ਚੌਥੇ ਪਾਤਿਸ਼ਾਹ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ 492ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ...

ਚੌਥੇ ਪਾਤਿਸ਼ਾਹ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ 492ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ...

ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਅਕਤੂਬਰ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਬ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਚੌਥੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ 492ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਜਸਪਾਲ ਸਿੰਘ ਜੀ ਲੁਧਿਆਣੇ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਚੌਥੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਬ੍ਰਿਤਾਂਤ ਅਤੇ ਗੁਰੂ ਸਾਹਿਬਾਨ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਉਸਾਰੀ ਕਰਵਾਉਣ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਭਾਈ ਮਹੀਪਾਲ ਸਿੰਘ ਜੀ ਹਜੂਰੀ ਰਾਗੀ ਸ੍ਰੀ ਅਕਾਲ ਤਖਤ ਸਾਹਿਬ ਜੀ ਅੰਮਿ੍ਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸਿਮਰਨਜੀਤ ਸਿੰਘ ਜੀ ਸ੍ਰੀ ਖਡੂਰ ਸਾਹਿਬ ਵਾਲਿਆਂ ਵਲੋ ਗੁਰੂ ਸਾਹਿਬ ਜੀ ਦੁਆਰਾ ਉਚਾਰਨ 30 ਰਾਗਾਂ ਵਿੱਚ 679 ਸ਼ਬਦ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਬਿਰਾਜਮਾਨ ਹਨ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਇਸ ਤੋਂ ਇਲਾਵਾ ਭਾਈ ਪਲਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਬੀਬੀ ਪਾਲਜੀਤ ਕੌਰ ਲੁਧਿਆਣੇ ਵਾਲਿਆਂ ਦਾ ਢਾਡੀ ਜੱਥਾ, ਭਾਈ ਬਲਜਿੰਦਰ ਸਿੰਘ ਜੀ ਸ਼੍ਰੀ ਫਹਿਤਗੜ੍ਰ ਸਾਹਿਬ ਜੀ, ਭਾਈ ਸੁਖਜੀਤ ਸਿੰਘ ਜੀ ਗੁ ਬਾਉਲੀ ਸਾਹਿਬ ਜੀ, ਭਾਈ ਕੁਲਵਿੰਦਰ ਸਿੰਘ ਜੀ ਰਾਜਪੁਰਾ, ਭਾਈ ਸੁਰਿੰਦਰ ਸਿੰਘ ਗੁ ਸ੍ਰੀ ਫਤਿਹਗੜ੍ਹ ਸਾਹਿਬ ਜੀ, ਸ੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਜੀ ਭਾਈ ਜਗਸੀਰ ਸਿੰਘ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਨਾਮ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਅਤੇ ਬਾਹਰੋਂ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 8 ਨਵੰਬਰ ਨੂੰ ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ। ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤੇਗਾ ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.