ਮੀਓਵਾਲ-ਤਲਵਣ ਰੋਡ ’ਤੇ ਖੜ੍ਹਾ ਘਰਾਂ ਦਾ ਗੰਦਾ ਪਾਣੀ, ਬਿਮਾਰੀਆਂ ਫੈਲਣ ਦਾ ਖ਼ਤਰਾ ਵਧਿਆ
- ਰਾਜਨੀਤੀ
- (Asia/Kolkata)
ਸੀਵਰੇਜ ਦੇ ਮਾੜੇ ਪ੍ਰਬੰਧਾਂ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ, ਬਸਪਾ ਹਲਕਾ ਫਿਲੌਰ ਦੇ ਇੰਚਾਰਜ ਖੁਸ਼ੀ ਰਾਮ ਨੇ ਚੁੱਕਿਆ ਮੁੱਦਾ
ਅੱਪਰਾ , 3 ਸਤੰਬਰ (ਤੀਰਥ ਸਿੰਘ ਮੈਂਗੜ੍ਹਾ)- ਮੀਓਵਾਲ-ਤਲਵਣ ਰੋਡ ’ਤੇ ਸੀਵਰੇਜ ਦੇ ਮਾੜੇ ਪ੍ਰਬੰਧਾਂ ਕਾਰਨ ਘਰਾਂ ਦਾ ਗੰਦਾ ਪਾਣੀ ਸੜਕ ’ਤੇ ਖੜ੍ਹਾ ਹੋਣ ਨਾਲ ਇਲਾਕਾ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ’ਤੇ ਲੰਬੇ ਸਮੇਂ ਤੋਂ ਖੜ੍ਹੇ ਗੰਦੇ ਪਾਣੀ ਕਾਰਨ ਜਿੱਥੇ ਆਉਣ-ਜਾਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਪੇਸ਼ ਆ ਰਹੀਆਂ ਹਨ, ਉੱਥੇ ਹੀ ਗੰਦਗੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵਧ ਗਿਆ ਹੈ।
ਸੜਕ ਦੀਆਂ ਤਸਵੀਰਾਂ ਤੋਂ ਸਾਫ਼ ਦਿਖਾਈ ਦੇ ਰਿਹਾ ਹੈ ਕਿ ਵੱਡੀ ਮਾਤਰਾ ਵਿੱਚ ਗੰਦਾ ਪਾਣੀ ਸੜਕ ’ਤੇ ਖੜ੍ਹਾ ਹੈ ਅਤੇ ਲੋਕਾਂ ਨੂੰ ਇਸੇ ਗੰਦੇ ਪਾਣੀ ਵਿੱਚੋਂ ਲੰਘਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਮੀਂਹ ਪੈਣ ਤੋਂ ਬਾਅਦ ਸਥਿਤੀ ਹੋਰ ਵੀ ਗੰਭੀਰ ਹੋ ਜਾਂਦੀ ਹੈ ਅਤੇ ਸੜਕ ’ਤੇ ਚਿੱਕੜ ਅਤੇ ਦਲਦਲ ਵਰਗੀ ਸਥਿਤੀ ਬਣ ਜਾਂਦੀ ਹੈ।
ਇਸ ਗੰਭੀਰ ਸਮੱਸਿਆ ਨੂੰ ਲੈ ਕੇ ਬਸਪਾ ਦੇ ਸੂਬਾ ਸਕੱਤਰ ਇੰਚਾਰਜ ਵਿਧਾਨ ਸਭਾ ਹਲਕਾ ਫਿਲੌਰ ਦੇ ਇੰਚਾਰਜ ਖੁਸ਼ੀ ਰਾਮ ਵੱਲੋਂ ਆਵਾਜ਼ ਉਠਾਉਂਦਿਆਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਸੀਵਰੇਜ ਦੇ ਨਿਕਾਸ ਦਾ ਪੱਕਾ ਪ੍ਰਬੰਧ ਕਰਕੇ ਲੋਕਾਂ ਨੂੰ ਇਸ ਨਰਕ ਭਰੀ ਜ਼ਿੰਦਗੀ ਤੋਂ ਰਾਹਤ ਦਿਵਾਈ ਜਾਵੇ।
ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਗੰਦੇ ਪਾਣੀ ਦੀ ਸਮੱਸਿਆ ਬਣੀ ਹੋਈ ਹੈ, ਪਰ ਇਸ ਦੇ ਬਾਵਜੂਦ ਸਬੰਧਤ ਵਿਭਾਗ ਵੱਲੋਂ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਲੋਕਾਂ ਨੇ ਚਿੰਤਾ ਜ਼ਾਹਿਰ ਕੀਤੀ ਕਿ ਜੇਕਰ ਗੰਦੇ ਪਾਣੀ ਦਾ ਜਲਦ ਨਿਕਾਸ ਨਾ ਕੀਤਾ ਗਿਆ ਤਾਂ ਇਸ ਕਾਰਨ ਗੰਭੀਰ ਬਿਮਾਰੀਆਂ ਫੈਲਣ ਦਾ ਖ਼ਤਰਾ ਹੋਰ ਵਧ ਸਕਦਾ ਹੈ।
ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੀਓਵਾਲ-ਤਲਵਣ ਰੋਡ ’ਤੇ ਖੜ੍ਹੇ ਗੰਦੇ ਪਾਣੀ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।ਇਸ ਮੌਕੇ ਉਨ੍ਹਾਂ ਨਾਲ ਨਵਦੀਪ ਕੁਮਾਰ ਬਲਾਕ ਸੰਮਤੀ ਮੈਂਬਰ,ਵਿਪਨ ਕੁਮਾਰ, ਪਰਮਜੀਤ ਕੁਮਾਰ ਕਾਲਾ, ਕਸ਼ਮੀਰੀ ਲਾਲ , ਅਮਨ ਸੁਮਨ, ਮਨੋਹਰ ਲਾਲ ਭੋਰਾ, ਪੋਲਾ ਰਾਮ ਮੈਂਬਰ , ਰਜਿੰਦਰ ਸੁਮਨ, ਹਰਭਜਨ ਲਾਲ ਆਦਿ ਹਾਜ਼ਰ ਸਨ
Leave a Reply