ਭਾਰਤ ਸਰਕਾਰ ਨੇ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਦਾ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ਖਾਤਾ ਦੁਬਾਰਾ ਕੀਤਾ ਬੰਦ
- ਰਾਜਨੀਤੀ
- (Asia/Kolkata)
ਅੰਮ੍ਰਿਤਸਰ, 21 ਅਗਸਤ ( ਨਜ਼ਰਾਨਾ ਟਾਈਮਜ ਬਿਊਰੋ ):
ਭਾਰਤ ਸਰਕਾਰ ਨੇ ਸਿੱਖ ਪ੍ਰਚਾਰਕ, ਪੰਥਕ ਲੇਖਕ, ਖਾਲਿਸਤਾਨੀ ਆਗੂ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਦਾ ਫੇਸਬੁੱਕ ਖਾਤਾ, ਟਵਿੱਟਰ ਅਤੇ ਇੰਸਟਾਗ੍ਰਾਮ ਖਾਤਾ ਭਾਰਤ ਵਿੱਚ ਦੁਬਾਰਾ ਫਿਰ ਬੰਦ ਕਰ ਦਿੱਤਾ ਹੈ। ਇਸ ਸਬੰਧੀ ਗੱਲ ਕਰਦਿਆਂ ਪੰਥਕ ਆਗੂ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਇਹ ਸੂਬਾ ਅਤੇ ਕੇਂਦਰ ਸਰਕਾਰ ਦੀ ਬੁਖਲਾਹਟ ਹੈ ਤੇ ਅਣਖੀ ਸਿੱਖਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਭਾਰਤ ਆਪਣੇ ਆਪ ਨੂੰ ਸਭ ਤੋਂ ਵੱਡਾ ਲੋਕਤੰਤਰ, ਧਰਮ ਨਿਰਪੱਖ ਅਤੇ ਮਨੁੱਖੀ ਹੱਕਾਂ ਦਾ ਅਲੰਬਰਦਾਰ ਅਖਵਾਉਂਦਾ ਹੈ ਪਰ ਇੱਥੇ ਸਿੱਖਾਂ ਅਤੇ ਹੋਰ ਘੱਟ ਗਿਣਤੀ ਕੌਮਾਂ ਨਾਲ ਗ਼ੁਲਾਮਾਂ ਵਾਲਾ ਸਲੂਕ ਕੀਤਾ ਜਾਂਦਾ ਹੈ। ਇਹ ਲਿਖਣ-ਬੋਲਣ ਦੀ ਅਜ਼ਾਦੀ ਉੱਤੇ ਵੱਡਾ ਹਮਲਾ ਹੈ, ਸਰਕਾਰ ਸਾਡੀਆਂ ਜ਼ੁਬਾਨਾਂ ਨੂੰ ਬੰਦ ਕਰਵਾਉਣਾ ਚਾਹੁੰਦੀ ਹੈ। ਸਿੱਖਾਂ ਖਿਲਾਫ ਬੋਲਣ ਵਾਲਿਆਂ ਨੂੰ ਤਾਂ ਪੂਰੀ ਖੁੱਲ੍ਹ ਹੈ ਪਰ ਜਿਹੜੇ ਵਿਅਕਤੀ ਸਿੱਖ ਕੌਮ ਅਤੇ ਪੰਜਾਬ ਦੇ ਮੁੱਦਿਆਂ, ਹੱਕਾਂ-ਹਿੱਤਾਂ ਤੇ ਆਜ਼ਾਦੀ ਦੀ ਗੱਲ ਕਰਦੇ ਹਨ ਉਹਨਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸਾਡੀਆਂ ਲਿਖਤਾਂ ਅਤੇ ਬੋਲ ਸਰਕਾਰ ਨੂੰ ਹਥਿਆਰਾਂ ਵਾਂਗ ਲੱਗਦੇ ਹਨ ਤਾਂ ਹੀ ਪਿਛਲੇ ਕਈ ਸਾਲਾਂ ਤੋਂ ਵਾਰ ਵਾਰ ਮੇਰੇ ਸੋਸ਼ਲ ਮੀਡੀਆ ਖਾਤੇ ਬੰਦ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਇਹਨਾਂ ਸੋਸ਼ਲ ਮੀਡੀਆ ਖਾਤਿਆਂ ਰਾਹੀਂ ਭਾਈ ਰਣਜੀਤ ਸਿੰਘ ਪੂਰੀ ਬੇਬਾਕੀ ਅਤੇ ਦਲੇਰੀ ਨਾਲ ਸਿੱਖ ਧਰਮ, ਸਿੱਖ ਸੰਘਰਸ਼ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੀ ਵਿਚਾਰਧਾਰਾ ਤੇ ਸਰਗਰਮੀਆਂ ਸੰਬੰਧੀ ਪ੍ਰਚਾਰ ਕਰ ਰਹੇ ਸਨ। ਭਾਈ ਰਣਜੀਤ ਸਿੰਘ ਨੇ ਸਪੱਸ਼ਟ ਕਿਹਾ ਕਿ ਉਹ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਸ਼ਹੀਦ ਭਾਈ ਅਮਰੀਕ ਸਿੰਘ ਜੀ ਖ਼ਾਲਸਾ ਤੇ ਸਮੂਹ ਸ਼ਹੀਦਾਂ ਦੇ ਕੌਮੀ ਨਿਸ਼ਾਨੇ ਖ਼ਾਲਿਸਤਾਨ ਦੇ ਸੰਘਰਸ਼ ਨੂੰ ਜਾਰੀ ਰੱਖਣ ਲਈ ਇਸ ਨੂੰ ਗੁਰੂ ਸਾਹਿਬ ਦੀ ਸੇਵਾ ਸਮਝ ਕੇ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਂਦੇ ਰਹਿਣਗੇ।
Leave a Reply