ਪਿੰਡ ਬੁੱਟਰ ਕਲਾਂ ਤੇ ਬੱਦੋਵਾਲ ਦੀਆਂ ਸੰਗਤਾਂ ਵੱਲੋਂ ਸੰਤ ਬਾਬਾ ਸੁੱਖਾ ਸਿੰਘ ਜੀ ਦਾ ਵਿਸ਼ੇਸ਼ ਸਨਮਾਨ

ਪਿੰਡ ਬੁੱਟਰ ਕਲਾਂ ਤੇ ਬੱਦੋਵਾਲ ਦੀਆਂ ਸੰਗਤਾਂ ਵੱਲੋਂ ਸੰਤ ਬਾਬਾ ਸੁੱਖਾ ਸਿੰਘ ਜੀ ਦਾ ਵਿਸ਼ੇਸ਼ ਸਨਮਾਨ

ਮਾਨਵਤਾ ਦੀ ਸੇਵਾ ਅਤੇ ਵਾਤਾਵਰਨ ਸੰਭਾਲ ਦੇ ਕਾਰਜਾਂ ਲਈ ਸੰਤ ਬਾਬਾ ਸੁੱਖਾ ਸਿੰਘ ਜੀ ਦੀ ਕੀਤੀ ਸ਼ਲਾਘਾ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ, 21 ਨਵੰਬਰ।

ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਜੀ ਵੱਲੋਂ ਮਾਨਵਤਾ ਦੀ ਭਲਾਈ, ਵਾਤਾਵਰਣ ਦੀ ਸੰਭਾਲ ਅਤੇ ਕੁਦਰਤੀ ਆਫ਼ਤਾਂ ਸਮੇਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦਿਆਂ ਪਿੰਡ ਬੁੱਟਰ ਕਲਾਂ ਅਤੇ ਬੱਦੋਵਾਲ ਦੀਆਂ ਸੰਗਤਾਂ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।ਇਨ੍ਹੀਂ ਦਿਨੀਂ ਬਾਬਾ ਸੁੱਖਾ ਸਿੰਘ ਜੀ ਮਾਝੇ ਦੇ ਵੱਖ-ਵੱਖ ਪਿੰਡਾਂ ਵਿੱਚ ਗੁਰਮਤਿ ਪ੍ਰਚਾਰ ਫੇਰੀ ਕਰ ਰਹੇ ਹਨ। ਇਸੇ ਲੜੀ ਤਹਿਤ ਅੱਜ ਉਹ ਮਹਿਤਾ ਇਲਾਕੇ ਦੇ ਪਿੰਡਾਂ ਵਿੱਚ ਪਹੁੰਚੇ,ਜਿੱਥੇ ਸੰਗਤਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਜਥੇਦਾਰ ਉਪਕਾਰ ਸਿੰਘ ਨੇ ਕਿਹਾ ਕਿ ਸੰਤ ਬਾਬਾ ਸੁੱਖਾ ਸਿੰਘ ਜੀ ਵੱਲੋਂ ਸੇਵਾ ਦੇ ਖੇਤਰ ਵਿੱਚ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜ ਬੇਹੱਦ ਸ਼ਲਾਘਾਯੋਗ ਹਨ।ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਬਾਬਾ ਜੀ ਵੱਲੋਂ ਕੀਤੇ ਜਾ ਰਹੇ ਉਪਰਾਲੇ ਸਮਾਜ ਲਈ ਪ੍ਰੇਰਨਾ ਸਰੋਤ ਹਨ।ਹਰ ਸਾਲ ਵੱਡੀ ਪੱਧਰ ’ਤੇ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ-ਸੰਭਾਲ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾਂਦੇ ਹਨ।ਹਰਿਆਲੀ ਮਿਸ਼ਨ ਤਹਿਤ ਸੜਕਾਂ ਦੇ ਕਿਨਾਰਿਆਂ,ਧਾਰਮਿਕ ਅਸਥਾਨਾਂ,ਸਕੂਲਾਂ ਅਤੇ ਹੋਰ ਜਨਤਕ ਥਾਵਾਂ ’ਤੇ ਬੂਟੇ ਲਗਾ ਕੇ ਲੋਕਾਂ ਨੂੰ ਵਾਤਾਵਰਣ ਦੀ ਸੁਰੱਖਿਆ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਵਾਤਾਵਰਣ ਸੰਭਾਲ ਦੇ ਨਾਲ-ਨਾਲ ਕੁਦਰਤੀ ਆਫ਼ਤਾਂ ਸਮੇਂ ਵੀ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵੱਲੋਂ ਮਾਨਵਤਾ ਦੀ ਸੇਵਾ ਲਈ ਮੋਹਰੀ ਭੂਮਿਕਾ ਨਿਭਾਈ ਜਾਂਦੀ ਹੈ।ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਸੰਪਰਦਾਇ ਵੱਲੋਂ ਵੱਡੇ ਪੱਧਰ ’ਤੇ ਰਾਹਤ ਅਤੇ ਬਚਾਅ ਕਾਰਜ ਕੀਤੇ ਗਏ।ਇਸ ਦੌਰਾਨ ਦਿਨ-ਰਾਤ ਇੱਕ ਕਰਕੇ ਦਰਿਆਵਾਂ ਦੇ ਟੁੱਟੇ ਬੰਨ੍ਹਾਂ ਦੀ ਮੁਰੰਮਤ ਕਰਵਾਈ ਗਈ ਅਤੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਮੁੜ ਖੇਤੀਯੋਗ ਬਣਾਉਣ ਲਈ ਮਿੱਟੀ ਪਾਉਣ ਅਤੇ ਹੋਰ ਲੋੜੀਂਦੇ ਕਾਰਜ ਕੀਤੇ ਗਏ।ਇਸ ਤੋਂ ਇਲਾਵਾ ਕਿਸਾਨਾਂ ਦੇ ਖੇਤਾਂ ਵਿੱਚ ਕਣਕ ਦੀ ਬਿਜਾਈ ਕਰਵਾਉਣ ਵਿੱਚ ਵੀ ਸਹਿਯੋਗ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਸੰਤ ਬਾਬਾ ਸੁੱਖਾ ਸਿੰਘ ਜੀ ਵੱਲੋਂ ਨਿਰਸਵਾਰਥ ਭਾਵਨਾ ਨਾਲ ਨਿਭਾਈਆਂ ਜਾ ਰਹੀਆਂ ਇਹ ਸੇਵਾਵਾਂ ਦੀ ਦੇਸ਼-ਵਿਦੇਸ਼ ਵਿੱਚ ਸ਼ਲਾਘਾ ਹੋ ਰਹੀ ਹੈ।ਉਨ੍ਹਾਂ ਦੀ ਅਗਵਾਈ ਹੇਠ ਕੀਤੇ ਜਾ ਰਹੇ ਸੇਵਾ ਕਾਰਜ ਸਮਾਜ ਨੂੰ ਵਾਤਾਵਰਣ ਦੀ ਸੰਭਾਲ ਅਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ ਦਾ ਸੁਨੇਹਾ ਦਿੰਦੇ ਹਨ।

ਇਸ ਮੌਕੇ ਪਿੰਡ ਬੁੱਟਰ ਕਲਾਂ ਤੋਂ ਭਾਈ ਸੰਦੀਪ ਸਿੰਘ, ਭਾਈ ਸੁਬੇਗ ਸਿੰਘ (ਬਾਈਟ ਇੰਮੀਗ੍ਰੇਸ਼ਨ,ਮਹਿਤਾ), ਉਪਕਾਰ ਸਿੰਘ,ਹਰਜੀਤ ਸਿੰਘ,ਗੁਰਿੰਦਰ ਸਿੰਘ, ਹਰਦੇਵ ਸਿੰਘ, ਪਰਮਜੀਤ ਸਿੰਘ,ਬਲਜੀਤ ਸਿੰਘ, ਸੁਖਦੇਵ ਸਿੰਘ,ਬਾਬਾ ਗੁਰਮੀਤ ਸਿੰਘ (ਸਾਬਕਾ ਸਰਪੰਚ ਬੱਦੋਵਾਲ),ਜਗਮੋਹਨ ਸਿੰਘ,ਬਾਬਾ ਬਲਦੇਵ ਸਿੰਘ, ਜਥੇਦਾਰ ਬੀਰਾ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਅਤੇ ਸੰਗਤਾਂ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.