ਮੀਰੀ ਪੀਰੀ ਖਾਲਸਾ ਮਾਰਚ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਲਈ ਹੋਇਆ ਰਵਾਨਾ

ਮੀਰੀ ਪੀਰੀ ਖਾਲਸਾ ਮਾਰਚ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਲਈ ਹੋਇਆ ਰਵਾਨਾ

ਸ੍ਰੀ ਚਮਕੌਰ ਸਾਹਿਬ ਦੀ ਧਰਤੀ ਸਿੱਖਾਂ ਦੀ ਬਹਾਦਰੀ, ਸਿਦਕ ਤੇ ਸ਼ਹਾਦਤ ਦੀ ਅਦੁੱਤੀ ਮਿਸਾਲ- ਗਿਆਨੀ ਕੁਲਦੀਪ ਸਿੰਘ ਗੜਗੱਜ

ਸ੍ਰੀ ਚਮਕੌਰ ਸਾਹਿਬ/ਅੰਮ੍ਰਿਤਸਰ, 3 ਸਤੰਬਰ- ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ 
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਬੀਤੀ ਰਾਤ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਸ੍ਰੀ ਚਮਕੌਰ ਸਾਹਿਬ ਵਿਖੇ ਵਿਸ਼ਰਾਮ ਕਰਨ ਮਗਰੋਂ ਅੱਜ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਤੋਂ ਪਹਿਲਾਂ ਸਜੇ ਧਾਰਮਿਕ ਦੀਵਾਨ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਗੁਰ-ਇਤਿਹਾਸ ਦੀ ਸਾਂਝ ਪਾਈ ਅਤੇ ਗੁਰਮਤਿ ਅਨੁਸਾਰ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। 


ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਸ੍ਰੀ ਚਮਕੌਰ ਸਾਹਿਬ ਦੀ ਉਹ ਧਰਤੀ ਹੈ, ਜਿਥੇ ਖ਼ਾਲਸੇ ਨੇ ਦੁਨੀਆਂ ਦੇ ਸਾਹਮਣੇ ਅਦੁੱਤੀ ਬਹਾਦਰੀ, ਸਿਦਕ ਅਤੇ ਸ਼ਹਾਦਤ ਦੀ ਮਿਸਾਲ ਕਾਇਮ ਕੀਤੀ। ਇਥੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਸਾਹਿਬਜ਼ਾਦਿਆਂ ਨੂੰ ਹੱਥੀਂ ਜੰਗ ਵੱਲ ਤੋਰਿਆ ਅਤੇ ਸ਼ਹਾਦਤ ਪ੍ਰਾਪਤ ਕਰਨ ’ਤੇ ਜੈਕਾਰੇ ਗੂੰਜਾਏ। ਇਸ ਧਰਤੀ ’ਤੇ ਗੁਰੂ ਸਾਹਿਬ ਦਾ ਥਾਪੜਾ ਲੈ ਕੇ ਗੁਰੂ ਕੇ 40 ਸਿੰਘਾਂ ਨੇ 10 ਲੱਖ ਫ਼ੌਜ ਦਾ ਟਾਕਰਾ ਕੀਤਾ। 


ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਨੌਜੁਆਨੀ ਨੂੰ ਸ਼ਹੀਦਾਂ ਦੀ ਇਸ ਪਾਵਨ ਧਰਤੀ ਤੋਂ ਪ੍ਰੇਰਣਾ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਸਿੱਖ ਸਿਧਾਂਤਾਂ ਦੇ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਸਿੱਖੀ ਤੋਂ ਦੂਰ ਜਾ ਰਹੇ ਨੌਜੁਆਨਾਂ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਚਮਕੌਰ ਸਾਹਿਬ ਦੀ ਗੜ੍ਹੀ ਤੋਂ ਇਹ ਪ੍ਰੇਰਣਾ ਲੈਣ ਦੀ ਲੋੜ ਹੈ ਕਿ ਮੁਸ਼ਕਲਾਂ ਭਾਵੇਂ ਕਿੰਨੀਆਂ ਵੀ ਵੱਡੀਆਂ ਹੋਣ, ਜੇ ਸਾਡੀ ਟੇਕ ਗੁਰੂ ’ਤੇ ਹੈ ਅਤੇ ਇਰਾਦਾ ਦ੍ਰਿੜ੍ਹ ਹੈ ਤਾਂ ਕੋਈ ਤਾਕਤ ਸਾਨੂੰ ਜਿੱਤ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਸਿੱਖ ਦੀ ਵਫ਼ਾਦਾਰੀ ਸ੍ਰੀ ਗੁਰੂ ਗ੍ਰੰਥ ਸਾਹਿਬ, ਗੁਰੂ ਪੰਥ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਹੋਣੀ ਚਾਹੀਦੀ ਹੈ। ਉਨ੍ਹਾਂ ਸੰਗਤਾਂ ਨੂੰ ਬਾਣੀ ਬਾਣੇ ਨਾਲ ਜੁੜਨ ਅਤੇ ਗੁਰਮਤਿ ਦੇ ਧਾਰਨੀ ਹੋਣ ਦੀ ਪ੍ਰੇਰਣਾ ਵੀ ਕੀਤੀ।


ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਨੇ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਰਸਤੇ ਵਿਚ ਸੰਗਤਾਂ ਵੱਲੋਂ ਸਜਾਵਟੀ ਗੇਟ ਬਣਾਏ ਗਏ ਸਨ ਅਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ। ਖ਼ਾਲਸਾ ਮਾਰਚ ਨਾਲ ਚਲ ਰਹੀ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਪ੍ਰਤੀ ਵੀ ਸੰਗਤਾਂ ਅੰਦਰ ਵੱਡਾ ਉਤਸ਼ਾਹ ਸੀ।


ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਿ੍ਰੰਗ ਮੈਂਬਰ ਬੀਬੀ ਹਰਜਿੰਦਰ ਕੌਰ, ਮੈਂਬਰ ਸ. ਅਜਮੇਰ ਸਿੰਘ ਖੇੜਾ, ਸ. ਪਰਮਜੀਤ ਸਿੰਘ ਲੱਖੇਵਾਲ, ਹਲਕਾ ਇੰਚਾਰਜ ਸ. ਮਨਮੋਹਨ ਸਿੰਘ ਸੰਧੂ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਸ. ਇੰਦਰਜੀਤ ਸਿੰਘ ਹੈਪੀ, ਬਾਬਾ ਸਤਨਾਮ ਸਿੰਘ, ਬਾਬਾ ਗੁਰਮੇਲ ਸਿੰਘ, ਬਾਬਾ ਬਲਦੇਵ ਸਿੰਘ ਮੁਸਤਫ਼ਾਪੁਰ, ਬਾਬਾ ਕੁਲਵਿੰਦਰ ਸਿੰਘ, ਸ. ਅੰਮ੍ਰਿਤਪਾਲ ਸਿੰਘ ਰਾਏਪੁਰ, ਹੈੱਡ ਗ੍ਰੰਥੀ ਭਾਈ ਜਸਬੀਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਬਲਦੇਵ ਸਿੰਘ ਮੁਹਾਲੀ, ਇੰਚਾਰਜ ਸ. ਗੁਰਭਾਗ ਸਿੰਘ, ਸ. ਗੁਰਵਿੰਦਰ ਸਿੰਘ ਮੁਹਾਲੀ, ਪ੍ਰਚਾਰਕ ਭਾਈ ਜੀਵਨਜੀਤ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਸਰਬਜੀਤ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.