ਸੁਖਬੀਰ ਬਾਦਲ ਦੀ ਖਡੂਰ ਸਾਹਿਬ ਫੇਰੀ ਨਾਲ ਅਕਾਲੀ ਵਰਕਰਾਂ ਵਿੱਚ ਨਵਾਂ ਉਤਸ਼ਾਹ ਤੇ ਜੋਸ਼-ਰਮਨਦੀਪ ਕੌਰ, ਬਿੱਲਾ ਸ਼ੇਰੋਂ

ਸੁਖਬੀਰ ਬਾਦਲ ਦੀ ਖਡੂਰ ਸਾਹਿਬ ਫੇਰੀ ਨਾਲ ਅਕਾਲੀ ਵਰਕਰਾਂ ਵਿੱਚ ਨਵਾਂ ਉਤਸ਼ਾਹ ਤੇ ਜੋਸ਼-ਰਮਨਦੀਪ ਕੌਰ, ਬਿੱਲਾ ਸ਼ੇਰੋਂ

ਅਕਾਲੀ ਸਰਕਾਰ ਬਣਨ 'ਤੇ ਦਰਿਆ ਬਿਆਸ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਕੇ ਹੜ੍ਹ ਪ੍ਰਭਾਵਿਤ ਪਿੰਡਾਂ ਦੀਆਂ ਫਸਲਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,24 ਜੁਲਾਈ 
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਖਡੂਰ ਸਾਹਿਬ ਦੇ ਮੰਡ ਖੇਤਰ ਦੀ ਕੀਤੀ ਗਈ ਫੇਰੀ ਨੇ ਅਕਾਲੀ ਆਗੂਆਂ ਅਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਅਤੇ ਜੋਸ਼ ਭਰ ਦਿੱਤਾ ਹੈ।ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਉਨ੍ਹਾਂ ਦੇ ਪਤੀ ਸੀਨੀਅਰ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਮੰਡ ਖੇਤਰ ਅਧੀਨ ਆਉਂਦੇ ਪਿੰਡ ਘੜਕਾ,ਗੁੱਜਰਪੁਰਾ,ਕੰਬੋਅ ਢਾਏ ਵਾਲਾ,ਭੈਲ,ਚੰਬਾ ਕਲਾਂ,ਮੁੰਡਾਪਿੰਡ ਸਮੇਤ ਕਈ ਪਿੰਡਾਂ ਦੇ ਕਿਸਾਨ ਹਰ ਸਾਲ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਦੀ ਮਾਰ ਝੱਲਦੇ ਹਨ।ਇਸ ਕਾਰਨ ਸੈਂਕੜੇ ਏਕੜ ਫਸਲ ਬਰਬਾਦ ਹੋ ਜਾਂਦੀ ਹੈ ਅਤੇ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਸਹਿਣਾ ਪੈਂਦਾ ਹੈ।
ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਦੱਸਿਆ ਕਿ ਪਿਛਲੇ ਸਾਲ ਵੀ ਹੜ੍ਹਾਂ ਕਾਰਨ ਮੰਡ ਖੇਤਰ ਦੀਆਂ ਫਸਲਾਂ ਬਰਬਾਦ ਹੋਣ 'ਤੇ ਸੁਖਬੀਰ ਸਿੰਘ ਬਾਦਲ ਨੇ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਦਾ ਦੁੱਖ-ਦਰਦ ਸੁਣਿਆ ਸੀ ਅਤੇ ਉਨ੍ਹਾਂ ਦੀ ਆਰਥਿਕ ਸਹਾਇਤਾ ਵੀ ਕੀਤੀ ਸੀ।ਉਨ੍ਹਾਂ ਕਿਹਾ ਕਿ ਇਸ ਵਾਰ ਦੀ ਫੇਰੀ ਦੌਰਾਨ ਵੀ ਪਾਰਟੀ ਪ੍ਰਧਾਨ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਵੱਲੋਂ ਦਿੱਤੇ ਮੰਗ ਪੱਤਰ 'ਤੇ ਵੀ ਵਿਚਾਰ ਕੀਤਾ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੇ ਸੁਖਬੀਰ ਸਿੰਘ ਬਾਦਲ ਦੇ ਧਿਆਨ ਵਿੱਚ ਲਿਆਂਦਾ ਕਿ ਜੇਕਰ ਦਰਿਆ ਬਿਆਸ ਦੇ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਮਜ਼ਬੂਤ ਬੰਨ੍ਹ ਦਾ ਨਿਰਮਾਣ ਕੀਤਾ ਜਾਵੇ ਤਾਂ ਹਰ ਸਾਲ ਫਸਲਾਂ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ। ਇਸ 'ਤੇ ਸੁਖਬੀਰ ਸਿੰਘ ਬਾਦਲ ਨੇ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪਹਿਲ ਦੇ ਆਧਾਰ 'ਤੇ ਦਰਿਆ ਬਿਆਸ ਦੇ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਜਾਵੇਗਾ,ਤਾਂ ਜੋ ਕਿਸਾਨਾਂ ਦੀ ਫਸਲ ਨੂੰ ਬਚਾਇਆ ਜਾ ਸਕੇ ਅਤੇ ਉਨ੍ਹਾਂ ਦਾ ਆਰਥਿਕ ਨੁਕਸਾਨ ਨਾ ਹੋ ਸਕੇ।
ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਮੰਡ ਖੇਤਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲਗਾਤਾਰ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨ ਵਾਲੀ ਸ਼੍ਰੋਮਣੀ ਅਕਾਲੀ ਦਲ ਹੀ ਇਕਮਾਤਰ ਪਾਰਟੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹੋਰ ਕਿਸੇ ਵੀ ਸਿਆਸੀ ਪਾਰਟੀ ਨੇ ਇਸ ਖੇਤਰ ਦੇ ਲੋਕਾਂ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਵੱਲ ਗੰਭੀਰ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਕਿਸਾਨਾਂ ਸਮੇਤ ਹਰ ਵਰਗ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਅਤੇ ਵਿਕਾਸਮੁਖੀ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.