ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਐਸ.ਐਸ.ਪੀ. ਅਜੇ ਗਾਂਧੀ ਨੇ ਖ਼ੁਦ ਸੰਭਾਲੀ ਕਮਾਨ, ਜ਼ਿਲ੍ਹੇ ਭਰ ਦੇ ਨਾਕਿਆਂ ਦੀ ਕਰ ਰਹੇ ਨੇ ਅਚਨਚੇਤ ਚੈਕਿੰਗ
ਜ਼ਿਲ੍ਹਾ ਪੁਲਿਸ ਮੁਖੀ ਦੀ ਸਖ਼ਤੀ ਨਾਲ ਲੋਕਾਂ 'ਚ ਵਧੀ ਸੁਰੱਖਿਆ ਦੀ ਭਾਵਨਾ, ਪਰ ਸ੍ਰੀ ਗੋਇੰਦਵਾਲ ਸਾਹਿਬ ਦੇ ਥਾਣਾ ਮੁਖੀ ਦੀ ਢਿੱਲੀ ਕਾਰਗੁਜ਼ਾਰੀ ਸਵਾਲਾਂ ਦੇ ਘੇਰੇ 'ਚ
ਸ੍ਰੀ ਗੋਇੰਦਵਾਲ ਸਾਹਿਬ, 28 ਨਵੰਬਰ ( ਰਵੀ ਖਹਿਰਾ )- ਜ਼ਿਲ੍ਹਾ ਤਰਨਤਾਰਨ ਅੰਦਰ ਅਮਨ-ਕਾਨੂੰਨ ਦੀ ਵਿਵਸਥਾ ਨੂੰ ਮਜ਼ਬੂਤ ਰੱਖਣ ਅਤੇ ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਨਵ-ਨਿਯੁਕਤ ਐਸ.ਐਸ.ਪੀ. ਸ੍ਰੀ ਅਜੇ ਗਾਂਧੀ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਸਿਰਫ਼ ਇੱਕ-ਦੋ ਥਾਵਾਂ 'ਤੇ ਹੀ ਨਹੀਂ, ਸਗੋਂ ਪੂਰੇ ਜ਼ਿਲ੍ਹੇ ਦੇ ਵੱਖ-ਵੱਖ ਨਾਕਿਆਂ 'ਤੇ ਖ਼ੁਦ ਪਹੁੰਚ ਕੇ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸ਼ਰਾਰਤੀ ਅਨਸਰਾਂ ਵਿੱਚ ਪੁਲਿਸ ਦਾ ਖ਼ੌਫ਼ ਬਣਿਆ ਰਹੇ।
ਇਸੇ ਮੁਹਿੰਮ ਤਹਿਤ ਅਖ਼ਬਾਰ ਵਿੱਚ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਹੋਈ ਖ਼ਬਰ ਦਾ ਗੰਭੀਰ ਨੋਟਿਸ ਲੈਂਦਿਆਂ ਐਸ.ਐਸ.ਪੀ. ਅਜੇ ਗਾਂਧੀ ਨੇ ਸ੍ਰੀ ਗੋਇੰਦਵਾਲ ਸਾਹਿਬ ਦੇ ਪੁਲਿਸ ਨਾਕਿਆਂ ਦਾ ਵੀ ਦੌਰਾ ਕੀਤਾ। ਇਸ ਦੌਰਾਨ ਜਦੋਂ ਪੱਤਰਕਾਰਾਂ ਵੱਲੋਂ ਨਾਕਿਆਂ 'ਤੇ ਮੁਲਾਜ਼ਮਾਂ ਦੀ ਘਾਟ ਦਾ ਮੁੱਦਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ, ਤਾਂ ਉਨ੍ਹਾਂ ਮੌਕੇ 'ਤੇ ਮੌਜੂਦ ਥਾਣਾ ਮੁਖੀ (ਐਸ.ਐਚ.ਓ.) ਨਵਦੀਪ ਭੱਟੀ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਨਾਕਿਆਂ 'ਤੇ ਮੁਲਾਜ਼ਮਾਂ ਦੀ ਗਿਣਤੀ ਪੂਰੀ ਰੱਖਣ ਅਤੇ ਡਿਊਟੀ ਪ੍ਰਤੀ ਪੂਰੀ ਮੁਸਤੈਦੀ ਵਰਤਣ ਦੇ ਨਿਰਦੇਸ਼ ਦਿੱਤੇ।
ਦੂਜੇ ਪਾਸੇ, ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਇੱਕ ਪਾਸੇ ਜਿੱਥੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਖ਼ੁਦ ਸੜਕਾਂ 'ਤੇ ਉਤਰ ਕੇ ਜ਼ਿਲ੍ਹੇ ਭਰ ਦੇ ਨਾਕਿਆਂ ਦੀ ਚੈਕਿੰਗ ਕਰਨ ਨਾਲ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਹੋਈ ਹੈ, ਉੱਥੇ ਹੀ ਦੂਜੇ ਪਾਸੇ ਸ੍ਰੀ ਗੋਇੰਦਵਾਲ ਸਾਹਿਬ ਦੇ ਸਥਾਨਕ ਥਾਣਾ ਮੁਖੀ ਦੀ ਢਿੱਲੀ ਕਾਰਗੁਜ਼ਾਰੀ ਲਗਾਤਾਰ ਸਵਾਲਾਂ ਦੇ ਘੇਰੇ ਵਿੱਚ ਹੈ। ਲੋਕਾਂ ਮੁਤਾਬਕ ਸਥਾਨਕ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤੀ ਵਰਤਣ ਦੇ ਸਿਰਫ਼ ਖੋਖਲੇ ਦਾਅਵੇ ਹੀ ਕੀਤੇ ਜਾ ਰਹੇ ਹਨ, ਜਦਕਿ ਜ਼ਮੀਨੀ ਪੱਧਰ 'ਤੇ ਨਾਕਿਆਂ 'ਤੇ ਪੁਲਿਸ ਫੋਰਸ ਦੀ ਘਾਟ ਅਤੇ ਸੁਸਤ ਕਾਰਗੁਜ਼ਾਰੀ ਸਾਫ਼ ਦਿਖਾਈ ਦੇ ਰਹੀ ਹੈ।
ਇਲਾਕਾ ਨਿਵਾਸੀਆਂ ਨੇ ਐਸ.ਐਸ.ਪੀ. ਅਜੇ ਗਾਂਧੀ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਮੰਗ ਕੀਤੀ ਹੈ ਕਿ ਜ਼ਿਲ੍ਹਾ ਪੁਲਿਸ ਮੁਖੀ ਦੀ ਇਸ ਸਖ਼ਤੀ ਤੋਂ ਬਾਅਦ ਸਥਾਨਕ ਥਾਣਾ ਮੁਖੀ ਦੀ ਜਵਾਬਦੇਹੀ ਤੈਅ ਕੀਤੀ ਜਾਵੇ, ਤਾਂ ਜੋ ਕਸਬੇ ਅੰਦਰ ਸਿਰਫ਼ ਕਾਗਜ਼ੀ ਦਾਅਵਿਆਂ ਦੀ ਬਜਾਏ ਜ਼ਮੀਨੀ ਪੱਧਰ 'ਤੇ ਸੁਰੱਖਿਆ ਪ੍ਰਬੰਧ ਪੁਖ਼ਤਾ ਹੋ ਸਕਣ।
Leave a Reply