ਗੁਰੂ ਅਰਜਨ ਦੇਵ ਪਬਲਿਕ ਸਕੂਲ ’ਚ ਮਨਾਇਆ ਅਧਿਆਪਕ ਦਿਵਸ

ਗੁਰੂ ਅਰਜਨ ਦੇਵ ਪਬਲਿਕ ਸਕੂਲ ’ਚ ਮਨਾਇਆ ਅਧਿਆਪਕ ਦਿਵਸ

ਅਧਿਆਪਕ ਵਿਦਿਆਰਥੀਆਂ ਦੇ ਭਵਿੱਖ ਦੀ ਮਜ਼ਬੂਤ ਨੀਂਹ : ਡਾ.ਪਰਮਿੰਦਰ ਕੌਰ ਖਹਿਰਾ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,6 ਸਤੰਬਰ

ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੁਰੂ ਅਰਜਨ ਦੇਵ ਪਬਲਿਕ ਸਕੂਲ,ਚੋਹਲਾ ਸਾਹਿਬ ਵਿਖੇ ਅਧਿਆਪਕਾਂ ਦੀ ਸਮਾਜ ਅਤੇ ਵਿਦਿਆਰਥੀਆਂ ਦੇ ਜੀਵਨ ਵਿੱਚ ਮਹੱਤਵਪੂਰਨ ਭੂਮਿਕਾ ਨੂੰ ਸਮਰਪਿਤ ‘ਅਧਿਆਪਕ ਦਿਵਸ’ ਬੜੇ ਉਤਸ਼ਾਹ ਅਤੇ ਸਨਮਾਨ ਨਾਲ ਮਨਾਇਆ ਗਿਆ।ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੇ ਸਨਮਾਨ ਵਿੱਚ ਵੱਖ-ਵੱਖ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ।
ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਡਾ.ਪਰਮਿੰਦਰ ਕੌਰ ਖਹਿਰਾ ਨੇ ਦੱਸਿਆ ਕਿ ਭਾਰਤ ਦੇ ਸਾਬਕਾ ਰਾਸ਼ਟਰਪਤੀ,ਮਹਾਨ ਵਿਦਵਾਨ ਅਤੇ ਦਰਸ਼ਨ ਸ਼ਾਸਤਰੀ ਡਾ.ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮਦਿਨ ਨੂੰ ਸਮਰਪਿਤ ਹਰ ਸਾਲ 5 ਸਤੰਬਰ ਨੂੰ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਅਧਿਆਪਕ ਸਿਰਫ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਹੀ ਨਹੀਂ ਦਿੰਦੇ,ਸਗੋਂ ਉਨ੍ਹਾਂ ਦੇ ਚਰਿੱਤਰ ਨਿਰਮਾਣ, ਸੋਚਣ ਦੀ ਸਮਰੱਥਾ ਅਤੇ ਜੀਵਨ ਦੀਆਂ ਕਦਰਾਂ-ਕੀਮਤਾਂ ਨੂੰ ਵਿਕਸਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।
ਉਨ੍ਹਾਂ ਕਿਹਾ ਕਿ ਅਧਿਆਪਕ ਤੋਂ ਬਿਨਾਂ ਨਿਰੋਏ ਅਤੇ ਗਿਆਨਵਾਨ ਸਮਾਜ ਦੀ ਕਲਪਨਾ ਕਰਨੀ ਮੁਸ਼ਕਲ ਹੈ। ਅਧਿਆਪਕ ਉਹ ਮਜ਼ਬੂਤ ਨੀਂਹ ਹਨ,ਜਿਸ ਉੱਪਰ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦਾ ਸਤੰਭ ਖੜ੍ਹਾ ਹੁੰਦਾ ਹੈ।ਇੱਕ ਚੰਗਾ ਅਧਿਆਪਕ ਵਿਦਿਆਰਥੀ ਨੂੰ ਸਿੱਖਿਆ ਦੇ ਨਾਲ-ਨਾਲ ਅਨੁਸ਼ਾਸਨ, ਇਮਾਨਦਾਰੀ ,ਮਿਹਨਤ ਅਤੇ ਚੰਗੇ ਆਚਰਨ ਦੀ ਸਿੱਖਿਆ ਵੀ ਦਿੰਦਾ ਹੈ।
ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਅਧਿਆਪਕ ਦਿਵਸ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਭਾਸ਼ਣ,ਕਵਿਤਾਵਾਂ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ। ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਵੱਲੋਂ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਲਈ ਕੀਤੇ ਜਾਂਦੇ ਯਤਨਾਂ ਦੀ ਸ਼ਲਾਘਾ ਕੀਤੀ।
ਸਮਾਗਮ ਦੌਰਾਨ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਰਵੀ ਇੰਦਰ ਸਿੰਘ ਗਿੱਲ ਅਤੇ ਮੈਡਮ ਹਰਜੀਤ ਕੌਰ ਸੰਧੂ ਵੱਲੋਂ ਸਕੂਲ ਦੇ ਸਮੂਹ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਉਨ੍ਹਾਂ ਕਿਹਾ ਕਿ ਅਧਿਆਪਕ ਕਿਸੇ ਵੀ ਵਿਦਿਅਕ ਸੰਸਥਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਅਧਿਆਪਕਾਂ ਦੀ ਭੂਮਿਕਾ ਬੇਹੱਦ ਅਹਿਮ ਹੈ।
ਸਮਾਗਮ ਵਿੱਚ ਨਵਨੀਤ ਕੌਰ,ਮੈਡਮ ਨਵਪ੍ਰੀਤ ਕੌਰ, ਸਨਦੀਪ ਕੌਰ,ਅਕਾਸ਼ਦੀਪ ਕੌਰ,ਨਰਿੰਦਰ ਕੌਰ, ਸੁਖਵਿੰਦਰ ਕੌਰ,ਹਰਪ੍ਰੀਤ ਕੌਰ,ਜਗਦੀਪ ਕੌਰ,ਰਾਜਵਿੰਦਰ ਕੌਰ, ਜਸ਼ਨਪ੍ਰੀਤ ਕੌਰ,ਮਨਜੀਤ ਕੌਰ,ਮਨਜਿੰਦਰ ਕੌਰ, ਸੁਮਨਪ੍ਰੀਤ ਕੌਰ,ਗੁਰਲੀਨ ਕੌਰ,ਸੰਦੀਪ ਕੌਰ,ਤਰਨਪ੍ਰੀਤ ਕੌਰ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.