ਪਹਿਲਵਾਨ ਸੁਖਜਿੰਦਰ ਸਿੰਘ ਬਰਿੰਦਪੁਰ ਦੀ ਅਗਵਾਈ ਹੇਠ ਵਿਸ਼ਾਲ ਰਾਜ ਪੱਧਰੀ ਸੂਫ਼ੀ ਸੰਤ ਸੰਮੇਲਨ ਸੰਪੰਨ

ਪਹਿਲਵਾਨ ਸੁਖਜਿੰਦਰ ਸਿੰਘ ਬਰਿੰਦਪੁਰ ਦੀ ਅਗਵਾਈ ਹੇਠ ਵਿਸ਼ਾਲ ਰਾਜ ਪੱਧਰੀ ਸੂਫ਼ੀ ਸੰਤ ਸੰਮੇਲਨ ਸੰਪੰਨ

ਦੀਪਕ ਬਾਲੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਸੂਫ਼ੀ ਸੰਤ ਸਮਾਜ ਦੀ ਭਲਾਈ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ’ਤੇ ਦਿੱਤਾ ਜ਼ੋਰ

ਪੰਜਾਬ ਸਰਕਾਰ ਵੱਲੋਂ ਸੂਫ਼ੀ ਸੰਤ ਸਮਾਜ ਭਲਾਈ ਬੋਰਡ ਦਾ ਗਠਨ ਕਰਨਾ ਸੰਤ ਸਮਾਜ ਲਈ ਵੱਡਾ ਸਨਮਾਨ: ਦੀਪਕ ਬਾਲੀ

ਕਪੂਰਥਲਾ, 10 ਅਕਤੂਬਰ ਗੌਰਵ ਮੜੀਆ

ਇਲਾਕੇ ਵਿੱਚ ਅਧਿਆਤਮਿਕਤਾ, ਸ਼ਰਧਾ ਅਤੇ ਆਪਸੀ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਿਆਂ ਇੱਕ ਵਿਸ਼ਾਲ ਅਤੇ ਇਤਿਹਾਸਕ ਰਾਜ ਪੱਧਰੀ ਸੂਫ਼ੀ ਸੰਤ ਸੰਮੇਲਨ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਸਫ਼ਲਤਾਪੂਰਵਕ ਸੰਪੰਨ ਹੋਇਆ। ਸੂਫ਼ੀ ਸੰਤ ਸਮਾਜ ਭਲਾਈ ਬੋਰਡ ਦੇ ਚੇਅਰਮੈਨ ਬਾਬਾ ਦੀਪਕ ਸ਼ਾਹ ਦੀ ਸਰਪ੍ਰਸਤੀ ਅਤੇ ਮਾਰਗਦਰਸ਼ਨ ਹੇਠ ਕਰਵਾਏ ਗਏ ਇਸ ਸੰਮੇਲਨ ਦੀ ਅਗਵਾਈ ਮੁੱਖ ਪ੍ਰਬੰਧਕ ਪਹਿਲਵਾਨ ਸੁਖਜਿੰਦਰ ਸਿੰਘ ਬਰਿੰਦਪੁਰ ਨੇ ਕੀਤੀ। ਸੰਮੇਲਨ ਵਿੱਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਸੰਤ-ਮਹਾਂਪੁਰਖਾਂ, ਪੀਰ-ਫ਼ਕੀਰਾਂ ਅਤੇ ਸੰਗਤਾਂ ਨੇ ਸ਼ਿਰਕਤ ਕਰਦਿਆਂ ਧਾਰਮਿਕ ਏਕਤਾ ਅਤੇ ਸੂਫ਼ੀਆਨਾ ਪਰੰਪਰਾਵਾਂ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸੰਮੇਲਨ ਦੌਰਾਨ ਇਕੱਤਰ ਹੋਏ ਭਾਰੀ ਜਨਸਮੂਹ ਨੂੰ ਸੰਬੋਧਨ ਕਰਦਿਆਂ ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਅਮਨ-ਸ਼ਾਂਤੀ, ਧਾਰਮਿਕ ਸਦਭਾਵਨਾ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਸਦੀਆਂ ਤੋਂ ਸੰਤਾਂ, ਪੀਰਾਂ-ਫ਼ਕੀਰਾਂ ਅਤੇ ਮਹਾਨ ਗੁਰੂਆਂ ਦੀਆਂ ਸਿੱਖਿਆਵਾਂ ਨਾਲ ਰੌਸ਼ਨ ਰਹੀ ਹੈ, ਜਿਨ੍ਹਾਂ ਨੇ ਹਮੇਸ਼ਾ ਮਨੁੱਖਤਾ, ਪਿਆਰ ਅਤੇ ਬਰਾਬਰੀ ਦਾ ਸੁਨੇਹਾ ਦਿੱਤਾ ਹੈ।

ਦੀਪਕ ਬਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਫ਼ੀ ਸੰਤ ਸਮਾਜ ਭਲਾਈ ਬੋਰਡ ਦਾ ਗਠਨ ਕਰਨਾ ਸੂਫ਼ੀ ਸੰਤ ਸਮਾਜ ਪ੍ਰਤੀ ਸਨਮਾਨ ਅਤੇ ਉਨ੍ਹਾਂ ਦੀ ਭਲਾਈ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਸੰਤ ਸਮਾਜ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਅਨਿੱਖੜਵਾਂ ਅੰਗ ਹੈ ਅਤੇ ਸਮਾਜ ਵਿੱਚ ਪਿਆਰ, ਸਦਭਾਵਨਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਸੂਫ਼ੀ ਸੰਤ ਸਮਾਜ ਦੀ ਭਲਾਈ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਲਈ ਸਰਕਾਰ ਵੱਲੋਂ ਵੱਖ-ਵੱਖ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਮੁਹੱਈਆ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਹੈ, ਤਾਂ ਜੋ ਵੱਖ-ਵੱਖ ਧਰਮਾਂ ਨਾਲ ਸਬੰਧਤ ਲੋਕਾਂ ਨੂੰ ਆਪਣੀ ਧਾਰਮਿਕ ਆਸਥਾ ਅਨੁਸਾਰ ਤੀਰਥ ਯਾਤਰਾ ਕਰਨ ਦਾ ਮੌਕਾ ਮਿਲ ਸਕੇ।

ਇਸ ਦੌਰਾਨ ਦੀਪਕ ਬਾਲੀ ਨੇ ਸੰਮੇਲਨ ਦੇ ਸਫ਼ਲ ਆਯੋਜਨ ਲਈ ਸੂਫ਼ੀ ਸੰਤ ਸਮਾਜ ਭਲਾਈ ਬੋਰਡ ਦੇ ਚੇਅਰਮੈਨ ਬਾਬਾ ਦੀਪਕ ਸ਼ਾਹ ਅਤੇ ਮੁੱਖ ਪ੍ਰਬੰਧਕ ਪਹਿਲਵਾਨ ਸੁਖਜਿੰਦਰ ਸਿੰਘ ਬਰਿੰਦਪੁਰ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਅਧਿਆਤਮਿਕ ਸਮਾਗਮ ਸਮਾਜ ਵਿੱਚ ਪਿਆਰ, ਸਦਭਾਵਨਾ, ਏਕਤਾ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਇਸ ਸੰਮੇਲਨ ਨੇ ਸੂਫ਼ੀ ਸੰਤਾਂ ਦੀਆਂ ਸਿੱਖਿਆਵਾਂ, ਮਨੁੱਖਤਾ ਦੀ ਸੇਵਾ ਅਤੇ ਧਾਰਮਿਕ ਸਦਭਾਵਨਾ ਦੇ ਸੁਨੇਹੇ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਮੌਕਾ ਪ੍ਰਦਾਨ ਕੀਤਾ।

Gaurav Maria
Gaurav Maria
+91 98885 43457
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.