ਅਮਰੀਕਾ ਤੋਂ ਪੁੱਜੇ ਸਿੱਖ ਵਫ਼ਦ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ

ਅਮਰੀਕਾ ਤੋਂ ਪੁੱਜੇ ਸਿੱਖ ਵਫ਼ਦ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ

ਯੂਬਾਸਿਟੀ ਅੰਦਰ ਧਰਮ ਪ੍ਰਚਾਰ ਕੇਂਦਰ ਸਥਾਪਤ ਕਰਨ ਦੀ ਕੀਤੀ ਅਪੀਲ


ਅੰਮ੍ਰਿਤਸਰ, 24 ਫ਼ਰਵਰੀ- ਕੰਵਰ ਪ੍ਰਤਾਪ ਸਿੰਘ 
 

ਅਮਰੀਕਾ ਦੀਆਂ ਸਿੱਖ ਸੰਗਤਾਂ ਦੇ ਇਕ ਵਫ਼ਦ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਕੈਲੇਫੋਰਨੀਆ ਦੇ ਯੂਬਾਸਿਟੀ ਅੰਦਰ ਧਰਮ ਪ੍ਰਚਾਰ ਕੇਂਦਰ ਜਲਦ ਸਥਾਪਤ ਕਰਨ ਦੀ ਅਪੀਲ ਕੀਤੀ ਹੈ। ਇਹ ਵਫ਼ਦ ਸ. ਦਲਬੀਰ ਸਿੰਘ ਗਿੱਲ ਦੀ ਅਗਵਾਈ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਲਈ ਪੁੱਜਿਆ ਹੈ, ਜਿਸ ਵਿਚ ਸ. ਗੁਰਮੁੱਖ ਸਿੰਘ ਧਨੋਆ, ਬੀਬੀ ਲਖਵਿੰਦਰ ਕੌਰ, ਬੀਬੀ ਜਿੰਦਰਜੀਤ ਕੌਰ ਗਿੱਲ, ਬੀਬੀ ਚਰਨਜੀਤ ਕੌਰ ਗਿੱਲ ਅਤੇ ਬੀਬੀ ਕੁਲਦੀਪ ਕੌਰ ਧਨੋਆ ਆਦਿ ਸ਼ਾਮਲ ਸਨ।
ਇਸ ਮੌਕੇ ਸ. ਦਲਬੀਰ ਸਿੰਘ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਸਭ ਤੋਂ ਵੱਡੀ ਸੰਵਿਧਾਨਕ ਸੰਸਥਾ ਹੈ, ਜੋ ਦੇਸ਼ ਦੁਨੀਆ ਅੰਦਰ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਨਿਰੰਤਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨਿਵਾਸੀ ਸਿੱਖ ਸ. ਦੀਦਾਰ ਸਿੰਘ ਬੈਂਸ ਅਤੇ ਪਰਿਵਾਰ ਵੱਲੋਂ ਯੂਬਾਸਿਟੀ ਵਿਖੇ ਬੀਤੇ ਸਮੇਂ ਵਿਚ ਸ਼੍ਰੋਮਣੀ ਕਮੇਟੀ ਨੂੰ ਜ਼ਮੀਨ ਦਿੱਤੀ ਗਈ ਸੀ, ਜਿਸ ’ਤੇ ਧਰਮ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਪ੍ਰਫੁਲਤ ਕਰਨ ਲਈ ਕੇਂਦਰ ਸਥਾਪਤ ਕਰਨ ਲਈ ਸਿੱਖ ਸੰਗਤਾਂ ਅੰਦਰ ਵੱਡੀ ਉਤਸੁਕਤਾ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਵੱਡੀ ਲੋੜ ਵੀ ਹੈ, ਜਿਸ ਵਿਚ ਅਮਰੀਕਾ ਦੀਆਂ ਸਿੱਖ ਸੰਗਤਾਂ ਸ਼੍ਰੋਮਣੀ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣਗੀਆਂ। 
ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਕਾਰਜ ਕਰਨ ਲਈ ਹਮੇਸ਼ਾ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸਿੱਖੀ ਪ੍ਰਚਾਰ ਨੂੰ ਹੋਰ ਪ੍ਰਚੰਡ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਯੂਬਾਸਿਟੀ ਅੰਦਰ ਸ. ਦੀਦਾਰ ਸਿੰਘ ਬੈਂਸ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਜ਼ਮੀਨ ’ਤੇ ਕੇਂਦਰ ਸਥਾਪਤ ਕਰਨਾ ਏਜੰਡੇ ’ਤੇ ਹੈ ਅਤੇ ਜਲਦ ਹੀ ਇਸ ’ਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅਮਰੀਕਾ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਕਾਰਜ ਵਾਸਤੇ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਦੇਣ ਲਈ ਅੱਗੇ ਆਉਣ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਦਲਬੀਰ ਸਿੰਘ ਗਿੱਲ ਦੀ ਅਗਵਾਈ ’ਚ ਪੁੱਜੇ ਵਫ਼ਦ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਡੈਂਟੈਂਟ ਸ. ਨਿਸ਼ਾਨ ਸਿੰਘ ਆਦਿ ਮੌਜੂਦ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.