ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਅਤੇ ਪੰਥਕ ਸ਼ਖਸੀਅਤਾਂ ਨੇ ਰੱਖਿਆ ਲੰਗਰ ਹਾਲ ਦਾ ਨੀਂਹ ਪੱਥਰ
- ਗੁਰਬਾਣੀ-ਇਤਿਹਾਸ
- (Asia/Kolkata)
ਅੰਮ੍ਰਿਤਸਰ, 1 ਅਪ੍ਰੈਲ ( ਨਜ਼ਰਾਨਾ ਟਾਈਮਜ਼ ਬਿਊਰੋ )
ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਦੁਖ ਭੰਜਨ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਰਾਗੀਆਂ, ਢਾਡੀਆਂ, ਪ੍ਰਚਾਰਕਾਂ ਨੇ ਹਰ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਉਪਰੰਤ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਜੀ (ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ), ਸਿੰਘ ਸਾਹਿਬ ਭਾਈ ਜਸਬੀਰ ਸਿੰਘ ਜੀ ਰੋਡੇ (ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ), ਭਾਈ ਬਲਵੰਤ ਸਿੰਘ ਜੀ ਗੋਪਾਲਾ (ਸਾਬਕਾ ਪ੍ਰਧਾਨ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ), ਭਾਈ ਰਣਜੀਤ ਸਿੰਘ ਦਮਦਮੀ ਟਕਸਾਲ (ਕੌਮੀ ਪ੍ਰਧਾਨ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ) ਅਤੇ ਗੁਰਮੁਖ ਪਿਆਰੇ ਭਾਈ ਸਕੱਤਰ ਸਿੰਘ ਜੀ ਵੱਲੋਂ ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਦੁੱਖ ਭੰਜਨ ਸਾਹਿਬ ਦੇ ਲੰਗਰ ਹਾਲ ਦਾ ਨੀਂਹ ਪੱਥਰ ਰੱਖਿਆ ਗਿਆ। ਇਹਨਾਂ ਸਿੰਘਾਂ ਵੱਲੋਂ ਪੰਜ ਇੱਟਾਂ ਰੱਖਣ ਸਮੇਂ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਵੀ ਕੀਤੀ ਗਈ।

ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਭਾਈ ਜਸਬੀਰ ਸਿੰਘ ਰੋਡੇ, ਭਾਈ ਬਲਵੰਤ ਸਿੰਘ ਗੋਪਾਲਾ ਤੇ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਵੱਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾ ਕੇ ਬਾਣੀ-ਬਾਣੇ ਨਾਲ ਜੁੜਨ ਦੀ ਪ੍ਰੇਰਨਾ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਭਾਈ ਕੁਲਵੰਤ ਸਿੰਘ ਮੰਨਣ ਵੱਲੋਂ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਅਤੇ ਹੋਰ ਪੰਥਕ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਦੌਰਾਨ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਨਾਲ ਭਾਈ ਬਲਵੰਤ ਸਿੰਘ ਗੋਪਾਲਾ ਤੇ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਵੱਲੋਂ ਸਿੱਖੀ ਦੇ ਪ੍ਰਚਾਰ ਅਤੇ ਕਈ ਪੰਥਕ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।
Leave a Reply