ਭਾਈ ਹਰਮਿੰਦਰ ਸਿੰਘ ਸੰਧੂ ਇੱਕ ਦੂਰਅੰਦੇਸ਼ ਅਤੇ ਸੂਝਵਾਨ ਆਗੂ ਸਨ- ਸਿਮਰਨਜੀਤ ਸਿੰਘ ਮਾਨ

ਭਾਈ ਹਰਮਿੰਦਰ ਸਿੰਘ ਸੰਧੂ ਇੱਕ ਦੂਰਅੰਦੇਸ਼ ਅਤੇ ਸੂਝਵਾਨ ਆਗੂ ਸਨ- ਸਿਮਰਨਜੀਤ ਸਿੰਘ ਮਾਨ

ਅੰਮ੍ਰਿਤਸਰ, ਨਜ਼ਰਾਨਾ ਟਾਈਮਜ-ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੰਮ੍ਰਿਤਸਰ ਦੇ 13 ਸਿੰਘ ਸ਼ਹੀਦ ਗੁਰਦੁਆਰਾ ਵਿਖੇ ਸ਼ਹੀਦ ਭਾਈ ਹਰਮਿੰਦਰ ਸਿੰਘ ਸੰਧੂ ਦੇ ਜੀਵਨ ਅਤੇ ਵਿਚਾਰਾਂ ਨੂੰ ਸਮਰਪਿਤ ਸੈਮੀਨਾਰ ਵਿੱਚ ਸ਼ਿਰਕਤ ਕਰਨ ਉਪਰੰਤ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਸਿਆਸੀ ਅਤੇ ਪੰਥਕ ਮਸਲਿਆਂ ‘ਤੇ ਖੁੱਲ੍ਹ ਕੇ ਆਪਣੀ ਰਾਏ ਰੱਖੀ। ਮਾਨ ਨੇ ਕਿਹਾ ਕਿ ਭਾਈ ਹਰਮਿੰਦਰ ਸਿੰਘ ਸੰਧੂ ਇੱਕ ਦੂਰਅੰਦੇਸ਼ ਅਤੇ ਸੂਝਵਾਨ ਆਗੂ ਸਨ, ਜਿਨ੍ਹਾਂ ਨੇ ਪਿੰਡ ਪੱਧਰ ‘ਤੇ ਪੰਚਾਇਤਾਂ ਰਾਹੀਂ ਸਿੱਖ ਇਨਕਲਾਬ ਦੀ ਮਜ਼ਬੂਤ ਨੀਂਹ ਰੱਖਣ ਦੀ ਸੋਚ ਦਿੱਤੀ ਸੀ।

 ਉਨ੍ਹਾਂ ਕਿਹਾ ਕਿ ਅੱਜ ਵੀ ਨੌਜਵਾਨਾਂ ਨੂੰ ਵਿਚਾਰਧਾਰਕ ਟ੍ਰੇਨਿੰਗ ਦੀ ਲੋੜ ਹੈ। ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਧਮਾਕਿਆਂ ਦੇ ਮਾਮਲੇ ‘ਤੇ ਬੋਲਦਿਆਂ ਮਾਨ ਨੇ ਕਿਹਾ ਕਿ ਜੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਟਕਰਾਅ ਵਧਦਾ ਹੈ ਤਾਂ ਇਸ ਦਾ ਸਭ ਤੋਂ ਵੱਡਾ ਨੁਕਸਾਨ ਪੰਜਾਬ ਅਤੇ ਪੰਜਾਬੀਆਂ ਨੂੰ ਝੱਲਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੰਦੂ, ਸਿੱਖ ਅਤੇ ਮੁਸਲਮਾਨਾਂ ਨੂੰ ਇਕੱਠੇ ਹੋ ਕੇ ਅਮਨ ਅਤੇ ਪੰਜਾਬੀਅਤ ਦੀ ਰੱਖਿਆ ਲਈ ਅੱਗੇ ਆਉਣਾ ਚਾਹੀਦਾ ਹੈ। ਮਾਨ ਨੇ ਪੰਜਾਬੀ ਭਾਸ਼ਾ ਦੇ ਮਸਲੇ ‘ਤੇ ਵੀ ਚਿੰਤਾ ਜਤਾਈ ਅਤੇ ਲੋਕਾਂ ਨੂੰ ਆਪਣੀ ਮਾਂ-ਬੋਲੀ ਪੰਜਾਬੀ ਨੂੰ ਪਹਿਲ ਦੇਣ ਦੀ ਅਪੀਲ ਕੀਤੀ।

 ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਤੋਂ ਦੂਰ ਹੋਣ ਕਾਰਨ ਪੰਜਾਬ ਦੇ ਕਈ ਇਲਾਕੇ ਵੱਖ ਹੋ ਗਏ। ਐਸਜੀਪੀਸੀ ਚੋਣਾਂ ਦੇ ਮਸਲੇ ‘ਤੇ ਮਾਨ ਨੇ ਕਿਹਾ ਕਿ 14 ਸਾਲਾਂ ਤੋਂ ਚੋਣਾਂ ਨਾ ਹੋਣ ਕਾਰਨ ਐਸਜੀਪੀਸੀ ਦੀ ਮਿਆਦ ਖਤਮ ਹੋ ਚੁੱਕੀ ਹੈ ਅਤੇ ਇਹ ਹੁਣ “ਲੇਮ ਡੱਕ ਪਾਰਲੀਮੈਂਟ” ਬਣ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਜਮਹੂਰੀਅਤ ਨੂੰ ਬਹਾਲ ਕਰਨ ਲਈ ਤੁਰੰਤ ਚੋਣਾਂ ਹੋਣੀਆਂ ਚਾਹੀਦੀਆਂ ਹਨ। ਬੇਅਦਬੀ ਕਾਨੂੰਨ ਸਬੰਧੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਅਕਾਲ ਤਖ਼ਤ ਸਾਹਿਬ ਵਿਚਾਲੇ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਿਆ ਜਾਣਾ ਚਾਹੀਦਾ ਹੈ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.