (ਜਨਰਲ ਸਕੱਤਰ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ) ਵੱਲੋਂ ਸਮਾਗਮ ਵਿੱਚ ਸ਼ਾਮਿਲ ਹੋਣ ਵਾਲਿਆ ਦਾ ਧੰਨਵਾਦ ਕੀਤਾ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਜਸਟਿਸ ਰਣਜੀਤ ਸਿੰਘ ਵੱਲੋਂ ਕੀਤੀ ਗਈ। ਸੈਮੀਨਾਰ ਵਿੱਚ ਕਰੈਨਲ ਸਿੰਘ ਜਖੇਪਲ, ਪੱਤਰਕਾਰ ਹਮੀਰ ਸਿੰਘ, ਦੀਪਕ ਚਰਨਾਥਲ, ਮਨਪ੍ਰੀਤ ਕੌਰ ਰਾਜਪੁਰਾ, ਕੈਪਟਨ ਵਿਕਰਮ ਸਿੰਘ ਬਾਜਵਾ, ਰਾਜਵਿੰਦਰ ਸਿੰਘ ਰਾਹੀ, ਡਾ, ਬਹਾਦਰ ਸਿੰਘ ਅਤੇ ਕਰਨਲ ਜਗਤਾਰ ਸਿੰਘ ਮੁਲਤਾਨੀ ਆਦਿ ਸ਼ਾਮਿਲ ਹੋਏ।

ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
00917087776975
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.