ਰਿਟਰਨਿੰਗ ਅਫ਼ਸਰ ਵੱਲੋਂ ਇੱਕ ਯੂ-ਟਿਊਬ ਚੈਨਲ ਖਿਲਾਫ਼ ਕਾਰਵਾਈ ਕਰਨ ਦੀਆਂ ਹਦਾਇਤਾਂ ਜਾਰੀ
- ਕਨੂੰਨ
- 31 Oct,2025
ਯੂ-ਟਿਊਬ ਚੈਨਲ ਨੇ ਆਦਰਸ਼ ਚੋਣ ਜ਼ਾਬਤੇ ਦੀ ਕੀਤੀ ਸੀ ਉਲੰਘਣਾਂ
ਰਾਕੇਸ਼ ਨਈਅਰ ਚੋਹਲਾ
ਤਰਨ ਤਾਰਨ,31 ਅਕਤੂਬਰ
ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੇ ਰਿਟਰਨਿੰਗ ਅਫ਼ਸਰ ਸ੍ਰੀ ਗੁਰਮੀਤ ਸਿੰਘ ਨੇ ਪੁਲਿਸ ਵਿਭਾਗ ਨੂੰ ਇੱਕ ਯੂ-ਟਿਊਬ ਚੈਨਲ ਖਿਲਾਫ਼ ਕਾਰਵਾਈ ਕਰਨ ਲਈ ਲਿਖਿਆ ਹੈ।ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ ਸਬੰਧੀ ਜ਼ਿਲ੍ਹਾ ਪੱਧਰ 'ਤੇ ਸਥਾਪਿਤ ਮੀਡੀਆ ਸਰਟੀਫਿਕੇਸ਼ਨ ਐਂਡ ਮਾਨੀਟਰਿੰਗ ਕਮੇਟੀ (ਐੱਮ.ਸੀ.ਐੱਮ.ਸੀ.) ਵੱਲੋਂ ਰਿਟਰਨਿੰਗ ਅਫ਼ਸਰ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਇੱਕ ਯੂ-ਟਿਊਬ ਚੈਨਲ 'ਲੋਕ ਪੁਆਇੰਟ ਨਿਊਜ਼' ਵੱਲੋਂ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ-2025 ਸਬੰਧੀ ਇੱਕ ਚੋਣ ਸਰਵੇ ਨਸ਼ਰ ਕੀਤਾ ਗਿਆ ਹੈ।ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਦਰਸ਼ ਚੋਣ ਜ਼ਾਬਤੇ ਦੌਰਾਨ ਵੋਟਾਂ ਪੈਣ ਤੋਂ ਪਹਿਲਾਂ ਕਿਸੇ ਵੀ ਤਰ੍ਹਾਂ ਦੇ ਚੋਣ ਸਰਵੇ ਨੂੰ ਨਸ਼ਰ ਕਰਨਾ ਚੋਣ ਜ਼ਾਬਤੇ ਦੇ ਵਿਰੁੱਧ ਹੈ। ਇਸ ਉੱਪਰ ਕਾਰਵਾਈ ਕਰਦੇ ਹੋਏ ਰਿਟਰਨਿੰਗ ਅਫ਼ਸਰ ਸ੍ਰੀ ਗੁਰਮੀਤ ਸਿੰਘ ਨੇ ਉਪ ਕਪਤਾਨ ਪੁਲਿਸ (ਸਿਟੀ) ਤਰਨ ਤਾਰਨ ਨੂੰ ਲਿਖਤੀ ਹਦਾਇਤ ਕੀਤੀ ਹੈ ਕਿ ਇਸ ਸਾਰੇ ਮਸਲੇ ਦੀ ਜਾਂਚ ਕਰਕੇ ਯੂ-ਟਿਊਬ ਚੈਨਲ 'ਲੋਕ ਪੁਆਇੰਟ ਨਿਊਜ਼' ਦੇ ਪ੍ਰਬੰਧਕਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਂ ਨਹੀਂ ਕਰਨ ਦਿੱਤੀ ਜਾਵੇਗੀ।ਰਿਟਰਨਿੰਗ ਅਫ਼ਸਰ ਸ੍ਰੀ ਗੁਰਮੀਤ ਸਿੰਘ ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੌਰਾਨ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੇ ਸਰਵੇ ਕਰਨ ਅਤੇ ਉਸ ਨੂੰ ਨਸ਼ਰ ਕਰਨ ਉੱਪਰ ਮਨਾਹੀ ਹੈ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਅਤੇ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨਾ ਸਾਡਾ ਸਾਰਿਆਂ ਦਾ ਫ਼ਰਜ ਹੈ ਤਾਂ ਜੋ ਸਮੁੱਚੀ ਚੋਣ ਪ੍ਰੀਕ੍ਰਿਆ ਸਫਲਤਾਪੂਰਵਕ ਨੇਪਰੇ ਚਾੜ੍ਹੀ ਜਾ ਸਕੇ।ਰਿਟਰਨਿੰਗ ਅਫ਼ਸਰ ਸ੍ਰੀ ਗੁਰਮੀਤ ਸਿੰਘ ਨੇ ਕਿਹਾ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰ 'ਤੇ ਬਣੀ ਮੀਡੀਆ ਸਰਟੀਫ਼ਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਵੱਲੋਂ ਪ੍ਰਿੰਟ, ਇਲੈੱਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ 24 ਘੰਟੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਐੱਮ.ਸੀ.ਐੱਮ.ਸੀ. ਸੈੱਲ ਵੱਲੋਂ ਚੋਣਾਂ ਨਾਲ ਸਬੰਧਿਤ ਸਾਰੀਆਂ ਖ਼ਬਰਾਂ ਨੂੰ ਬਰੀਕੀ ਨਾਲ ਵਾਚਿਆ ਜਾ ਰਿਹਾ ਹੈ ਤਾਂ ਜੋ ਪੇਡ ਨਿਊਜ਼ ਨੂੰ ਰੋਕਿਆ ਜਾ ਸਕੇ।ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਆਪਣੇ ਚੋਣ ਪ੍ਰਚਾਰ ਦੌਰਾਨ ਬਲਕ ਐੱਸ.ਐੱਮ.ਐੱਸ ਤੇ ਵਾਈਸ ਮੈਸੇਜ, ਇਲੈਕਟ੍ਰੋਨਿਕ ਮੀਡੀਆ ਟੀ.ਵੀ. ਤੇ ਕੇਬਲ ਚੈਨਲ, ਜਨਤਕ ਥਾਵਾਂ 'ਤੇ ਆਡੀਓ-ਵੀਜ਼ੂਅਲ ਰਾਜਨੀਤਿਕ ਮੁਹਿੰਮ, ਇੰਟਰਨੈੱਟ ਅਤੇ ਸੋਸ਼ਲ ਮੀਡੀਆ, ਰੇਡੀਓ,ਈ-ਪੇਪਰ, ਸਿਨੇਮਾ ਹਾਲ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰਬਾਜ਼ੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਜਾਰੀ ਨਹੀਂ ਕੀਤੀ ਜਾ ਸਕਦੀ।ਇਸੇ ਤਰਾਂ ਪ੍ਰਿੰਟ ਮੀਡੀਆ ਵਿੱਚ ਵੋਟਾਂ ਵਾਲੇ ਦਿਨ ਅਤੇ ਵੋਟਾਂ ਵਾਲੇ ਦਿਨ ਤੋਂ ਇੱਕ ਦਿਨ ਪਹਿਲਾਂ ਕੋਈ ਵੀ ਸਿਆਸੀ ਇਸ਼ਤਿਹਾਰ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਛਪ ਸਕਦਾ ਹੈ।ਉਨ੍ਹਾਂ ਚੋਣਾਂ ਲੜ ਰਹੇ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਅਤੇ ਇਲੈਕਟ੍ਰੋਨਿਕ ਮੀਡੀਆ,ਸੋਸ਼ਲ ਮੀਡੀਆ,ਬਲਕ ਐੱਸ.ਐੱਮ.ਐੱਸ, ਈ-ਪੇਪਰ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ ਐੱਮ.ਸੀ.ਐੱਮ.ਸੀ. ਦੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਨਾ ਲਗਾਇਆ ਜਾਵੇ।
Posted By:
GURBHEJ SINGH ANANDPURI
Leave a Reply