ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਬਾਬਾ ਅਵਤਾਰ ਸਿੰਘ ਸੁਰਸਿੰਘ ਨਾਲ ਮੁਲਾਕਾਤ ਕਰਕੇ ਕੀਤੀਆਂ ਪੰਥਕ ਵਿਚਾਰਾਂ
- ਧਾਰਮਿਕ/ਰਾਜਨੀਤੀ
- 06 Nov,2025
ਅੰਮ੍ਰਿਤਸਰ, 6 ਨਵੰਬਰ- ਨਜ਼ਰਾਨਾ ਟਾਈਮਜ ਬਿਊਰੋ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੜ ਪ੍ਰਧਾਨ ਬਨਣ ਮਗਰੋਂ ਅੱਜ ਇਥੇ ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨਾਲ ਮੁਲਕਾਤ ਕਰਕੇ ਪੰਥਕ ਵਿਚਾਰਾਂ ਕੀਤੀਆਂ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਪ੍ਰੋਗਰਾਮਾਂ ਬਾਰੇ ਚਰਚਾ ਕੀਤੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੌਮ ਦੀ ਹਰ ਜਥੇਬੰਦੀ ਦਾ ਸਿੱਖ ਪੰਥ ਵਿਚ ਵੱਡਾ ਸਤਿਕਾਰ ਹੈ ਅਤੇ ਪੰਥ ਦੀ ਨੁਮਾਇੰਦਾ ਜਥੇਬੰਦੀ ਦਾ ਮੁੱਖ ਸੇਵਾਦਾਰ ਹੋਣ ਨਾਤੇ ਸਾਰਿਆਂ ਨਾਲ ਤਾਲਮੇਲ ਉਨ੍ਹਾਂ ਦੀ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਪਰਦਾਵਾਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਨੇ ਹਮੇਸ਼ਾਂ ਹੀ ਪੰਥ ਦੀ ਚੜ੍ਹਦੀ ਕਲਾ ਲਈ ਕਾਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਪੰਥਕ ਏਕਤਾ ਨਾਲ ਕਾਰਜ ਕਰਨੇ ਸਮੇਂ ਦੀ ਵੱਡੀ ਲੋੜ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਤੇ ਪੰਥਕ ਕਾਰਜਾਂ ਲਈ ਸਾਰਿਆਂ ਦਾ ਸਹਿਯੋਗ ਲਿਆ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਓਐਸਡੀ ਸ. ਸਤਬੀਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਹਾਜ਼ਰ ਸਨ।
Posted By:
GURBHEJ SINGH ANANDPURI
Leave a Reply