ਮੁੜ ਖੋਲ੍ਹਿਆ ਜਾਵੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ,ਇਹ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਸਾਂਝ ਦਾ ਮਾਮਲਾ-ਜਥੇਦਾਰ ਸਾਹੀ

ਮੁੜ ਖੋਲ੍ਹਿਆ ਜਾਵੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ,ਇਹ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਸਾਂਝ ਦਾ ਮਾਮਲਾ-ਜਥੇਦਾਰ ਸਾਹੀ

ਕਪੂਰਥਲਾ 3 ਨਵੰਬਰ ਗੌਰਵ ਮੜੀਆ 

ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਇਸ ਸਮੇਂ ਬਹੁਤ ਜ਼ੋਰਾਂ ਤੇ ਹੈ।ਇਸ ਸਬੰਧੀ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਨੇ ਕੇਂਦਰ ਸਰਕਾਰ ਨੂੰ ਲਾਂਘਾ ਤੁਰੰਤ ਖੋਲ੍ਹਣ ਦੀ ਅਪੀਲ ਕੀਤੀ ਹੈ।ਜਥੇਦਾਰ ਸਾਹੀ ਨੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਮੱਦੇਨਜ਼ਰ ਕੇਂਦਰ ਨੂੰ ਬੇਨਤੀ ਕੀਤੀ ਹੈ ਕਿ ਸ਼ਰਧਾਲੂਆਂ ਦੀ ਆਸਥਾ ਨੂੰ ਸਿਆਸਤ ਤੋਂ ਉੱਪਰ ਰੱਖ ਕੇ ਇਸ ਰਸਤੇ ਨੂੰ ਬਹਾਲ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਇਹ ਲਾਂਘਾ ਸਿਰਫ਼ ਭਾਰਤ ਅਤੇ ਪਾਕਿਸਤਾਨ ਵਿਚਕਾਰ ਕੂਟਨੀਤਕ ਰਸਤਾ ਨਹੀਂ ਹੈ ਸਗੋਂ ਲੱਖਾਂ ਸਿੱਖ ਸੰਗਤਾਂ ਲਈ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਸਾਂਝ ਨਾਲ ਜੁੜਿਆ ਹੋਇਆ ਮਾਮਲਾ ਹੈ।ਉਨ੍ਹਾਂਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਚਾਲੂ ਰੱਖਣ ਲਈ ਤੁਰੰਤ ਕਦਮ ਚੁੱਕੇ,ਤੀਰਥ ਯਾਤਰਾ ਦੀਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਵੇ ਅਤੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰੇ ਤਾਂ ਜੋ ਸੰਗਤ ਦੀ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਤੱਕ ਸੁਰੱਖਿਅਤ,ਸੁਚਾਰੂ ਅਤੇ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ।ਜਥੇਦਾਰ ਸਾਹੀ ਕਿਹਾ ਸ੍ਰੀ ਕਰਤਾਰਪੁਰ ਸਾਹਿਬ ਕਿਰਤ ਕਰੋ,ਨਾਮ ਜਪੋ ਤੇ ਵੰਡ ਛਕੋ ਦੇ ਸਿਧਾਂਤਾਂ ਦਾ ਮੁੱਢ ਹੈ।ਇਹ ਲਾਂਘਾ ਸਿਰਫ਼ ਇੱਕ ਰਸਤਾ ਨਹੀਂ,ਸਗੋਂ ਇੱਕ ਅਜਿਹਾ ਪੁਲ ਹੈ ਜੋ ਸਿੱਖ ਸੰਗਤ ਨੂੰ ਉਸ ਧਰਤੀ ਨਾਲ ਮੁੜ ਜੋੜਦਾ ਹੈ ਜਿੱਥੇ ਸਾਡੇ ਗੁਰੂ ਸਾਹਿਬ ਨੇ ਚਰਨ ਪਾਏ ਸਨ।ਜਥੇਦਾਰ ਸਾਹੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਇੱਕ ਮਹੱਤਵਪੂਰਨ ਪੜਾਅ ਕਰਤਾਰਪੁਰ ਸਾਹਿਬ ਵਿਖੇ ਬਿਤਾਇਆ ਅਤੇ ਮਨੁੱਖਤਾ ਨੂੰ ਸਮਾਨਤਾ,ਸੇਵਾ, ਭਾਈਚਾਰੇ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਹ ਲਾਂਘਾ ਲੱਖਾਂ ਸੰਗਤਾਂ ਦੀਆਂ ਭਾਵਨਾਵਾਂ ਅਤੇ 1947 ਦੀ ਵੰਡ ਦੌਰਾਨ ਵਿਛੜੇ ਪਰਿਵਾਰਾਂ ਦੇ ਦਰਦ ਦੀ ਤਰਜਮਾਨੀ ਕਰਦਾ ਹੈ।ਉਨ੍ਹਾਂਨੇ ਕਿਹਾ ਗੁਰੂ ਸਾਹਿਬ ਦਾ ਸੰਦੇਸ਼ ਸਾਰੇ ਧਰਮਾਂ ਅਤੇ ਸਮੁੱਚੀ ਲੋਕਾਈ ਲਈ ਹੈ,ਜੋ ਹੱਦਾਂ-ਸਰਹੱਦਾਂ ਤੋਂ ਪਰੇ ਹੈ।ਉਨ੍ਹਾਂ ਦੀ ਬਾਣੀ ਮਨੁੱਖਤਾ ਨੂੰ ਪਿਆਰ, ਸਦਭਾਵਨਾ,ਸਹਿਣਸ਼ੀਲਤਾ ਅਤੇ ਸ਼ਾਂਤੀ ਦਾ ਮਾਰਗ ਦਿਖਾਉਂਦੀ ਹੈ।ਇਸ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਾ ਰੱਖਣਾ ਧਾਰਮਿਕ ਆਜ਼ਾਦੀ,ਮਨੁੱਖੀ ਸਾਂਝ ਅਤੇ ਪੰਜਾਬ ਦੀ ਸਾਂਝੀ ਵਿਰਾਸਤ ਦੇ ਸਤਿਕਾਰ ਨਾਲ ਸਬੰਧਤ ਹੈ।ਉਨ੍ਹਾਂਨੇ ਕਿਹਾ,ਸਿੱਖ ਸੰਗਤ ਦੇ ਮਨਾਂ ਚ ਸਰਹੱਦ ਦੇ ਦੂਜੇ ਪਾਸੇ ਰਹਿ ਗਏ ਗੁਰਧਾਮਾਂ ਦੇ ਦਰਸ਼ਨ ਕਰਨ ਦੀ ਤਾਂਘ ਹੈ ਜੋ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀਆਂ ਰੁਕਾਵਟਾਂ ਕਾਰਨ ਪ੍ਰਭਾਵਿਤ ਹੋ ਰਹੀ ਹੈ,ਇਸ ਲਈ ਕੇਂਦਰ ਸਰਕਾਰ ਲਾਂਘੇ ਨੂੰ ਦੁਬਾਰਾ ਖੋਲ੍ਹੇ।ਉਨ੍ਹਾਂ ਕਿਹਾ ਕਿ ਲਾਂਘੇ ਰਾਹੀਂ ਆਉਣ-ਜਾਣ ਸਬੰਧੀ ਪਾਬੰਦੀਆਂ ਅਤੇ ਰੁਕਾਵਟਾਂ ਦੁਨੀਆ ਭਰ ਵਿੱਚ ਵਸਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਦਰਸ਼ਨਾਂ ਤੋਂ ਵਾਂਝਾ ਕਰਦੀਆਂ ਹਨ।ਉਨ੍ਹਾਂ ਕੇਂਦਰ ਨੂੰ ਸੰਗਤਾਂ,ਖਾਸ ਕਰਕੇ ਬਜ਼ੁਰਗਾਂ ਲਈ ਪ੍ਰਕਿਰਿਆਵਾਂ ਨੂੰ ਹੋਰ ਸਰਲ ਬਣਾਉਣ ਦੀ ਅਪੀਲ ਕੀਤੀ ਤਾਂ ਜੋ ਵੱਧ ਤੋਂ ਵੱਧ ਸੰਗਤ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕੇ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.