ਪੁਲਿਸ ਹਿਰਾਸਤਾਂ ਤੇ ਦਬਾਅ ਨਾਲ ਅਕਾਲੀ ਵਰਕਰਾਂ ਦੀ ਆਵਾਜ਼ ਨਹੀਂ ਦੱਬੀ ਜਾ ਸਕਦੀ : ਰੁਪਿੰਦਰ ਕੌਰ ਬ੍ਰਹਮਪੁਰਾ

ਪੁਲਿਸ ਹਿਰਾਸਤਾਂ ਤੇ ਦਬਾਅ ਨਾਲ ਅਕਾਲੀ ਵਰਕਰਾਂ ਦੀ ਆਵਾਜ਼ ਨਹੀਂ ਦੱਬੀ ਜਾ ਸਕਦੀ : ਰੁਪਿੰਦਰ ਕੌਰ ਬ੍ਰਹਮਪੁਰਾ

ਮੁੱਖ ਮੰਤਰੀ ਦੀ ਪਤਨੀ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੇ ਮੋਹਨਜੀਤ ਸਿੰਘ ਮਾਮਲੇ ਨੂੰ ਲੈ ਕੇ ਸਰਕਾਰ ’ਤੇ ਵਰ੍ਹੇ ਬੀਬਾ ਰੁਪਿੰਦਰ ਕੌਰ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,6 ਸਤੰਬਰ
ਸ਼੍ਰੋਮਣੀ ਅਕਾਲੀ ਦਲ (ਬ) ਦੇ ਇਸਤਰੀ ਵਿੰਗ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ.ਗੁਰਪ੍ਰੀਤ ਕੌਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਵੱਡੇ ਕਾਫਲੇ ਸਮੇਤ ਸ਼ਮੂਲੀਅਤ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਤਰਨਤਾਰਨ ਦੇ ਇਸਤਰੀ ਵਿੰਗ ਦੀ ਪ੍ਰਧਾਨ,ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਹਲਕਾ ਖਡੂਰ ਸਾਹਿਬ ਦੀ ਸੀਨੀਅਰ ਆਗੂ ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ।
ਬੀਬਾ ਬ੍ਰਹਮਪੁਰਾ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਆਪਣੇ ਸਵਾਲਾਂ ਅਤੇ ਲੋਕ ਮੁੱਦਿਆਂ ਨੂੰ ਲੈ ਕੇ ਕੀਤੇ ਗਏ ਰੋਸ ਮਾਰਚ ਨੂੰ ਦਬਾਉਣ ਦੀ ਕੋਸ਼ਿਸ਼ ਕਰਨਾ ਸਰਕਾਰ ਦੀ ਬੇਚੈਨੀ ਨੂੰ ਦਰਸਾਉਂਦਾ ਹੈ।ਉਨ੍ਹਾਂ ਕਿਹਾ ਕਿ ਉਹ ਖੁਦ ਵੀ ਇਸ ਰੋਸ ਮਾਰਚ ਦੌਰਾਨ ਪੁਲਿਸ ਹਿਰਾਸਤ ਵਿੱਚ ਰਹੇ,ਪਰ ਅਜਿਹੀਆਂ ਕਾਰਵਾਈਆਂ ਅਕਾਲੀ ਵਰਕਰਾਂ ਦੇ ਹੌਸਲੇ ਨਹੀਂ ਤੋੜ ਸਕਦੀਆਂ।

ਮੋਹਨਜੀਤ ਸਿੰਘ ਮਾਮਲੇ ’ਚ ਸਰਕਾਰ ਨੂੰ ਘੇਰਿਆ

ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ਨੇ ਨਸ਼ਿਆਂ ਦੇ ਮੁੱਦੇ ’ਤੇ ਆਵਾਜ਼ ਉਠਾਉਣ ਵਾਲੇ ਚਰਚਿਤ ਮੋਹਨਜੀਤ ਸਿੰਘ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਤੰਤਰ ਵਿੱਚ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ’ਤੇ ਸਵਾਲ ਉਠਾਉਣਾ ਹਰ ਨਾਗਰਿਕ ਦਾ ਹੱਕ ਹੈ।ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੇ ਗੰਭੀਰ ਮੁੱਦੇ ’ਤੇ ਬੋਲਣ ਵਾਲੇ ਵਿਅਕਤੀ ਨੂੰ ਕਥਿਤ ਤੌਰ ’ਤੇ ਪੁਲਿਸ ਕਾਰਵਾਈ ਦਾ ਸਾਹਮਣਾ ਕਰਨਾ ਪਵੇ ਤਾਂ ਇਹ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੱਡਾ ਸਵਾਲ ਖੜ੍ਹਾ ਕਰਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਸਰਕਾਰ ਨੂੰ ਲੋਕਾਂ ਵੱਲੋਂ ਉਠਾਏ ਜਾ ਰਹੇ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੇ ਹੱਕਾਂ ਅਤੇ ਪੰਜਾਬ ਦੇ ਮੁੱਦਿਆਂ ਲਈ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ ਅਤੇ ਕਿਸੇ ਵੀ ਤਰ੍ਹਾਂ ਦੇ ਦਬਾਅ ਅੱਗੇ ਝੁਕੇਗਾ ਨਹੀਂ।

ਆਪ’ ਸਰਕਾਰ ਦਾ ਸਮਾਂ ਥੋੜ੍ਹਾ ਰਹਿ ਗਿਆ—ਬੀਬਾ ਰੁਪਿੰਦਰ ਕੌਰ

ਬੀਬਾ ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਦਾ ਸਮਾਂ ਹੁਣ ਥੋੜ੍ਹਾ ਰਹਿ ਗਿਆ ਹੈ, ਕਿਉਂਕਿ ਇਸ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਸਿਰਫ਼ ਆਪਣੇ ਬਾਰੇ ਸੋਚਿਆ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਦੇ ਸਮੇਂ ਸਮੁੱਚੇ ਪੰਜਾਬ ਵਿੱਚ ਵਿਕਾਸ ਕਾਰਜ ਹੋਏ ਅਤੇ ਲੋਕਾਂ ਨੂੰ ਬੁਨਿਆਦੀ ਢਾਂਚੇ ਸਮੇਤ ਵੱਖ-ਵੱਖ ਸੁੱਖ-ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ।
ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਬਣੇਗੀ ਅਤੇ ਹਲਕਾ ਖਡੂਰ ਸਾਹਿਬ ਦੇ ਲੋਕ ਵੱਡੀ ਲੀਡ ਨਾਲ ਪਾਰਟੀ ਦੇ ਉਮੀਦਵਾਰ ਨੂੰ ਜਿਤਾ ਕੇ ਇਹ ਸੀਟ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਝੋਲੀ ਵਿੱਚ ਪਾਉਣਗੇ।
ਬੀਬਾ ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਲਈ ਮਨ ਬਣਾ ਚੁੱਕੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਕੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪਾਰਟੀ ਦੇ ਹੱਥ ਮਜ਼ਬੂਤ ਕਰਨਗੇ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.