ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ 'ਤੇ 'ਨੱਚ-ਗਾਣੇ' ਕਰਵਾਉਣਾ 'ਆਪ' ਸਰਕਾਰ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ- ਬ੍ਰਹਮਪੁਰਾ

ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ 'ਤੇ 'ਨੱਚ-ਗਾਣੇ' ਕਰਵਾਉਣਾ 'ਆਪ' ਸਰਕਾਰ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ- ਬ੍ਰਹਮਪੁਰਾ

ਰਾਕੇਸ਼ ਨਈਅਰ ਚੋਹਲਾ

ਤਰਨ ਤਾਰਨ,25 ਜੁਲਾਈ

ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪੰਜਾਬ ਦੀ 'ਆਪ' ਸਰਕਾਰ ਵੱਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਵਿੱਚ ਮਨੋਰੰਜਕ ਅਤੇ ਨਾਚ-ਗਾਣੇ ਵਾਲਾ ਪ੍ਰੋਗਰਾਮ ਕਰਵਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਹਰਕਤ ਸਿੱਖ ਭਾਵਨਾਵਾਂ ਨੂੰ ਡੂੰਘੀ ਸੱਟ ਮਾਰਨ ਵਾਲੀ ਅਤੇ ਸਿੱਖ ਰਹਿਤ ਮਰਯਾਦਾ ਦੀ ਘੋਰ ਉਲੰਘਣਾ ਹੈ।ਸ.ਬ੍ਰਹਮਪੁਰਾ ਨੇ ਕਿਹਾ ਕਿ ਜਿਸ ਗੁਰੂ ਸਾਹਿਬ ਨੇ ਧਰਮ ਦੀ ਰਾਖੀ ਲਈ ਆਪਣਾ ਸੀਸ ਵਾਰ ਦਿੱਤਾ, ਉਹਨਾਂ ਦੇ ਸ਼ਹੀਦੀ ਸਮਾਗਮ ਦੀ ਗੰਭੀਰਤਾ ਨੂੰ ਭੰਗ ਕਰਨਾ ਸਾਬਤ ਕਰਦਾ ਹੈ ਕਿ ਭਗਵੰਤ ਮਾਨ ਸਰਕਾਰ ਸਿੱਖੀ ਸਿਧਾਂਤਾਂ ਅਤੇ ਗੁਰੂ ਸਾਹਿਬਾਨ ਦੀ ਸ਼ਹਾਦਤ ਦੀ ਮਹਾਨਤਾ ਤੋਂ ਪੂਰੀ ਤਰ੍ਹਾਂ ਅਣਜਾਣ ਅਤੇ ਲਾਪਰਵਾਹ ਹੈ।ਉਨ੍ਹਾਂ ਕਿਹਾ ਕਿ ਗਾਇਕ ਬੀਰ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋ ਕੇ ਮੁਆਫ਼ੀ ਮੰਗਣਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਸਰਕਾਰ ਨੇ ਕਿੰਨੀ ਵੱਡੀ ਗਲਤੀ ਕੀਤੀ ਹੈ,ਪਰ ਅਸਲ ਦੋਸ਼ੀ ਸਰਕਾਰ ਅਤੇ ਇਸਦੇ ਪ੍ਰਬੰਧਕ ਹਨ।ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਤੁਰੰਤ ਸਿੱਖ ਕੌਮ ਕੋਲੋਂ ਇਸ ਵੱਡੀ ਭੁੱਲ ਲਈ ਜਨਤਕ ਤੌਰ 'ਤੇ ਮੁਆਫ਼ੀ ਮੰਗਣ ਅਤੇ ਇਸ ਘਟਨਾ ਲਈ ਜ਼ਿੰਮੇਵਾਰ ਭਾਸ਼ਾ ਵਿਭਾਗ ਦੇ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ।ਉਨ੍ਹਾਂ ਚੇਤਾਵਨੀ ਦਿੱਤੀ ਕਿ ਸ਼੍ਰੋਮਣੀ ਅਕਾਲੀ ਦਲ ਸਿੱਖ ਕਦਰਾਂ-ਕੀਮਤਾਂ ਨਾਲ ਅਜਿਹਾ ਖਿਲਵਾੜ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ ਅਤੇ ਪੰਜਾਬ ਸਰਕਾਰ ਦੀ ਇਸ ਹਰਕਤ ਦਾ ਹਰ ਪੱਧਰ 'ਤੇ ਵਿਰੋਧ ਕਰੇਗਾ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.