ਹੁਣ ਹੜ੍ਹ ਪ੍ਰਭਾਵਿਤ ਖੇਤਰਾਂ ਦੀਆਂ ਧੀਆਂ ਦੇ ਵਿਆਹ ਕਰੇਗਾ ਸਰਬੱਤ ਦਾ ਭਲਾ ਟਰੱਸਟ
- ਸਮਾਜ ਸੇਵਾ
- 01 Nov,2025
ਨਵੀਂ ਜ਼ਿੰਦਗੀ ਦੀ ਸ਼ੁਰੂਆਤ ਲਈ ਵਿਆਹੁਤਾ ਜੋੜਿਆਂ ਨੂੰ ਦੇਵਾਂਗੇ ਜ਼ਰੂਰੀ ਘਰੇਲੂ ਸਮਾਨ-ਡਾ.ਓਬਰਾਏ
ਰਾਕੇਸ਼ ਨਈਅਰ ਚੋਹਲਾ
ਅੰਮ੍ਰਿਤਸਰ,1 ਨਵੰਬਰ
ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਲਈ ਨਿਰੰਤਰ ਸੇਵਾ ਕਾਰਜ ਨਿਭਾ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐਸ.ਪੀ.ਸਿੰਘ ਓਬਰਾਏ ਵੱਲੋਂ ਆਪਣੇ ਸੇਵਾ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਹੋਇਆ ਹੁਣ ਹੜ੍ਹ ਪ੍ਰਭਾਵਿਤ ਖੇਤਰਾਂ ਨਾਲ ਸੰਬੰਧਿਤ ਲੋੜਵੰਦ ਧੀਆਂ ਦੇ ਵਿਆਹ ਕਰਨ ਦਾ ਜਿੰਮਾ ਚੁੱਕਿਆ ਹੈ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐਸ.ਪੀ. ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਨਾਲ ਸਬੰਧਿਤ ਜਿੰਨ੍ਹਾਂ ਮਾਪਿਆਂ ਨੇ ਆਪਣੀਆਂ ਧੀਆਂ ਦੇ ਵਿਆਹ ਤਹਿ ਕੀਤੇ ਸਨ ਪਰ ਹੜ੍ਹਾਂ ਕਾਰਨ ਅਜੇ ਤੱਕ ਹੋ ਨਹੀਂ ਸਕੇ,ਉਹ ਵਿਆਹ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਟਰੱਸਟ ਦੀਆਂ ਸਬੰਧਿਤ ਜ਼ਿਲ੍ਹਾ ਟੀਮਾਂ ਨੂੰ ਆਪਣੇ ਖੇਤਰ ਦੇ ਅਜਿਹੇ ਪਰਿਵਾਰਾਂ ਦੀ ਪਛਾਣ ਕਰ ਕੇ ਸੂਚੀਆਂ ਤਿਆਰ ਕਰਨ ਲਈ ਕਹਿ ਦਿੱਤਾ ਹੈ ਤਾਂ ਜੋ ਟਰੱਸਟ ਵੱਲੋਂ ਅਜਿਹੇ ਪ੍ਰਭਾਵਿਤ ਜੋੜਿਆਂ ਦੇ ਸਮੂਹਿਕ ਵਿਆਹ ਕਰਨ ਦਾ ਪ੍ਰਬੰਧ ਕੀਤਾ ਜਾ ਸਕੇ।ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਉਕਤ ਸਾਰੇ ਨਵੇਂ ਵਿਆਹੇ ਜੋੜਿਆਂ ਨੂੰ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਲਈ ਮੁੱਢਲਾ ਜ਼ਰੂਰੀ ਘਰੇਲੂ ਸਮਾਨ ਵੀ ਦਿੱਤਾ ਜਾਵੇਗਾ।
Posted By:
GURBHEJ SINGH ANANDPURI
Leave a Reply