ਤਰਨਤਾਰਨ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ਸਬੰਧੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵੱਲੋਂ ਰਾਜਪਾਲ ਨੂੰ ਮੰਗ-ਪੱਤਰ

ਤਰਨਤਾਰਨ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ਸਬੰਧੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵੱਲੋਂ ਰਾਜਪਾਲ ਨੂੰ ਮੰਗ-ਪੱਤਰ

ਨਸ਼ਾ ਤਸਕਰੀ,ਗੈਂਗਸਟਰਵਾਦ ਅਤੇ ਵਪਾਰੀਆਂ ਨੂੰ ਮਿਲ ਰਹੀਆਂ ਧਮਕੀਆਂ ’ਤੇ ਸਖ਼ਤ ਕਾਰਵਾਈ ਦੀ ਮੰਗ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ /ਚੰਡੀਗੜ੍ਹ,29 ਜੂਨ 

ਭਾਰਤੀ ਜਨਤਾ ਪਾਰਟੀ ਤਰਨਤਾਰਨ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਜ਼ਿਲ੍ਹਾ ਤਰਨਤਾਰਨ ਵਿੱਚ ਦਿਨੋਂ-ਦਿਨ ਵਿਗੜ ਰਹੀ ਕਾਨੂੰਨ-ਵਿਵਸਥਾ, ਨਸ਼ਿਆਂ ਦੇ ਵਧਦੇ ਕਾਰੋਬਾਰ, ਗੈਂਗਸਟਰਵਾਦ, ਫਿਰੌਤੀਆਂ ਅਤੇ ਵਪਾਰੀਆਂ ਨੂੰ ਮਿਲ ਰਹੀਆਂ ਧਮਕੀਆਂ ਸਬੰਧੀ ਮੰਗ-ਪੱਤਰ ਸੌਂਪਿਆ।ਉਨ੍ਹਾਂ ਰਾਜਪਾਲ ਨੂੰ ਜ਼ਿਲ੍ਹੇ ਦੇ ਲੋਕਾਂ ਵਿੱਚ ਬਣੇ ਡਰ ਅਤੇ ਅਸੁਰੱਖਿਆ ਦੇ ਮਾਹੌਲ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਸਰਹੱਦੀ ਜ਼ਿਲ੍ਹਾ ਤਰਨਤਾਰਨ ਇਸ ਸਮੇਂ ਬਹੁਤ ਹੀ ਸੰਵੇਦਨਸ਼ੀਲ ਦੌਰ ਵਿੱਚੋਂ ਲੰਘ ਰਿਹਾ ਹੈ। ਨਸ਼ਿਆਂ ਦਾ ਕਾਰੋਬਾਰ ਬੇਖੌਫ਼ ਤਰੀਕੇ ਨਾਲ ਫੈਲ ਰਿਹਾ ਹੈ,ਜਿਸ ਕਾਰਨ ਨੌਜਵਾਨ ਪੀੜ੍ਹੀ ਦਾ ਭਵਿੱਖ ਖਤਰੇ ਵਿੱਚ ਪੈ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਕਈ ਨੌਜਵਾਨ ਆਪਣੀ ਜਾਨ ਗੁਆ ਰਹੇ ਹਨ ਅਤੇ ਅਨੇਕਾਂ ਪਰਿਵਾਰ ਇਸ ਮਾਰੂ ਸਮੱਸਿਆ ਦਾ ਦੁੱਖ ਝੱਲ ਰਹੇ ਹਨ।
ਸੰਧੂ ਨੇ ਕਿਹਾ ਕਿ ਗੈਂਗਸਟਰਾਂ ਵੱਲੋਂ ਵਪਾਰੀਆਂ, ਉਦਯੋਗਪਤੀਆਂ ਅਤੇ ਆਮ ਨਾਗਰਿਕਾਂ ਨੂੰ ਲਗਾਤਾਰ ਫਿਰੌਤੀ ਲਈ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਵਪਾਰੀ, ਕਿਸਾਨ, ਸਮਾਜ ਸੇਵੀ ਅਤੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਕਈ ਲੋਕ ਡਰ ਕਾਰਨ ਖੁੱਲ੍ਹ ਕੇ ਆਪਣੀ ਗੱਲ ਵੀ ਨਹੀਂ ਕਰ ਸਕਦੇ।
ਉਨ੍ਹਾਂ ਕਿਹਾ ਕਿ ਵਪਾਰੀਆਂ ਵਿੱਚ ਇੰਨਾ ਡਰ ਪੈਦਾ ਹੋ ਗਿਆ ਹੈ ਕਿ ਕੁਝ ਵਪਾਰੀ ਪੰਜਾਬ ਛੱਡ ਕੇ ਹੋਰਨਾਂ ਸੂਬਿਆਂ ਵੱਲ ਜਾਣ ਬਾਰੇ ਵੀ ਸੋਚਣ ਲਈ ਮਜਬੂਰ ਹੋ ਰਹੇ ਹਨ। ਇਹ ਸਥਿਤੀ ਨਾ ਸਿਰਫ਼ ਕਾਨੂੰਨ-ਵਿਵਸਥਾ ਲਈ, ਸਗੋਂ ਪੰਜਾਬ ਦੀ ਆਰਥਿਕਤਾ ਲਈ ਵੀ ਚਿੰਤਾ ਦਾ ਵਿਸ਼ਾ ਹੈ।
ਭਾਜਪਾ ਆਗੂ ਨੇ ਮੰਗ ਕੀਤੀ ਕਿ ਤਰਨਤਾਰਨ ਵਿੱਚ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਫਿਰੌਤੀ ਮੰਗਣ ਵਾਲੇ ਅਪਰਾਧਿਕ ਗਿਰੋਹਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨ੍ਹਾਂ ਸਰਹੱਦੀ ਖੇਤਰ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ, ਕਾਨੂੰਨ-ਵਿਵਸਥਾ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਆਮ ਲੋਕਾਂ ਤੇ ਵਪਾਰੀਆਂ ਨੂੰ ਪੂਰੀ ਸੁਰੱਖਿਆ ਪ੍ਰਦਾਨ ਕਰਨ ਦੀ ਵੀ ਮੰਗ ਕੀਤੀ।
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮੰਗ-ਪੱਤਰ ਪ੍ਰਾਪਤ ਕਰਦਿਆਂ ਭਰੋਸਾ ਦਿੱਤਾ ਕਿ ਤਰਨਤਾਰਨ ਨਾਲ ਸੰਬੰਧਿਤ ਉਠਾਏ ਗਏ ਸਾਰੇ ਮੁੱਦਿਆਂ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਲਈ ਨਿਰਦੇਸ਼ ਦਿੱਤੇ ਜਾਣਗੇ।
ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਸਾਗਰ,ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ, ਮੀਤ ਪ੍ਰਧਾਨ ਨੇਤਰਪਾਲ ਸਿੰਘ, ਮਮੀਤ ਪ੍ਰਧਾਨ ਸਤਨਾਮ ਸਿੰਘ ਅਤੇ ਹੋਰ ਭਾਜਪਾ ਆਗੂ ਵੀ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.