ਵੱਡੀ ਖ਼ਬਰ-ਵਿਧਾਇਕ ਗਿਆਸਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲਿਖਤੀ ਮੁਆਫ਼ੀ ਮੰਗੀ, ਪੇਸ਼ ਹੋਣ ਲਈ ਸਮਾਂ ਮੰਗਿਆ
- ਅੰਤਰਰਾਸ਼ਟਰੀ
- (Asia/Kolkata)
ਲੁਧਿਆਣਾ/ਅੰਮ੍ਰਿਤਸਰ (ਨਜ਼ਰਾਨਾ ਟਾਈਮਜ਼): ਆਮ ਆਦਮੀ ਪਾਰਟੀ ਦੇ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ ਭੇਜ ਕੇ ਲਿਖਤੀ ਮੁਆਫ਼ੀ ਮੰਗੀ ਹੈ। ਉਨ੍ਹਾਂ ਨੇ ਜਾਣੇ-ਅਣਜਾਣੇ ਹੋਈਆਂ ਭੁੱਲਾਂ ਲਈ ਖਿਮਾ ਮੰਗਦਿਆਂ ਧਾਰਮਿਕ ਮਰਿਆਦਾ ਅਨੁਸਾਰ ਤਨਖ਼ਾਹ ਲਗਵਾਉਣ ਲਈ ਪੇਸ਼ ਹੋਣ ਦਾ ਸਮਾਂ ਦੇਣ ਦੀ ਬੇਨਤੀ ਕੀਤੀ ਹੈ।
ਇਹ ਚਿੱਠੀ 2 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੀ ਗਈ ਸੀ, ਜੋ ਹੁਣ ਸਾਹਮਣੇ ਆਈ ਹੈ। ਚਿੱਠੀ ਵਿੱਚ ਗਿਆਸਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਆਪਣੀਆਂ ਗ਼ਲਤੀਆਂ ਲਈ ਖਿਮਾ ਯਾਚਨਾ ਕੀਤੀ ਹੈ।
ਵਿਧਾਇਕ ਵੱਲੋਂ ਚਿੱਠੀ ਭੇਜੇ ਜਾਣ ਤੋਂ ਬਾਅਦ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਗਲੇ ਫ਼ੈਸਲੇ ਦੀ ਉਡੀਕ ਹੈ।
12 ਅਕਤੂਬਰ ਨੂੰ ਸਕੱਤਰੇਤ ਵਿੱਚ ਦਾਖ਼ਲੇ ਤੋਂ ਰੋਕਿਆ ਗਿਆ ਸੀ
12 ਅਕਤੂਬਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਮੰਗ ਪੱਤਰ ਦੇਣ ਗਿਆ ਸੀ। ਇਸ ਦੌਰਾਨ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਉਨ੍ਹਾਂ ਵੱਲੋਂ ਕੀਤੀਆਂ ਟਿੱਪਣੀਆਂ ਕਾਰਨ ਸਕੱਤਰੇਤ ਵਿੱਚ ਦਾਖ਼ਲ ਹੋਣ ਤੋਂ ਰੋਕ ਦਿੱਤਾ ਗਿਆ ਸੀ।
ਗਿਆਸਪੁਰਾ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨੂੰ ਦਲਿਤ ਭਾਈਚਾਰੇ ਨਾਲ ਸਬੰਧਤ ਹੋਣ ਕਾਰਨ ਅੰਦਰ ਨਹੀਂ ਜਾਣ ਦਿੱਤਾ ਗਿਆ। ਉਨ੍ਹਾਂ ਇਹ ਵੀ ਦਾਅਵਾ ਕੀਤਾ ਸੀ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੁਕਮਾਂ ’ਤੇ ਉਨ੍ਹਾਂ ਦਾ ਦਾਖ਼ਲਾ ਰੋਕਿਆ ਗਿਆ ਹੈ।
ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਨੇ ਜਾਤੀ ਵਿਤਕਰੇ ਦੇ ਦੋਸ਼ਾਂ ਨੂੰ ਸਿਰੇ ਤੋਂ ਰੱਦ ਕਰ ਦਿੱਤਾ ਸੀ।
17 ਅਕਤੂਬਰ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ
ਇਸ ਘਟਨਾਕ੍ਰਮ ਮਗਰੋਂ 17 ਅਕਤੂਬਰ ਨੂੰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਨੇ ਆਦੇਸ਼ ਜਾਰੀ ਕਰਕੇ ਲੁਧਿਆਣਾ ਜ਼ਿਲ੍ਹੇ ਦੇ ਪਾਇਲ ਹਲਕੇ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਤਨਖ਼ਾਹੀਆ ਕਰਾਰ ਦਿੱਤਾ ਸੀ।
ਇਹ ਕਾਰਵਾਈ ਜਥੇਦਾਰ ਅਤੇ ਸਿੱਖ ਸੰਸਥਾਵਾਂ ਬਾਰੇ ਉਨ੍ਹਾਂ ਵੱਲੋਂ ਕੀਤੀਆਂ ਟਿੱਪਣੀਆਂ ਨੂੰ ਅਪਮਾਨਜਨਕ ਮੰਨਦਿਆਂ ਕੀਤੀ ਗਈ ਸੀ। ਉਸ ਸਮੇਂ ਸੰਗਤ ਨੂੰ ਵੀ ਗਿਆਸਪੁਰਾ ਨਾਲ ਸਾਂਝ ਰੱਖਣ ਤੋਂ ਗੁਰੇਜ਼ ਕਰਨ ਦੀ ਹਦਾਇਤ ਦਿੱਤੀ ਗਈ ਸੀ।
Leave a Reply