Nazrana Times

ਪੰਜਾਬੀ

ਸ਼ਲਾਂਘਾ ਯੋਗ ਕਦਮ ਗ੍ਰਾਮ ਪੰਚਾਇਤ ਕੋਟਲਾ ਬਥੂੰਨਗੜ੍ਹ ਵੱਲੋਂ ਪਰਾਲੀ ਨੂੰ ਅੱਗ ਨਾ ਲਾਉਣ ਦਾ ਮਤਾ ਪਾਸ ਕੀਤਾ

23 Sep, 2026 08:13 PM

ਟਾਂਗਰਾ - ਸੁਰਜੀਤ ਸਿੰਘ ਖਾਲਸਾ
ਵਾਤਾਵਰਨ ਦੀ ਸੰਭਾਲ ਅਤੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਬਚਾਉਣ ਲਈ ਪਿੰਡ ਕੋਟਲਾ ਬਤਰਾਣਗੜ੍ਹ (ਬਲਾਕ ਤਰਸਿੱਕਾ) ਦੀ ਗ੍ਰਾਮ ਪੰਚਾਇਤ ਵੱਲੋਂ ਇੱਕ ਵਧੀਆ ਪਹਿਲਕਦਮੀ ਕਰਦਿਆਂ ਪਿੰਡ ਵਿੱਚ ਝੋਨੇ ਦੀ ਪਰਾਲੀ ਅਤੇ ਨਾੜ ਨੂੰ ਅੱਗ ਨਾ ਲਗਾਉਣ ਦਾ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ।ਗੱਲਬਾਤ ਮੌਕੇ ਸਰਪੰਚ ਗੁਰਦੀਪ ਸਿੰਘ ਕੋਟਲ਼ਾ ਨੇ ਦੱਸਿਆ ਕਿ ਪੰਚਾਇਤ ਅਹੁਦੇਦਾਰਾਂ ਅਤੇ ਪਿੰਡ ਦੇ ਮੋਹਤਬਰਾਂ ਦੀ ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ।ਕਿ ਪਿੰਡ ਦਾ ਕੋਈ ਵੀ ਕਿਸਾਨ ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਹੀਂ ਲਗਾਏਗਾ। ਪੰਚਾਇਤ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਹਵਾ ਪ੍ਰਦੂਸ਼ਿਤ ਹੁੰਦੀ ਹੈ ਅਤੇ ਸਾਹ ਦੀਆਂ ਬੀਮਾਰੀਆਂ ਫੈਲਦੀਆਂ ਹਨ, ਉੱਥੇ ਹੀ ਜ਼ਮੀਨ ਦੇ ਮਿੱਤਰ ਕੀੜੇ ਅਤੇ ਜੈਵਿਕ ਤੱਤ ਵੀ ਸੜ ਕੇ ਨਸ਼ਟ ਹੋ ਜਾਂਦੇ ਹਨ। ਮਤੇ ਵਿੱਚ ਇਹ ਵੀ ਤੈਅ ਕੀਤਾ ਗਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਉਪਲਬਧ ਕਰਵਾਈਆਂ ਜਾਂਦੀਆਂ ਆਧੁਨਿਕ ਮਸ਼ੀਨਾਂ (ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ ਅਤੇ ਸਮਾਰਟ ਸੀਡਰ) ਦੀ ਮਦਦ ਨਾਲ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਕਣਕ ਦੀ ਬਿਜਾਈ ਕੀਤੀ ਜਾਵੇਗੀ।
ਪੰਚਾਇਤ ਵੱਲੋਂ ਲਏ ਗਏ ਇਸ ਵਾਤਾਵਰਨ-ਪੱਖੀ ਫੈਸਲੇ ਦੀ ਖੇਤੀਬਾੜੀ ਵਿਭਾਗ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਵੀ ਸ਼ਲਾਘਾ ਕੀਤੀ ਗਈ ਹੈ। ਅਧਿਕਾਰੀਆਂ ਨੇ ਆਖਿਆ ਕਿ ਹੋਰਨਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਕੋਟਲਾ ਬਥੂੰਨਗੜ੍ਹ ਦੀ ਪੰਚਾਇਤ ਤੋਂ ਪ੍ਰੇਰਨਾ ਲੈ ਕੇ ਅਜਿਹੇ ਮਤੇ ਪਾਉਣੇ ਚਾਹੀਦੇ ਹਨ ਤਾਂ ਜੋ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇ। ਇਸ ਮੌਕੇ ਸਰਪੰਚ ਗੁਰਦੀਪ ਸਿੰਘ ਕੋਟਲਾ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ, ਕੁਲਤੇਜ ਸਿੰਘ, ਮੈਂਬਰ ਗੁਰਦੀਪ ਸਿੰਘ, ਮੈਂਬਰ ਬਲਬੀਰ ਸਿੰਘ, ਅਮਰੀਕ ਸਿੰਘ, ਬਲਬੀਰ ਸਿੰਘ, ਜਸਬੀਰ ਸਿੰਘ, ਹਰਵਿੰਦਰ ਸਿੰਘ ਹਿੰਦਾ, ਮੈਂਬਰ ਸੁਖਜਿੰਦਰ ਸਿੰਘ ਡਾ. ਸਤਿੰਦਰਬੀਰ ਸਿੰਘ ਕੋਟਲ਼ਾ ਸਮੇਤ ਪਿੰਡ ਦੇ ਹੋਰ ਮੋਹਤਬਰ ਕਿਸਾਨ ਹਾਜ਼ਰ ਸਨ।

Posted By: GURBHEJ SINGH ANANDPURI

Latest News