ਸਿਵਲ ਸਰਜਨ ਵੱਲੋਂ ਸੀ.ਐਚ.ਸੀ. ਕਾਲਾ ਸੰਘਿਆਂ ਤੇ ਐਸ.ਡੀ.ਐਚ. ਸੁਲਤਾਨਪੁਰ ਲੋਧੀ ਦੀ ਚੈਕਿੰਗ
- ਰਾਸ਼ਟਰੀ
- 04 Aug, 2026 03:10 PM (Asia/Kolkata)
ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਦਿੱਤੀ ਜਾ ਰਹੀ ਹੈ ਤਰਜੀਹ : ਡਾ. ਰਾਜੀਵ ਪਰਾਸ਼ਰ
ਕਪੂਰਥਲਾ 4 ਅਗਸਤ ਗੌਰਵ ਮੜੀਆ
ਸਿਹਤ ਵਿਭਾਗ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪਰਾਸ਼ਰ ਵੱਲੋਂ ਸੀ.ਐਚ.ਸੀ. ਕਾਲਾ ਸੰਘਿਆਂ ਅਤੇ ਐਸ.ਡੀ.ਐਚ. ਸੁਲਤਾਨਪੁਰ ਲੋਧੀ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਹਸਪਤਾਲਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ।
ਚੈਕਿੰਗ ਦੌਰਾਨ ਡਾ. ਰਾਜੀਵ ਪਰਾਸ਼ਰ ਨੇ ਫਾਰਮੇਸੀ, ਲੈਬੋਰਟਰੀ, ਐਕਸ-ਰੇ ਰੂਮ, ਮਾਈਨਰ ਓ.ਟੀ. ਸਮੇਤ ਵੱਖ-ਵੱਖ ਵਿਭਾਗਾਂ ਦਾ ਨਿਰੀਖਣ ਕੀਤਾ ਅਤੇ ਸਟਾਫ ਦੀ ਹਾਜ਼ਰੀ ਵੀ ਚੈਕ ਕੀਤੀ। ਉਨ੍ਹਾਂ ਸਿਹਤ ਸੰਸਥਾਵਾਂ ਵਿੱਚ ਦਵਾਈਆਂ ਦੀ ਉਪਲਬਧਤਾ, ਲੈਬ ਟੈਸਟਾਂ ਅਤੇ ਹੋਰ ਸਿਹਤ ਸੇਵਾਵਾਂ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਸਿਵਲ ਸਰਜਨ ਵੱਲੋਂ ਹਸਪਤਾਲ ਦੇ ਵਾਰਡਾਂ ਵਿੱਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਗਿਆ ਅਤੇ ਹਸਪਤਾਲ ਵੱਲੋਂ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਵੀ ਜਾਣਕਾਰੀ ਲਈ ਗਈ। ਉਨ੍ਹਾਂ ਮਰੀਜ਼ਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਉਨ੍ਹਾਂ ਦੇ ਨੇੜੇ ਹੀ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਡਾ. ਪਰਾਸ਼ਰ ਨੇ ਸਟਾਫ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ ਅਤੇ ਹਸਪਤਾਲ ਦੀ ਸਫਾਈ, ਦਵਾਈਆਂ ਦੀ ਉਪਲਬਧਤਾ ਅਤੇ ਸੇਵਾਵਾਂ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਚੈਕਿੰਗ ਉਪਰੰਤ ਡਾ. ਰਾਜੀਵ ਪਰਾਸ਼ਰ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਸੁਲਤਾਨਪੁਰ ਲੋਧੀ ਅਸ਼ੀਸ਼ ਜੇਤਲੀ, ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ. ਕਾਲਾ ਸੰਘਿਆਂ ਡਾ. ਭੁਪਿੰਦਰ ਕੌਰ, ਡਾ. ਹਰਪ੍ਰੀਤ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਫਾਰਮੇਸੀ ਅਫ਼ਸਰ ਅਮਰਿੰਦਰਜੀਤ ਸਿੰਘ, ਐਸ.ਏ. ਸੰਨੀ ਸਮੇਤ ਹੋਰ ਸਟਾਫ ਮੈਂਬਰ ਹਾਜ਼ਰ ਸਨ।
Leave a Reply