ਕਲਤੂਰਾ ਸਿੱਖ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਟਲੀ ’ਚ ਦੂਸਰਾ ਵਿਸ਼ਾਲ ਗੁਰਮਤਿ ਸਮਾਗਮ 5 ਸਤੰਬਰ ਨੂੰ

ਕਲਤੂਰਾ ਸਿੱਖ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਟਲੀ ’ਚ ਦੂਸਰਾ ਵਿਸ਼ਾਲ ਗੁਰਮਤਿ ਸਮਾਗਮ 5 ਸਤੰਬਰ ਨੂੰ

ਕਲਤੂਰਾ ਸਿੱਖ ਇਟਲੀ ਅਤੇ ਭਾਈ ਮਨੀ ਸਿੰਘ ਜੀ ਗੁਰਮਤਿ ਵਿਦਿਆਲਾ ਵੱਲੋਂ ਉਪਰਾਲਾ; ਹਜ਼ੂਰੀ ਰਾਗੀ, ਢਾਡੀ ਜਥੇ ਤੇ  ਕੌਮ ਦੇ ਵਿਦਵਾਨ ਸੰਗਤਾਂ ਨਾਲ ਕਰਨਗੇ ਗੁਰਮਤਿ ਵਿਚਾਰਾਂ ਦੀ ਸਾਂਝ

ਰਿਜੋ ਐਮੀਲੀਆ (ਇਟਲੀ) — ਨਜ਼ਰਾਨਾ ਟਾਈਮਜ਼

ਇਟਲੀ ਵਿੱਚ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਅਤੇ ਸਿੱਖੀ ਨੂੰ ਪ੍ਰਫੁੱਲਿਤ ਕਰਨ ਲਈ ਸਰਗਰਮ ਸੰਸਥਾ ਕਲਤੂਰਾ ਸਿੱਖ ਇਟਲੀ ਵੱਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰਾ ਗੁਰਮਤਿ ਸਮਾਗਮ 5 ਸਤੰਬਰ, ਦਿਨ ਸ਼ਨੀਵਾਰ ਨੂੰ ਸੰਤਾ ਇਲਾਰੀਆ ਦੀ ਐਨਜ਼ਾ (ਰਿਜੋ ਐਮੀਲੀਆ) ਵਿਖੇ ਕਰਵਾਇਆ ਜਾ ਰਿਹਾ ਹੈ।
ਇਹ ਗੁਰਮਤਿ ਸਮਾਗਮ ਕਲਤੂਰਾ ਸਿੱਖ ਇਟਲੀ ਅਤੇ ਭਾਈ ਮਨੀ ਸਿੰਘ ਜੀ ਗੁਰਮਤਿ ਵਿਦਿਆਲਾ ਵੱਲੋਂ ਇਟਲੀ ਦੀ ਸਮੂਹ ਸਿੱਖ ਸੰਗਤ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ।
ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸ਼ਹੀਦ ਭਾਈ ਮਨੀ ਸਿੰਘ ਜੀ ਗੁਰਮਤਿ ਵਿਦਿਆਲਾ ਦੇ ਵਿਦਿਆਰਥੀਆਂ ਵੱਲੋਂ ਗੁਰਬਾਣੀ ਦਾ ਜਾਪ ਕੀਤਾ ਜਾਵੇਗਾ।


ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਭਾਈ ਮੱਖਣ ਸਿੰਘ ਜੀ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਢਾਡੀ ਭਾਈ ਹਰਦੀਪ ਸਿੰਘ ਮਾਨੋਚਾਹਲ ਅਤੇ ਉਨ੍ਹਾਂ ਦੇ ਸਾਥੀ, ਅਤੇ ਸੰਤ ਗਿਆਨੀ ਰਾਮ ਸਿੰਘ ਜੀ ਦਮਦਮੀ ਟਕਸਾਲ ਸੰਗਤਾਂ ਨੂੰ ਗੁਰਬਾਣੀ ਕੀਰਤਨ, ਗੁਰੂ ਜਸ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਨਗੇ।
ਕਲਤੂਰਾ ਸਿੱਖ ਇਟਲੀ ਵੱਲੋਂ ਪਿਛਲੇ ਸਾਲ ਤੋਂ ਗੁਰੂ-ਘਰ ਦੀ ਪੁਰਾਤਨ ਮਰਿਆਦਾ ‘ਪਹਿਲੇ ਪੰਗਤ, ਪਾਛੇ ਸੰਗਤ’ ਨੂੰ ਉਤਸ਼ਾਹਿਤ ਕਰਨ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸੇ ਉਪਰਾਲੇ ਤਹਿਤ ਸਮਾਗਮ ਦੌਰਾਨ ਗੁਰੂ ਕੇ ਲੰਗਰ ਸੰਗਤਾਂ ਨੂੰ ਪੰਗਤ ਵਿੱਚ ਬਿਠਾ ਕੇ ਪਿਆਰ ਅਤੇ ਸਤਿਕਾਰ ਨਾਲ ਛਕਾਏ ਜਾਣਗੇ।
ਪ੍ਰਬੰਧਕਾਂ ਵੱਲੋਂ ਇਟਲੀ ਦੀਆਂ ਸਮੂਹ ਧਾਰਮਿਕ ਸੰਸਥਾਵਾਂ, ਗਤਕਾ ਅਕੈਡਮੀਆਂ, ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸਮੂਹ ਸਿੱਖ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਡੀ ਗਿਣਤੀ ਵਿੱਚ ਇਸ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.