ਗੁਰੂ ਨਾਨਕ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਕਰਮਜੀਤ ਸਿੰਘ 'ਤੇ ਸਖ਼ਤ ਅਤੇ ਮਿਸਾਲੀ ਕਾਰਵਾਈ ਕਰਨ ਜਥੇਦਾਰ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

ਗੁਰੂ ਨਾਨਕ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਕਰਮਜੀਤ ਸਿੰਘ 'ਤੇ ਸਖ਼ਤ ਅਤੇ ਮਿਸਾਲੀ ਕਾਰਵਾਈ ਕਰਨ ਜਥੇਦਾਰ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

ਅੰਮ੍ਰਿਤਸਰ, 14 ਅਗਸਤ ,ਜੁਗਰਾਜ ਸਿੰਘ ਸਰਹਾਲੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾਕਟਰ ਕਰਮਜੀਤ ਸਿੰਘ ਨੂੰ ਸਿੱਖਾਂ ਦੀ ਵਿਲੱਖਣ ਹੋਂਦ-ਹਸਤੀ ਉੱਤੇ ਸੱਟ ਮਾਰਨ ਕਰਕੇ ਤਲਬ ਕਰ ਲਿਆ ਹੈ ਤੇ ਆਦੇਸ਼ ਦਿੱਤਾ ਹੈ ਕਿ ਉਹ ਆਪਣਾ ਲਿਖਤੀ ਸਪੱਸ਼ਟੀਕਰਨ ਪੰਦਰਾਂ ਦਿਨਾਂ ਦੇ ਅੰਦਰ-ਅੰਦਰ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਦੇਣ। ਇਸ ਫ਼ੈਸਲੇ ਦਾ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਭਰਪੂਰ ਸਵਾਗਤ ਕਰਦਿਆਂ ਕਿਹਾ ਕਿ ਪੰਥਕ ਪ੍ਰੰਪਰਾਵਾਂ ਅਨੁਸਾਰ ਡਾਕਟਰ ਕਰਮਜੀਤ ਸਿੰਘ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ ਜਾਵੇ ਤਾਂ ਜੋ ਕੋਈ ਹੋਰ ਵਿਅਕਤੀ ਅਤੇ ਸੰਸਥਾ ਸਿੱਖ ਕੌਮ ਉੱਤੇ ਸਿਧਾਂਤਕ ਹਮਲੇ ਕਰਨ ਦਾ ਹੀਆ ਨਾ ਕਰ ਸਕੇ।

ਜ਼ਿਕਰਯੋਗ ਹੈ ਕਿ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ, ਯੂਨਾਈਟਿਡ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਸੱਥ ਵੱਲੋਂ ਡਾਕਟਰ ਕਰਮਜੀਤ ਸਿੰਘ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਲਿਖਤੀ ਸ਼ਿਕਾਇਤ ਕੀਤੀ ਗਈ ਸੀ ਜਿਸ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਦੇ ਸੇਵਾ ਨਿਯਮ ਘੜਨ ਵਾਲੀ ਕਮੇਟੀ ਵਿੱਚੋਂ ਡਾਕਟਰ ਕਰਮਜੀਤ ਸਿੰਘ ਨੂੰ ਤੁਰੰਤ ਹਟਾ ਦਿੱਤਾ ਸੀ।

ਫੈਡਰੇਸ਼ਨ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ ਵਿੱਚ ਵਾਈਸ ਚਾਂਸਲਰ ਕਰਮਜੀਤ ਸਿੰਘ ਨੇ ਸਿੱਖ ਵਿਰੋਧੀ ਜਮਾਤ ਆਰ.ਐੱਸ.ਐੱਸ. ਦੇ ਮੁਖੀ ਮੋਹਨ ਭਾਗਵਤ ਨੂੰ ਖ਼ੁਸ਼ ਕਰਦਿਆਂ ਗੁਰੂ ਨਾਨਕ ਸਾਹਿਬ ਦੀ ਵਿਚਾਰਧਾਰਾ, ਸਿਧਾਂਤ, ਗਿਆਨ ਅਤੇ ਫ਼ਲਸਫ਼ੇ ਨੂੰ ਸਨਾਤਨ/ਹਿੰਦੂ ਮੱਤ ਦੇ ਵੇਦਾਂ ਨਾਲ ਜੋੜਨ ਦਾ ਭਾਰੀ ਗੁਨਾਹ ਕੀਤਾ ਸੀ। ਇਹ ਇੱਕ ਸਾਜ਼ਿਸ਼ ਤਹਿਤ ਸਿੱਖੀ ਦਾ ਹਿੰਦੂਕਰਨ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਇਹ ਸਿੱਖੀ ਦੇ ਨਿਆਰੇਪਨ, ਅੱਡਰੀ ਹੋਂਦ-ਹਸਤੀ ਅਤੇ ਵਿਲੱਖਣ ਪਹਿਚਾਣ ਉੱਤੇ ਘਾਤਕ ਹਮਲਾ ਹੈ। ਆਰ.ਐੱਸ.ਐੱਸ. ਨਾਲ ਸੰਬੰਧਤ ਇਹ ਲੋਕ ਵਿੱਦਿਅਕ ਸੰਸਥਾਵਾਂ ਉੱਤੇ ਕਾਬਜ਼ ਹੋ ਕੇ ਸਿੱਖਿਆ ਪ੍ਰਣਾਲੀ ਰਾਹੀਂ ਗੁਰਮਤਿ ਵਿਚਾਰਧਾਰਾ ਨੂੰ ਬਦਲਣ ਅਤੇ ਹਿੰਦੂ ਮੱਤ 'ਚ ਰਲਗੱਡ ਕਰਨਾ ਚਾਹੁੰਦੇ ਹਨ ਜੋ ਸਿੱਖ ਕੌਮ ਲਈ ਬਰਦਾਸ਼ਤਯੋਗ ਨਹੀਂ ਹੈ। ਡਾਕਟਰ ਕਰਮਜੀਤ ਸਿੰਘ ਨੂੰ ਵਾਈਸ ਚਾਂਸਲਰ ਦੇ ਅਹੁਦੇ ਤੋਂ ਵੀ ਤੁਰੰਤ ਹਟਾਉਣ ਦੇ ਯਤਨ ਕੀਤੇ ਜਾਣੇ ਚਾਹੀਦੇ ਹਨ।