ਧਾਰਮਿਕ ਸਥਾਨ 'ਤੇ ਚੜ੍ਹਾਈ ਜਾਂਦੀ ਸ਼ਰਾਬ ਦੀ ਗੈਰ-ਕਾਨੂੰਨੀ ਵਿਕਰੀ ਖ਼ਿਲਾਫ਼ ਕਾਰਵਾਈ, ਇੱਕ ਵਿਅਕਤੀ ਕਾਬੂ

ਧਾਰਮਿਕ ਸਥਾਨ 'ਤੇ ਚੜ੍ਹਾਈ ਜਾਂਦੀ ਸ਼ਰਾਬ ਦੀ ਗੈਰ-ਕਾਨੂੰਨੀ ਵਿਕਰੀ ਖ਼ਿਲਾਫ਼ ਕਾਰਵਾਈ, ਇੱਕ ਵਿਅਕਤੀ ਕਾਬੂ

ਕਪੂਰਥਲਾ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ

ਸ਼ਰਾਬ ਠੇਕੇਦਾਰ ਰਮਨ ਕੁਮਾਰ ਨੇ ਦਿੱਤੀ ਜਾਣਕਾਰੀ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ 
 

- ਸ਼ਰਾਬ ਠੇਕੇਦਾਰ ਰਮਨ ਕੁਮਾਰ ਵੱਲੋਂ ਅੱਜ ਇੱਕ ਵਿਸ਼ੇਸ਼ ਪ੍ਰੈਸ ਕਾਨਫਰੰਸ ਕਰਕੇ ਕਾਲਾ ਸੰਘਿਆ ਦੇ ਨਜ਼ਦੀਕ ਸਥਿਤ ਇੱਕ ਧਾਰਮਿਕ ਸਥਾਨ ਨਾਲ ਜੁੜੇ ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਧਾਰਮਿਕ ਸਥਾਨ 'ਤੇ ਸ਼ਰਧਾਲੂਆਂ ਵੱਲੋਂ ਪ੍ਰਸ਼ਾਦ ਦੇ ਰੂਪ ਵਿੱਚ ਚੜ੍ਹਾਈ ਜਾਣ ਵਾਲੀ ਸ਼ਰਾਬ ਦੀਆਂ ਬੋਤਲਾਂ ਨੂੰ ਇੱਕ ਵਿਅਕਤੀ ਵੱਲੋਂ ਕਥਿਤ ਤੌਰ 'ਤੇ ਬਹੁਤ ਘੱਟ ਕੀਮਤ 'ਤੇ ਵੇਚਿਆ ਜਾ ਰਿਹਾ ਸੀ, ਜਿਸ ਕਾਰਨ ਪੰਜਾਬ ਸਰਕਾਰ ਦੇ ਮਾਲੀਏ ਨੂੰ ਭਾਰੀ ਨੁਕਸਾਨ ਪਹੁੰਚ ਰਿਹਾ ਸੀ।
ਪ੍ਰੈਸ ਕਾਨਫਰੰਸ ਦੌਰਾਨ ਰਮਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕਾਫ਼ੀ ਸਮੇਂ ਤੋਂ ਇਸ ਗਤੀਵਿਧੀ ਸਬੰਧੀ ਸ਼ਿਕਾਇਤਾਂ ਮਿਲ ਰਹੀਆਂ ਸਨ। ਮਾਮਲੇ ਦੀ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਇਸ ਬਾਰੇ ਐਕਸਾਈਜ਼ ਵਿਭਾਗ ਨੂੰ ਸੂਚਿਤ ਕੀਤਾ ਗਿਆ। ਵਿਭਾਗ ਦੇ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਜਾਂਚ ਸ਼ੁਰੂ ਕੀਤੀ ਅਤੇ ਪੂਰੇ ਮਾਮਲੇ ਦੀ ਤਸਦੀਕ ਕੀਤੀ।
ਉਨ੍ਹਾਂ ਕਿਹਾ ਕਿ ਐਕਸਾਈਜ਼ ਵਿਭਾਗ ਦੀ ਟੀਮ ਦੇ ਸਹਿਯੋਗ ਨਾਲ ਕੀਤੀ ਗਈ ਸਾਂਝੀ ਕਾਰਵਾਈ ਦੌਰਾਨ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ। ਇਸ ਤੋਂ ਬਾਅਦ ਉਸ ਦੇ ਖ਼ਿਲਾਫ਼ ਥਾਣਾ ਸਦਰ ਵਿੱਚ ਮਾਮਲਾ ਦਰਜ ਕਰਵਾਇਆ ਗਿਆ ਹੈ। ਰਮਨ ਕੁਮਾਰ ਨੇ ਕਿਹਾ ਕਿ ਸਰਕਾਰੀ ਮਾਲੀਏ ਨੂੰ ਨੁਕਸਾਨ ਪਹੁੰਚਾਉਣ ਵਾਲੇ ਅਜਿਹੇ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਵਿਅਕਤੀ ਇਸ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਕਰਨ ਦੀ ਹਿੰਮਤ ਨਾ ਕਰ ਸਕੇ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਰਾਬ ਦੀ ਵਿਕਰੀ ਸਬੰਧੀ ਨਿਯਮ ਅਤੇ ਕਾਨੂੰਨ ਬਣਾਏ ਗਏ ਹਨ ਅਤੇ ਹਰ ਵਿਅਕਤੀ ਦਾ ਫ਼ਰਜ਼ ਬਣਦਾ ਹੈ ਕਿ ਉਹ ਇਨ੍ਹਾਂ ਦੀ ਪਾਲਣਾ ਕਰੇ। ਗੈਰ-ਕਾਨੂੰਨੀ ਤਰੀਕੇ ਨਾਲ ਸ਼ਰਾਬ ਦੀ ਖਰੀਦ-ਫ਼ਰੋਖ਼ਤ ਨਾ ਸਿਰਫ਼ ਕਾਨੂੰਨ ਦੀ ਉਲੰਘਣਾ ਹੈ, ਸਗੋਂ ਇਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਵੀ ਨੁਕਸਾਨ ਹੁੰਦਾ ਹੈ।
ਇਸ ਮੌਕੇ ਉਨ੍ਹਾਂ ਨੇ ਐਕਸਾਈਜ਼ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਇਹ ਕਾਰਵਾਈ ਸਫਲਤਾਪੂਰਵਕ ਨੇਪਰੇ ਚੜ੍ਹੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੀਆਂ ਗਤੀਵਿਧੀਆਂ 'ਤੇ ਲਗਾਤਾਰ ਨਜ਼ਰ ਰੱਖੀ ਜਾਵੇ ਅਤੇ ਕਾਨੂੰਨ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.