ਮੀਰੀ ਪੀਰੀ ਖਾਲਸਾ ਮਾਰਚ ਦੇ ਦੂਜੇ ਪੜਾਅ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਖਾ਼ਲਸਾਈ ਜਾਹੋ ਜਲਾਲ ਨਾਲ ਹੋਈ ਆਰੰਭਤਾ

ਮੀਰੀ ਪੀਰੀ ਖਾਲਸਾ ਮਾਰਚ ਦੇ ਦੂਜੇ ਪੜਾਅ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਖਾ਼ਲਸਾਈ ਜਾਹੋ ਜਲਾਲ ਨਾਲ ਹੋਈ ਆਰੰਭਤਾ

ਕੌਮ ਨੂੰ ਗੁਰੂ ਦੋਖੀ ਅਤੇ ਖਾਲਸਾ ਪੰਥ ਵਿਰੋਧੀ ਸੋਚ ਨੂੰ ਪਹਿਚਾਨਣ ਦੀ ਲੋੜ - ਗਿਆਨੀ ਕੁਲਦੀਪ ਸਿੰਘ ਗੜਗੱਜ

ਖਾਲਸਾ ਮਾਰਚ ਪ੍ਰਤੀ ਸੰਗਤਾਂ ਦਾ ਉਤਸ਼ਾਹ ਦਰਸਾਉਂਦਾ ਹੈ ਕਿ ਸਿੱਖ ਹਮੇਸ਼ਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ - ਐਡਵੋਕੇਟ ਧਾਮੀ

ਖਾਲਸਾ ਮਾਰਚ ਦੇ ਵੱਖ ਵੱਖ ਪੜਾਵਾਂ ਤੇ ਪਰਿਵਾਰਾਂ ਸਮੇਤ ਸ਼ਾਮਲ ਹੋਣ ਸੰਗਤਾਂ -ਜਥੇਦਾਰ ਬਾਬਾ ਟੇਕ ਸਿੰਘ

ਤਲਵੰਡੀ ਸਾਬੋ/ਅੰਮ੍ਰਿਤਸਰ, 23 ਅਗਸਤ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ 

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਸਿਧਾਂਤ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ, ਪੰਥਕ ਪਰੰਪਰਾਵਾਂ ਪ੍ਰਤੀ ਸਮਰਪਣ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣ ਅਤੇ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਕਰਨ ਦੇ ਉਦੇਸ਼ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਮੀਰੀ ਪੀਰੀ ਖਾਲਸਾ ਮਾਰਚ ਦੇ ਦੂਜੇ ਪੜਾਅ ਦੀ ਆਰੰਭਤਾ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਖਾ਼ਲਸਾਈ ਜਾਹੋ ਜਲਾਲ ਨਾਲ ਹੋਈ। ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਇਹ ਮਾਰਚ 4 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ।

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਸਿਧਾਂਤ ਤੋਂ ਅਨਜਾਣ ਲੋਕ ਧਰਮ ਤੇ ਸਿਆਸਤ ਨੂੰ ਵੱਖ ਕਰਨ ਦੀ ਗੱਲ ਕਰਦੇ ਹਨ, ਜਦਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕਰਕੇ ਸਿੱਖਾਂ ਨੂੰ ਮੀਰੀ ਪੀਰੀ ਦਾ ਸਿਧਾਂਤ ਬਖਸ਼ਿਸ਼ ਕੀਤਾ। ਮੀਰੀ-ਪੀਰੀ ਦਾ ਸਿਧਾਂਤ ਸਾਨੂੰ ਅਧਿਆਤਮਿਕਤਾ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀ, ਚੜ੍ਹਦੀ ਕਲਾ ਅਤੇ ਜ਼ੁਲਮ ਵਿਰੁੱਧ ਡਟ ਕੇ ਖੜ੍ਹਨ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਥ ਵਿਰੋਧੀ ਸ਼ਕਤੀਆਂ ਵੱਲੋਂ ਸਿੱਖ ਸੰਸਥਾਵਾਂ ਅਤੇ ਵਿਰਾਸਤ ਨੂੰ ਕੰਮਜ਼ੋਰ ਕਰਨ ਦਾ ਯਤਨ ਹੋ ਰਿਹਾ ਹੈ। 

ਉਨ੍ਹਾਂ ਕਿਹਾ ਕਿ ਅੱਜ ਕੌਮ ਨੂੰ ਗੁਰੂ ਦੋਖੀ ਅਤੇ ਖਾਲਸਾ ਪੰਥ ਵਿਰੋਧੀ ਇਸ ਸੋਚ ਨੂੰ ਪਹਿਚਾਨਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਸਿੱਖ ਦੀ ਆਸਥਾ ਦਾ ਕੇਂਦਰ ਹੈ ਜਿਥੇ ਨਤਮਸਤਕ ਹੋਣ ਆਏ ਕਿਸੇ ਵੀ ਸ਼ਰਧਾਲੂ ਤੇ ਹਮਲਾ ਕਰਨਾ ਸਾਡੀ ਵਿਰਾਸਤ ਨਹੀਂ। ਅਜਿਹਾ ਕੌਮ ਅੰਦਰ ਖਾਨਾਜੰਗੀ ਲਈ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਦਾ ਮਕਸਦ ਹੀ ਸਿੱਖ ਸੰਗਤ ਅਤੇ ਖਾਸਕਰ ਨੌਜਵਾਨਾ ਨੂੰ ਸਿੱਖ ਸਿਧਾਂਤਾਂ ਨਾਲ ਜੋੜਨਾ ਅਤੇ ਪੰਥ ਵਿਰੋਧੀ ਵਿਚਾਰਧਾਰਾ ਤੋਂ ਸੁਚੇਤ ਕਰਨਾ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਕੀਤੇ ਗਏ ਖਾਲਸਾ ਮਾਰਚ ਨੂੰ ਸੰਗਤਾਂ ਵੱਲੋਂ ਮਿਲੇ ਵੱਡੇ ਹੁੰਗਾਰੇ ਨੇ ਇਹ ਸਾਬਤ ਕੀਤਾ ਹੈ ਕਿ ਸਿੱਖ ਸੰਗਤ ਦੇ ਹਿਰਦਿਆਂ ਅੰਦਰ ਗੁਰੂ ਸਾਹਿਬਾਨ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥਕ ਸਿਧਾਂਤਾਂ ਪ੍ਰਤੀ ਅਥਾਹ ਸ਼ਰਧਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਨੂੰ ਚਨੌਤੀ ਦੇਣ ਦੀ ਸੋਚ ਰੱਖਣ ਵਾਲਿਆਂ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਇਹ ਗੁਰੂ ਦਾ ਸਦੀਵੀ ਤਖਤ ਹੈ। ਉਨ੍ਹਾਂ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਸਿੱਖਾਂ ਨੂੰ ਆਪਣੇ ਮੂਲ ਤੋਂ ਤੋੜਨ ਦਾ ਯਤਨ ਕਰ ਰਹੀਆਂ ਹਨ, ਜਿਨ੍ਹਾਂ ਤੋਂ ਸੁਚੇਤ ਹੋਣ ਦੀ ਲੋੜ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਹੁਤ ਸਾਰੇ ਪਿੰਡਾਂ ਵਿਚ ਨਸ਼ੇ ਆਮ ਹੋਣ ਦੀ ਜਾਣਕਾਰੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਖਤਮ ਕਰਨ ਦਾ ਵਾਅਦਾ ਕਰਕੇ ਆਈ ਸਰਕਾਰ ਦੇ ਸਮੇਂ ਨਸ਼ਾ ਹੋਰ ਵਧਿਆ ਹੈ। ਨਸ਼ੇ ਕਾਰਨ ਨੌਜਵਾਨਾਂ ਦੀ ਮੌਤ ਦੀਆਂ ਰੁਜ਼ਾਨਾ ਕਈ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾ ਕਿਹਾ ਕਿ ਨੌਜਵਾਨਾਂ ਨੂੰ ਸਿੱਖ ਵਿਰਸੇ ਨਾਲ ਜੋੜਨ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕਰਨ ਲਈ ਸਾਂਝੇ ਤੌਰ ਤੇ ਯਤਨ ਕਰਨ ਦੀ ਲੋੜ ਹੈ।

ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਖਾਲਸਾ ਮਾਰਚ ਵਿੱਚ ਸ਼ਾਮਲ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਗੁਰੂ ਇਤਿਹਾਸ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋਣ ਦੀ ਪ੍ਰੇਰਨਾ ਕੀਤੀ। ਉਨ੍ਹਾਂ ਸੰਗਤਾਂ ਨੂੰ ਅਪੀਲ ਵੀ ਕੀਤੀ ਕਿ ਸਾਰੇ ਰਸਤੇ ਵਿਚ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਨ ਅਤੇ ਪਰਿਵਾਰਾਂ ਸਮੇਤ ਸ਼ਾਮਲ ਹੋਣ।

ਖਾਲਸਾ ਮਾਰਚ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸਰਵਣ ਕਰਵਾਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਬਿਤ ਕਰਨ ਦੀ ਸੇਵਾ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਨਿਭਾਈ ਅਤੇ ਚੌਰ ਸਾਹਿਬ ਦੀ ਸੇਵਾ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ। ਖਾਲਸਾ ਮਾਰਚ ਨਾਲ ਵੱਡੀ ਗਿਣਤੀ ਸੰਗਤਾਂ ਨੇ ਸਾਮਲ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਸੰਗਤਾਂ ਨੇ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਵੀ ਕੀਤੇ। ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਖਾਲਸਾ ਮਾਰਚ ਅੱਜ ਰਾਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭੀਖੀ ਪਹੁੰਚੇਗਾ।

ਇਸ ਮੌਕੇ ਸੀਨੀਅਰ ਅਕਾਲੀ ਆਗੂ ਸ. ਬਲਵਿੰਦਰ ਸਿੰਘ ਭੂੰਦੜ, ਸ. ਸਿਕੰਦਰ ਸਿੰਘ ਮਲੂਕਾ, ਸ. ਤਜਿੰਦਰ ਸਿੰਘ ਮਿੱਡੂਖੇੜਾ, ਸ. ਜਨਮੇਜਾ ਸਿੰਘ ਸੇਖੋਂ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਸ. ਮੇਜਰ ਸਿੰਘ ਢਿੱਲੋਂ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਬਲਬੀਰ ਸਿੰਘ ਘੁੰਨਸ, ਸ. ਨਵਤੇਜ ਸਿੰਘ ਕਾਉਣੀ, ਸ. ਅਵਤਾਰ ਸਿੰਘ ਵਣਵਾਲਾ, ਸ. ਗੁਰਪਾਲ ਸਿੰਘ ਗੋਰਾ, ਜਥੇਦਾਰ ਸੁਰਜੀਤ ਸਿੰਘ ਰਾਏਪੁਰ, ਭਾਈ ਅਜੈਬ ਸਿੰਘ ਅਭਿਆਸੀ, ਸ. ਸੁਖਵਰਸ ਸਿੰਘ ਪੰਨੂ, ਸ. ਅਮਰੀਕ ਸਿੰਘ ਕੋਟਸ਼ਮੀਰ, ਬਾਬਾ ਬੂਟਾ ਸਿੰਘ, ਸ. ਗੁਰਤੇਜ ਸਿੰਘ ਭੁੱਲਰ, ਸ. ਜਗਸੀਰ ਸਿੰਘ ਮਾਗੇਆਣਾ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਜਥੇਦਾਰ ਕੌਰ ਸਿੰਘ ਬਹਾਵਵਾਲਾ, ਬੀਬੀ ਜੋਗਿੰਦਰ ਕੌਰ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਗੋਬਿੰਦ ਕੌਰ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਸੁਖਬੀਰ ਸਿੰਘ, ਅਕਾਲੀ ਆਗੂ ਸ. ਦਿਲਰਾਜ ਸਿੰਘ ਭੂੰਦੜ, ਡਾ ਦਲਜੀਤ ਸਿੰਘ ਗੁਰੂ, ਸ. ਜਗਸੀਰ ਸਿੰਘ ਕਲਿਆਣ, ਸ. ਗੁਰਚਰਨ ਸਿੰਘ, ਸ. ਬਲਕਾਰ ਸਿੰਘ ਗੋਨੇਆਣਾ, ਸ. ਗੁਰਿੰਦਰਜੀਤ ਸਿੰਘ ਭੁੱਚੋਂ, ਸ. ਇਕਬਾਲ ਸਿੰਘ ਬਬਲੀ ਢਿੱਲੋਂ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਗਿਆਨੀ ਗੁਰਜੰਟ ਸਿੰਘ, ਮੈਨੇਜਰ ਸ. ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਬੜੂ ਸਾਹਿਬ ਤੋਂ ਬਾਬਾ ਜਗਜੀਤ ਸਿੰਘ, ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਵੱਲੋਂ ਬਾਬਾ ਦਲੇਰ ਸਿੰਘ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਬਿਕਰਮ ਸਿੰਘ, ਬਾਬਾ ਮਨਪ੍ਰੀਤ ਸਿੰਘ ਬਾਲੇਵਾਲ, ਬਾਬਾ ਸੁਖਪਾਲ ਸਿੰਘ, ਬਾਬਾ ਕੁਲਵਿੰਦਰ ਸਿੰਘ, ਬਾਬਾ ਲਾਲ ਸਿੰਘ ਜਲਾਲ ਵਾਲੇ, ਬਾਬਾ ਪ੍ਰੀਤਮ ਸਿੰਘ, ਇੰਚਾਰਜ ਸ. ਰਾਜਵਿੰਦਰ ਸਿੰਘ ਜੋਗਾ, ਮੈਨੇਜਰ ਸ. ਨਿਰਮਲਜੀਤ ਸਿੰਘ, ਸ. ਜਸਬੀਰ ਸਿੰਘ, ਸ. ਸੰਦੀਪ ਸਿੰਘ, ਇੰਚਾਰਜ ਭੋਲਾ ਸਿੰਘ, ਪ੍ਰਿੰਸੀਪਲ ਰਵਿੰਦਰ ਸਿੰਘ ਸਮੇਤ ਹੋਰ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.