ਮੋਗਾ ਰੈਲੀ ’ਚ ‘ਆਪ’ ਆਗੂਆਂ ਦੇ ਭਾਸ਼ਣਾਂ ’ਚੋਂ ਝਲਕ ਰਿਹਾ ਹੈ ਹਾਰ ਦਾ ਡਰ: ਰਮਨਦੀਪ ਕੌਰ ਸ਼ੇਰੋਂ

ਮੋਗਾ ਰੈਲੀ ’ਚ ‘ਆਪ’ ਆਗੂਆਂ ਦੇ ਭਾਸ਼ਣਾਂ ’ਚੋਂ ਝਲਕ ਰਿਹਾ ਹੈ ਹਾਰ ਦਾ ਡਰ: ਰਮਨਦੀਪ ਕੌਰ ਸ਼ੇਰੋਂ

ਲੋਕਾਂ ਨੂੰ ਭਲਾਈ ਸਕੀਮਾਂ ਦੇਣ ਦੀ ਬਜਾਏ ਬੰਦ ਹੋਣ ਦਾ ਡਰ ਦਿਖਾ ਕੇ ਵੋਟਾਂ ਮੰਗ ਰਹੀ ਹੈ ‘ਆਪ’ ਸਰਕਾਰ: ਬੀਬਾ ਸ਼ੇਰੋਂ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,26 ਨਵੰਬਰ

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਮੋਗਾ ਵਿਖੇ ਆਮ ਆਦਮੀ ਪਾਰਟੀ ਦੀ ਰੈਲੀ ਦੌਰਾਨ ਪਾਰਟੀ ਆਗੂਆਂ ਵੱਲੋਂ ਦਿੱਤੇ ਗਏ ਭਾਸ਼ਣਾਂ ’ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਇਨ੍ਹਾਂ ਭਾਸ਼ਣਾਂ ਵਿੱਚ ਲੋਕਾਂ ਦਾ ਭਰੋਸਾ ਜਿੱਤਣ ਦੀ ਬਜਾਏ ‘ਆਪ’ ਆਗੂਆਂ ਦਾ ਸਿਆਸੀ ਡਰ ਸਾਫ਼ ਝਲਕ ਰਿਹਾ ਹੈ।

ਉਨ੍ਹਾਂ ਕਿਹਾ ਕਿ ਦਿੱਲੀ ਦੇ ਆਗੂ ਅਰਵਿੰਦ ਕੇਜਰੀਵਾਲ ਵੱਲੋਂ ਆਪਣੇ ਭਾਸ਼ਣ ਦੌਰਾਨ ਵਾਰ-ਵਾਰ ਇਹ ਕਹਿਣਾ ਕਿ ਜੇਕਰ ਲੋਕ ਕਿਸੇ ਹੋਰ ਪਾਰਟੀ ਨੂੰ ਵੋਟ ਪਾਉਣਗੇ ਤਾਂ ਉਨ੍ਹਾਂ ਨੂੰ ਮਿਲਣ ਵਾਲੀ 2000 ਰੁਪਏ ਦੀ ਸਕੀਮ ਬੰਦ ਹੋ ਜਾਵੇਗੀ, ਇਹ ਦਰਸਾਉਂਦਾ ਹੈ ਕਿ ਆਮ ਆਦਮੀ ਪਾਰਟੀ ਲੋਕਾਂ ਨੂੰ ਆਪਣੇ ਕੰਮਾਂ ਅਤੇ ਕਾਰਗੁਜ਼ਾਰੀ ਦੇ ਆਧਾਰ ’ਤੇ ਵੋਟਾਂ ਮੰਗਣ ਦੀ ਬਜਾਏ ਸਕੀਮ ਬੰਦ ਹੋਣ ਦਾ ਡਰ ਦਿਖਾ ਕੇ ਆਪਣੇ ਹੱਕ ਵਿੱਚ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਬੀਬਾ ਸ਼ੇਰੋਂ ਨੇ ਕਿਹਾ ਕਿ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਔਰਤਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੀ ਆਮ ਆਦਮੀ ਪਾਰਟੀ ਹੁਣ ਆਪਣੇ ਕਾਰਜਕਾਲ ਦੇ ਆਖ਼ਰੀ ਸਾਲ ਵਿੱਚ 2000 ਰੁਪਏ ਦੇਣ ਦੀ ਗੱਲ ਕਰਕੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਵੱਲੋਂ ਵਾਰ-ਵਾਰ ਸਕੀਮ ਬੰਦ ਹੋਣ ਦਾ ਡਰ ਦਿਖਾਉਣਾ ਇਸ ਗੱਲ ਦਾ ਸੰਕੇਤ ਹੈ ਕਿ ਸਰਕਾਰ ਨੂੰ ਲੋਕਾਂ ਦੇ ਬਦਲਦੇ ਰੁਝਾਨ ਅਤੇ ਆਪਣੀ ਸਿਆਸੀ ਜਵਾਬਦੇਹੀ ਦਾ ਅਹਿਸਾਸ ਹੋਣ ਲੱਗਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਸ਼ਾਸਨਕਾਲ ਦੌਰਾਨ ਔਰਤਾਂ ਦੇ ਮਾਣ-ਸਨਮਾਨ, ਸਸ਼ਕਤੀਕਰਨ ਅਤੇ ਭਲਾਈ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਸਨ। ਇਸ ਦੇ ਉਲਟ ਆਮ ਆਦਮੀ ਪਾਰਟੀ ਵੱਲੋਂ ਔਰਤਾਂ ਨੂੰ 2000 ਰੁਪਏ ਦੇਣ ਦੇ ਵਾਅਦੇ ਨੂੰ ਸਿਆਸੀ ਪ੍ਰਚਾਰ ਦਾ ਮੁੱਖ ਮੁੱਦਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਪ੍ਰਚਾਰ ’ਤੇ ਵੱਡੇ ਪੱਧਰ ’ਤੇ ਖਰਚ ਕਰਨ ਦੇ ਬਾਵਜੂਦ ਪੰਜਾਬ ਦੇ ਅਸਲ ਲੋਕ-ਭਲਾਈ ਮੁੱਦਿਆਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।

ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਸਵਾਲ ਕੀਤਾ ਕਿ ਜੇਕਰ ਲੋਕਾਂ ਨੂੰ ਡਰ ਦਿਖਾ ਕੇ ਵੋਟਾਂ ਮੰਗਣਾ ਹੀ ਸਰਕਾਰ ਦੀ ਨੀਤੀ ਬਣ ਗਈ ਹੈ ਤਾਂ ਇਸ ਨੂੰ ਲੋਕ-ਭਲਾਈ ਕਿਵੇਂ ਕਿਹਾ ਜਾ ਸਕਦਾ ਹੈ? ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਹੂਲਤਾਂ ਅਤੇ ਹੱਕ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ, ਨਾ ਕਿ ਚੋਣਾਂ ਵਿੱਚ ਸਿਆਸੀ ਫਾਇਦਾ ਲੈਣ ਲਈ ਉਨ੍ਹਾਂ ਨੂੰ ਡਰ ਦੇ ਮਾਹੌਲ ਵਿੱਚ ਰੱਖਣਾ। ਉਨ੍ਹਾਂ ਕਿਹਾ ਕਿ ਲੋਕ ਹੁਣ ਸਰਕਾਰ ਦੀਆਂ ਗੱਲਾਂ ਦੀ ਬਜਾਏ ਉਸ ਦੇ ਕੰਮਾਂ ਦਾ ਹਿਸਾਬ ਮੰਗ ਰਹੇ ਹਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.