ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 4 ਨਵੰਬਰ ਤਾਜੀਮਨੂਰ ਕੌਰ 
 

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੁਨਹਿਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਵੱਲੋਂ ਜਲ ਪਾਣੀ ਅਤੇ ਲੰਗਰਾਂ ਰਾਹੀਂ ਸੇਵਾ ਕੀਤੀ ਗਈ।
 

ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸ. ਮਨਜੀਤ ਸਿੰਘ ਤਲਵੰਡੀ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਾਲ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਗੁਰਪ੍ਰੀਤ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਜਸਬੀਰ ਸਿੰਘ, ਸ. ਰਵਿੰਦਰ ਸਿੰਘ ਸਮੇਤ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
 

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਦਿੱਤੀ ਵਧਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸੰਸਾਰ ਦੇ ਸਰਬਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਮਾਨਵਤਾ ਲਈ ਕਲਿਆਣਕਾਰੀ ਹੈ। ਗੁਰੂ ਸਾਹਿਬ ਨੇ ਮਨੁੱਖਤਾ ਨੂੰ ਬਰਾਬਰਤਾ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦਿਆਂ ਜਾਤ-ਪਾਤ ਦੀ ਵਲਗਣ ਵਿੱਚੋਂ ਕੱਢਿਆ ਅਤੇ ਦੱਬੀ ਕੁਚਲੀ, ਲਤਾੜੀ ਤੇ ਦਬਾਈ ਜਾ ਰਹੀ ਲੋਕਾਈ ਵਾਸਤੇ ਆਸ ਅਤੇ ਧਰਵਾਸ ਬਣੇ। ਉਨ੍ਹਾਂ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਉਪਦੇਸ਼ ਨਾਲ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਵਿਲੱਖਣ ਮਾਰਗ ਨਿਰਧਾਰਤ ਕੀਤਾ। ਐਡਵੋਕੇਟ ਧਾਮੀ ਨੇ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਗੁਰਬਾਣੀ ਉਪਦੇਸ਼ਾਂ ਅਨੁਸਾਰ ਆਪਣਾ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕਰਦਿਆਂ ਕਿਹਾ ਕਿ ਸਾਡਾ ਸਭ ਦਾ ਫਰਜ ਹੈ ਕਿ ਅਸੀਂ ਗੁਰੂ ਸਾਹਿਬ ਵੱਲੋਂ ਬਖਸ਼ੇ ਫਲਸਫੇ ਨੂੰ ਸੰਸਾਰ ਵਿਚ ਫੈਲਾਉਣ ਦਾ ਯਤਨ ਕਰੀਏ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.