ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ ਲੱਖਾਂ ਲੋਕਾਂ ਦੇ ਵਿਸ਼ਾਲ ਇਕੱਠ,

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ ਲੱਖਾਂ ਲੋਕਾਂ ਦੇ ਵਿਸ਼ਾਲ ਇਕੱਠ,

ਅੰਮ੍ਰਿਤਸਰ ਜ਼ਿਲ੍ਹੇ ਨੇ ਇਕੱਠ ਪੱਖੋਂ ਤੋੜਿਆ ਰਿਕਾਰਡ

ਅੰਮ੍ਰਿਤਸਰ - ਸੁਰਜੀਤ ਸਿੰਘ ਖਾਲਸਾ

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ ਅੱਜ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ਵਿੱਚ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਆਮ ਲੋਕਾਂ ਵੱਲੋਂ ਵੱਡੇ ਪੱਧਰ ’ਤੇ ਵਿਸ਼ਾਲ ਇਕੱਠ ਕੀਤੇ ਗਏ। ਇਨ੍ਹਾਂ ਇਕੱਠਾਂ ਵਿੱਚ ਲੱਖਾਂ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਕਿਸਾਨਾਂ, ਮਜ਼ਦੂਰਾਂ ਅਤੇ ਪੰਜਾਬ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ ’ਤੇ ਆਪਣੀ ਆਵਾਜ਼ ਬੁਲੰਦ ਕੀਤੀ। ਅੰਮ੍ਰਿਤਸਰ ਜ਼ਿਲ੍ਹੇ ਵਿੱਚ ਹੋਇਆ ਇਕੱਠ ਵਿਸ਼ੇਸ਼ ਤੌਰ ’ਤੇ ਵਿਸ਼ਾਲ ਰਿਹਾ ਅਤੇ ਇਕੱਠ ਪੱਖੋਂ ਨਵਾਂ ਰਿਕਾਰਡ ਕਾਇਮ ਕੀਤਾ।
ਇਹ ਜਾਣਕਾਰੀ ਸਰਵਣ ਸਿੰਘ ਭੰਦੇਰ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅੱਜ ਦੇ ਪੰਜਾਬ ਭਰ ਦੇ ਇਕੱਠਾਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਕਿਸਾਨ, ਮਜ਼ਦੂਰ, ਨੌਜਵਾਨ, ਮੁਲਾਜ਼ਮ ਅਤੇ ਆਮ ਲੋਕ ਆਪਣੇ ਹੱਕਾਂ ਅਤੇ ਪੰਜਾਬ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ’ਤੇ ਇਕਜੁੱਟ ਹਨ।

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀਆਂ ਮੁੱਖ ਮੰਗਾਂ

ਪੰਜਾਬ ਸਰਕਾਰ ਬਾਸਮਤੀ, ਮੱਕੀ, ਮੂੰਗੀ, ਸਰ੍ਹੋਂ ਅਤੇ ਆਲੂ ਦੀ ਫ਼ਸਲ ਦੀ ਖਰੀਦ ਆਪਣੇ ਪੱਧਰ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ’ਤੇ ਕਰੇ।
ਕਿਸਾਨਾਂ ਅਤੇ ਮਜ਼ਦੂਰਾਂ ਦੀ ਕੁੱਲ ਕਰਜ਼ਾ ਮੁਕਤੀ ਕੀਤੀ ਜਾਵੇ। ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਪੰਜਾਬ ਅੰਦਰ ਹੜ੍ਹਾਂ, ਧਰਤੀ ਹੇਠਲੇ ਪਾਣੀ ਅਤੇ ਹਵਾ ਤੇ ਪਾਣੀ ਦੇ ਪ੍ਰਦੂਸ਼ਣ ਦੇ ਸੰਕਟ ਨੂੰ ਹੱਲ ਕਰਨ ਲਈ ਕਾਰਗਰ ਨੀਤੀ ਬਣਾਈ ਜਾਵੇ ਅਤੇ ਦਰਿਆਈ ਪਾਣੀਆਂ ਦੀ ਵੰਡ ਰਾਇਪੇਰੀਅਨ ਸਿਧਾਂਤ ਅਨੁਸਾਰ ਕੀਤੀ ਜਾਵੇ।
ਬੀਜ ਐਕਟ 2025, ਸਹਿਕਾਰਤਾ ਕਾਨੂੰਨ 2026, ਮਨਰੇਗਾ ਨੂੰ ਤੋੜ ਕੇ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਜੀ-ਰਾਮ-ਜੀ ਕਾਨੂੰਨ ਅਤੇ ਬਿਜਲੀ ਸੋਧ ਬਿੱਲ 2025 ਨੂੰ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਰੱਦ ਕੀਤਾ ਜਾਵੇ ਅਤੇ ਪ੍ਰੀਪੇਡ ਬਿਜਲੀ ਮੀਟਰ ਲਗਾਉਣੇ ਬੰਦ ਕੀਤੇ ਜਾਣ।
ਪੰਜਾਬ ਸਰਕਾਰ ਭਾਰਤ–ਅਮਰੀਕਾ ਟ੍ਰੇਡ ਡੀਲ ਰੱਦ ਕਰਨ ਲਈ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕਰੇ।
ਸ਼ੰਭੂ ਅਤੇ ਖਨੌਰੀ ਮੋਰਚਿਆਂ ਤੋਂ ਟਰਾਲੀਆਂ ਸਮੇਤ ਲੁੱਟਿਆ ਗਿਆ ਸਾਰਾ ਸਮਾਨ ਵਾਪਸ ਕੀਤਾ ਜਾਵੇ।
ਹਰ ਕਿਸਮ ਦੇ ਆਬਾਦਕਾਰ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿੱਤੇ ਜਾਣ।
ਕਿਸਾਨ-ਮਜ਼ਦੂਰ ਅੰਦੋਲਨਾਂ ਦੌਰਾਨ ਪਾਏ ਗਏ ਪੁਲਿਸ ਅਤੇ ਰੇਲਵੇ ਦੇ ਪਰਚੇ ਅਤੇ ਪਰਾਲੀ ਸਾੜਨ ਨਾਲ ਸਬੰਧਤ ਪਰਚੇ ਰੱਦ ਕੀਤੇ ਜਾਣ। ਅੰਦੋਲਨਾਂ ਦੌਰਾਨ ਸ਼ਹੀਦ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ।
ਲੈਂਡ ਪੂਲਿੰਗ ਨੀਤੀ ਤੁਰੰਤ ਵਾਪਸ ਲਈ ਜਾਵੇ। ਭਾਰਤਮਾਲਾ ਪ੍ਰੋਜੈਕਟ ਲਈ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਧੱਕੇ ਨਾਲ ਕਬਜ਼ਾ ਕਰਨਾ ਬੰਦ ਕੀਤਾ ਜਾਵੇ।
ਨਸ਼ਿਆਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਇਆ ਜਾਵੇ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇ।
ਪੰਜਾਬ ਵਿੱਚ ਵੱਖ-ਵੱਖ ਜ਼ੋਨ ਬਣਾਉਣ ਦੇ ਨਾਂ ’ਤੇ ਪ੍ਰਾਈਵੇਟ ਅਦਾਰਿਆਂ ਵੱਲੋਂ ਪਿੰਡਾਂ ਦੀ ਡਰੋਨਾਂ ਰਾਹੀਂ, ਪਿੰਡ ਵਾਸੀਆਂ ਦੀ ਮਰਜ਼ੀ ਤੋਂ ਬਿਨਾਂ ਕੀਤੀ ਜਾ ਰਹੀ ਮੈਪਿੰਗ ਤੁਰੰਤ ਬੰਦ ਕੀਤੀ ਜਾਵੇ।

ਗੁਆਂਢੀ ਮੁਲਕ ਪਾਕਿਸਤਾਨ ਨਾਲ ਵਪਾਰਕ ਲਾਂਘਾ ਖੋਲ੍ਹਿਆ ਜਾਵੇ।

ਅੱਜ ਦੇ ਇਕੱਠਾਂ ਵਿੱਚ ਪਾਸ ਕੀਤੇ ਗਏ ਮਤੇ
ਅੱਜ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ ਹੋਏ ਇਕੱਠਾਂ ਦੌਰਾਨ ਹੇਠ ਲਿਖੇ ਮਤੇ ਪਾਸ ਕੀਤੇ ਗਏ:

1. ਅੱਜ ਦਾ ਇਹ ਇਕੱਠ ਮੰਗ ਕਰਦਾ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਰਤ ਕਾਨੂੰਨਾਂ ਨੂੰ ਰੱਦ ਕਰਕੇ ਲਿਆਂਦੇ ਗਏ ਚਾਰ ਲੇਬਰ ਕੋਡ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਮਤਾ ਲਿਆ ਕੇ ਰੱਦ ਕੀਤੇ ਜਾਣ।

2. ਮੁਲਾਜ਼ਮਾਂ ਵੱਲੋਂ ਚਲਾਏ ਜਾ ਰਹੇ ਸੰਘਰਸ਼ ਦੌਰਾਨ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਤਸ਼ੱਦਦ ਦੀ ਅੱਜ ਦਾ ਇਹ ਇਕੱਠ ਨਿਖੇਧੀ ਕਰਦਾ ਹੈ ਅਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਮੰਗ ਕਰਦਾ ਹੈ।

3. ਪੈਟਰੋਲ ਵਿੱਚ ਕੀਤੀ ਜਾ ਰਹੀ ਇਥੇਨੋਲ ਦੀ ਮਿਲਾਵਟ ਕਾਰਨ ਆਮ ਲੋਕਾਂ ਦੇ ਵਾਹਨਾਂ ਨੂੰ ਹੋ ਰਹੇ ਨੁਕਸਾਨ ਨੂੰ ਦੇਖਦਿਆਂ ਸਰਕਾਰ ਇਥੇਨੋਲ ਦੀ ਮਿਲਾਵਟ ਤੁਰੰਤ ਬੰਦ ਕਰੇ।

4. ਅੱਜ ਦਾ ਇਹ ਇਕੱਠ ਮੰਗ ਕਰਦਾ ਹੈ ਕਿ ਖਾਦ ਦੇ ਸੰਕਟ ਨੂੰ ਤੁਰੰਤ ਹੱਲ ਕੀਤਾ ਜਾਵੇ ਅਤੇ ਖਾਦ ਦੀ ਹੋ ਰਹੀ ਕਾਲਾਬਾਜ਼ਾਰੀ ਨੂੰ ਤੁਰੰਤ ਬੰਦ ਕੀਤਾ ਜਾਵੇ। ਕਿਸਾਨਾਂ ਨੂੰ ਲੋੜ ਅਨੁਸਾਰ ਖਾਦ ਮੁਹੱਈਆ ਕਰਵਾਈ ਜਾਵੇ।

5. ਪੰਜਾਬ ਵਿੱਚ ਘਰੇਲੂ ਖਪਤਕਾਰਾਂ ਨੂੰ 24 ਘੰਟੇ ਬਿਜਲੀ ਸਪਲਾਈ ਅਤੇ ਖੇਤੀ ਮੋਟਰਾਂ ਲਈ ਨਿਰਵਿਘਨ ਬਿਜਲੀ ਦਿੱਤੀ ਜਾਵੇ। ਬਿਜਲੀ ਸਪਲਾਈ ਵਿੱਚ ਲਗਾਏ ਜਾ ਰਹੇ ਵੱਡੇ ਕੱਟਾਂ ਕਾਰਨ ਆਮ ਲੋਕ ਅਤੇ ਕਿਸਾਨ ਪਰੇਸ਼ਾਨ ਹੋ ਰਹੇ ਹਨ, ਇਸ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ।

ਸਰਵਣ ਸਿੰਘ ਭੰਦੇਰ ਨੇ ਕਿਹਾ ਕਿ ਅੱਜ ਦੇ ਵਿਸ਼ਾਲ ਇਕੱਠਾਂ ਅਤੇ ਪਾਸ ਕੀਤੇ ਗਏ ਮਤਿਆਂ ਰਾਹੀਂ ਪੰਜਾਬ ਦੇ ਲੋਕਾਂ ਨੇ ਸਰਕਾਰਾਂ ਨੂੰ ਸਪਸ਼ਟ ਸੰਦੇਸ਼ ਦਿੱਤਾ ਹੈ ਕਿ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਨੌਜਵਾਨਾਂ ਅਤੇ ਪੰਜਾਬ ਦੇ ਹਿੱਤਾਂ ਨਾਲ ਜੁੜੇ ਮਸਲਿਆਂ ਨੂੰ ਹੁਣ ਹੋਰ ਅਣਦੇਖਾ ਨਹੀਂ ਕੀਤਾ ਜਾ ਸਕਦਾ। ਇਨ੍ਹਾਂ ਮੰਗਾਂ ਅਤੇ ਮਤਿਆਂ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

ਇਕੱਠਾਂ ਵਿੱਚ ਸ਼ਾਮਲ ਪ੍ਰਮੁੱਖ ਆਗੂ

ਜਸਵਿੰਦਰ ਸਿੰਘ ਲੋਗੋਂਵਾਲ — ਬੀਕੇਯੂ ਅਜ਼ਾਦ , ਜੰਗ ਸਿੰਘ — ਬੀਕੇਯੂ ਭਟੇਰੀ ,ਸੁਖਵਿੰਦਰ ਸਿੰਘ ਸਭਰਾ — ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ,ਦਿਲਬਾਗ ਸਿੰਘ ਗਿੱਲ — ਭਾਰਤੀ ਕਿਸਾਨ ਯੂਨੀਅਨ .ਮਨਜੀਤ ਸਿੰਘ ਰਾਏ — ਬੀਕੇਯੂ ਦੁਆਬਾ .ਉਂਕਾਰ ਸਿੰਘ ਪੁਰਾਣਾ ਭੰਗਾਲਾ — ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ,ਬਲਵੰਤ ਸਿੰਘ — ਬੀਕੇਯੂ ਬਹਿਰਾਮਕੇ .ਮਲਕੀਤ ਸਿੰਘ ਗੁਲਾਮੀਵਾਲਾ — ਕਿਸਾਨ ਮਜ਼ਦੂਰ ਮੋਰਚਾ ਪੰਜਾਬ
ਬਲਦੇਵ ਸਿੰਘ ਜੀਰਾਂ — ਬੀਕੇਯੂ ਕ੍ਰਾਂਤੀਕਾਰੀ

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.