ਪਿੰਡ ਕੋਟਲੀ ਵਸਾਵਾ ਸਿੰਘ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਝਟਕਾ

ਪਿੰਡ ਕੋਟਲੀ ਵਸਾਵਾ ਸਿੰਘ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਝਟਕਾ

ਨਜ਼ਰਾਨਾ ਟਾਈਮਜ਼ 20 ਫਰਵਰੀ 

ਗੁਰਮੀਤ ਸਿੰਘ, ਵਲਟੋਹਾ

ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਕੋਟਲੀ ਵਸਾਵਾ ਸਿੰਘ ਵਿਖੇ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਹਰਬੀਰ ਸਿੰਘ ਸੋਹਲੀਏ ਪਰਿਵਾਰ ਸਾਥੀਆਂ ਸਮੇਤ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਿਆ। ਇਸ ਮੌਕੇ ਹਲਕਾ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਨੇ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਅਤੇ ਸੂਬਾ ਸਰਕਾਰ ਦੇ ਕੰਮਾਂ ਤੋਂ ਖੁਸ਼ ਹੋ ਕੇ ਅਕਾਲੀ ਦਲ ਬਾਦਲ ਨੂੰ ਛੱਡ ਕੇ ਆਏ ਹਰਬੀਰ ਸਿੰਘ ਸੋਹਲੀਏ ਪਰਿਵਾਰ ਅਤੇ ਸਮੂਹ ਸਾਥੀਆਂ ਸਮੇਤ ਪਾਰਟੀ ਨਾਲ ਜੁੜਨ ਲਈ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਰਵਣ ਸਿੰਘ ਧੁੰਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਜਿੱਥੇ ਹਰੇਕ ਵਰਗ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਈਆਂ ਹਨ ਉੱਥੇ ਹੀ ਪੰਜਾਬ ਵਿੱਚ ਸਿਉਂਕ ਵਾਂਗ ਫੈਲ ਰਹੇ ਭਰਿਸ਼ਟਾਚਾਰ ਨੂੰ ਵੱਡੇ ਪੱਧਰ ਉੱਪਰ ਨਕੇਲ ਪਾਈ ਹੈ। ਉਹਨਾਂ ਕਿਹਾ ਕਿ ਮਾਨ ਸਰਕਾਰ ਦੀ ਭਰਿਸ਼ਟਾਚਾਰ ਵਿਰੋਧੀ ਨੀਤੀ ਨਾਲ ਸਰਕਾਰੀ ਦਫਤਰਾਂ ਵਿੱਚ ਭਰਿਸ਼ਟਾਚਾਰ ਦੀ ਦਰ ਵਿੱਚ ਬਹੁਤ ਗਿਰਾਵਟ ਆਈ ਹੈ ਅਤੇ ਲੋਕਾਂ ਦੇ ਕੰਮ ਬਿਨਾਂ ਕਿਸੇ ਖੱਜਲ ਖਵਾਰੀ ਤੋਂ ਹੋ ਰਹੇ ਹਨ। ਉਹਨਾਂ ਕਿਹਾ ਕਿ ਸੂਬੇ ਵਿੱਚ ਲੋਕਾਂ ਨੂੰ ਬਿਜਲੀ ਦੇ 600 ਯੂਨਿਟ ਮੁਆਫ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਅਤੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਬੇਹਦ ਖੁਸ਼ ਹਨ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਗਰਾਂਟਾਂ ਨਾਲ ਹਲਕੇ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾਵੇਗੀ ਅਤੇ ਹਰੇਕ ਵਰਗ ਨੂੰ ਸਾਰੀਆਂ ਸਹੂਲਤਾਂ ਦਾ ਲਾਭ ਬਿਨਾਂ ਕਿਸੇ ਭੇਦਭਾਵ ਤੋਂ ਪਹੁੰਚਾਇਆ ਜਾਵੇਗਾ। ਇਸ ਮੌਕੇ ਪੀਏ ਹੀਰਾ ਸਿੰਘ, ਸਰਪੰਚ ਮਨਜੀਤ ਸਿੰਘ ਦਿਉਲ, ਬਲਾਕ ਪ੍ਰਧਾਨ ਸੁੱਖ ਲਲਿਆਨੀ, ਰਾਣਾ ਬੁੱਗ ਆਦਿ ਹਾਜ਼ਿਰ ਸਨ।