ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦਿੱਤਾ ਸਮਰਥਨ

ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦਿੱਤਾ ਸਮਰਥਨ

ਕਿਹਾ; ਬੰਦੀ ਸਿੰਘ ਕੌਮ ਦਾ ਸਰਮਾਇਆ, ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਸਿੰਘਾਂ ਨੂੰ ਮਿਲਣਾ ਚਾਹੀਦਾ ਹੈ ਇਨਸਾਫ਼

ਅੰਮ੍ਰਿਤਸਰ, 14 ਅਗਸਤ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ 

ਕੌਮੀ ਦਰਦ ਨੂੰ ਮਹਿਸੂਸ ਕਰਦਿਆਂ ਸੰਘਰਸ਼ ਦੇ ਰਾਹ ਪਏ ਸਿੱਖ ਨੌਜਵਾਨ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਵੱਡਾ ਹਿੱਸਾ ਜੇਲ੍ਹਾਂ ਵਿੱਚ ਬਿਤਾਇਆ ਹੈ, ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਰਾਜਪਾਲ ਭਵਨ ਤੱਕ ਕੀਤੇ ਜਾਣ ਵਾਲੇ ਰੋਸ ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੂਰਨ ਤੌਰ ’ਤੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨਜ਼ਰਬੰਦ ਸਿੱਖ ਨੌਜਵਾਨਾਂ ਦੇ ਮਾਮਲੇ ਵਿੱਚ ਇਹ ਸਵਾਲ ਅੱਜ ਵੀ ਗੰਭੀਰਤਾ ਨਾਲ ਖੜ੍ਹਾ ਹੈ ਕਿ ਆਪਣੀਆਂ ਨਿਰਧਾਰਤ ਸਜ਼ਾਵਾਂ ਤੋਂ ਕਈ ਗੁਣਾ ਵੱਧ ਸਮਾਂ ਜੇਲ੍ਹਾਂ ਵਿੱਚ ਬਿਤਾ ਚੁੱਕੇ ਸਿੰਘਾਂ ਪ੍ਰਤੀ ਸਰਕਾਰ ਵਿਤਕਰਾ ਕਿਉਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਅਤੇ ਭਾਈ ਗੁਰਦੀਪ ਸਿੰਘ ਖੈੜਾ ਸਮੇਤ ਕਈ ਸਿੰਘ ਲੰਮਾ ਸਮਾਂ ਜੇਲ੍ਹਾਂ ਵਿੱਚ ਬਿਤਾ ਚੁੱਕੇ ਹਨ। ਜਦਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਕਹੇ ਜਾਣ ਮਗਰੋਂ ਵੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਸਬੰਧੀ ਸਰਕਾਰ ਵੱਲੋਂ ਕੋਈ ਫੈਸਲਾ ਨਹੀਂ ਕੀਤਾ ਜਾ ਰਿਹਾ।

ਉਨ੍ਹਾਂ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੇ ਬਜ਼ੁਰਗ ਮਾਤਾ ਜੀ ਦੀ ਸਿਹਤ ਗੰਭੀਰ ਹੈ ਜਿਸ ਦੇ ਮੱਦੇਨਜਰ ਭਾਈ ਹਵਾਰਾ ਲਈ ਪੈਰੋਲ ਮੰਗੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਂ ਅਤੇ ਪੁੱਤਰ ਦਾ ਰਿਸ਼ਤਾ ਬੇਹੱਦ ਪਵਿੱਤਰ ਹੁੰਦਾ ਹੈ ਅਤੇ ਜ਼ਿੰਦਗੀ ਦੇ ਆਖਰੀ ਪੜਾਅ ਵਿੱਚੋਂ ਗੁਜ਼ਰ ਰਹੀ ਮਾਂ ਨੂੰ ਆਪਣੇ ਪੁੱਤਰ ਨਾਲ ਮਿਲਣ ਲਈ ਕੇਵਲ ਇੱਕ ਦਿਨ ਦੀ ਮੁਲਾਕਾਤ ਤੱਕ ਸੀਮਤ ਰੱਖਣ ਲਈ ਸ਼ਰਤਾਂ ਲਗਾਉਣੀਆਂ ਕਿਸੇ ਵੀ ਤਰ੍ਹਾਂ ਠੀਕ ਨਹੀਂ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੰਮੇ ਅਰਸੇ ਬਾਅਦ ਆਪਣੀ ਮਾਤਾ ਨੂੰ ਮਿਲਣ ਦਾ ਮੌਕਾ ਦੇਣ ਲਈ ਮਨੁੱਖੀ ਆਧਾਰ ’ਤੇ ਕੌਮ ਦੀਆਂ ਭਾਵਨਾਵਾਂ ਅਨੁਸਾਰ ਹਮਦਰਦੀ ਭਰਿਆ ਫ਼ੈਸਲਾ ਲੈਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਹਮੇਸ਼ਾਂ ਯਤਨਸ਼ੀਲ ਰਹੀ ਹੈ ਅਤੇ ਅੱਗੇ ਵੀ ਆਪਣੀ ਜ਼ਿੰਮੇਵਾਰੀ ਨਿਭਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਮੋਰਚੇ ਵਾਲੀ ਥਾਂ ਤੋਂ ਗਵਰਨਰ ਹਾਊਸ ਤੱਕ ਕੀਤੇ ਜਾ ਰਹੇ ਮਾਰਚ ਦੀ ਵੀ ਸ਼੍ਰੋਮਣੀ ਕਮੇਟੀ ਪੂਰਨ ਹਮਾਇਤ ਕਰਦੀ ਹੈ। ਇਸ ਸਬੰਧੀ ਪਹਿਲਾਂ ਹੋਈ ਮੀਟਿੰਗ ਵਿਚ ਵੀ ਸ਼੍ਰੋਮਣੀ ਕਮੇਟੀ ਮੈਂਬਰ ਤੇ ਅਧਿਕਾਰੀਆਂ ਨੇ ਪਹੁੰਚ ਕੇ ਮੋਰਚੇ ਨੂੰ ਸਹਿਯੋਗ ਦਾ ਭਰੋਸਾ ਦਿੱਤਾ ਸੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਬੰਦੀ ਸਿੰਘ ਸਾਡਾ ਕੌਮੀ ਸਰਮਾਇਆ ਹਨ, ਜਿਨ੍ਹਾਂ ਨੇ ਲੰਮਾ ਸਮਾਂ ਜੇਲ੍ਹਾਂ ਵਿੱਚ ਬਿਤਾਇਆ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਵੀ ਦਹਾਕਿਆਂ ਤੱਕ ਵਿਛੋੜੇ ਅਤੇ ਪੀੜ ਨੂੰ ਹੰਢਾਇਆ ਹੈ। ਇਸ ਲਈ ਬੰਦੀ ਸਿੰਘਾਂ ਦੇ ਮਾਮਲੇ ਨੂੰ ਕੇਵਲ ਕਾਨੂੰਨੀ ਪ੍ਰਕਿਰਿਆ ਤੱਕ ਸੀਮਤ ਕਰਨ ਦੀ ਬਜਾਏ ਮਨੁੱਖੀ ਅਤੇ ਸੰਵਿਧਾਨਕ ਪੱਖਾਂ ਨੂੰ ਵੀ ਗੰਭੀਰਤਾ ਨਾਲ ਵਿਚਾਰਿਆ ਜਾਣਾ ਚਾਹੀਦਾ ਹੈ।

ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਚੱਲ ਰਹੇ ਸ਼ਾਂਤਮਈ ਅਤੇ ਸੰਵਿਧਾਨਕ ਸੰਘਰਸ਼ ਨੂੰ ਆਪਣਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਪੱਧਰ ’ਤੇ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਜਾਰੀ ਰੱਖੇਗੀ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.