ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਬਜਾਏ,ਕਿਸਾਨਾਂ ਦਾ ਸਾਥ ਦੇਵੇ-ਸੁਖਵੰਤ ਪੱਡਾ
ਕੇਂਦਰੀ ਏਜੰਸੀਆਂ ਦੀਆਂ ਰਿਪੋਰਟਾਂ ਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 95% ਕਮੀ ਦੀ ਪੁਸ਼ਟੀ,ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਗਲਤ ਹੈ
ਕਪੂਰਥਲਾ 12ਨਵੰਬਰ ਗੌਰਵ ਮੜੀਆ
ਕੇਂਦਰ ਦੀ ਭਾਜਪਾ ਸਰਕਾਰ ਅਤੇ ਭਾਜਪਾ ਆਗੂਆਂ ਤੇ ਜਾਣਬੁੱਝ ਕੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦਾ ਦੋਸ਼ ਲਗਾਉਂਦੇ ਹੋਏ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਸੂਬਾਈ ਉਪ ਪ੍ਰਧਾਨ ਸੁਖਵੰਤ ਸਿੰਘ ਪੱਡਾ ਨੇ ਕਿਹਾ ਕਿ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਵਧਣ ਤੇ ਹਰ ਵਾਰ ਪੰਜਾਬ ਦੇ ਕਿਸਾਨਾਂ ਨੂੰ ਨਿਸ਼ਾਨਾ ਬਣਾਉਣਾ ਭਾਜਪਾ ਦੀ ਰਾਜਨੀਤਿਕ ਮਾਨਸਿਕਤਾ ਨੂੰ ਦਰਸਾਉਂਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਦੇ ਅੰਨਦਾਤਾ ਹਨ ਅਤੇ ਉਨ੍ਹਾਂ ਦੀ ਮਿਹਨਤ ਅਤੇ ਕੁਰਬਾਨੀ ਨੂੰ ਰਾਜਨੀਤਿਕ ਬਿਆਨਬਾਜ਼ੀ ਦਾ ਮੁੱਦਾ ਨਹੀਂ ਬਣਾਇਆ ਜਾਣਾ ਚਾਹੀਦਾ।ਪੱਡਾ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਦੇ ਆਗੂ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਖ ਕਾਰਨ ਪਰਾਲੀ ਸਾੜਨ ਨੂੰ ਜ਼ਿੰਮੇਵਾਰ ਠਹਿਰਾ ਕੇ ਪੰਜਾਬ ਦੇ ਕਿਸਾਨਾਂ ਤੇ ਦੋਸ਼ ਲਗਾ ਰਹੇ ਹਨ,ਜਦੋਂ ਕਿ ਕੇਂਦਰ ਸਰਕਾਰ ਦੀਆਂ ਆਪਣੀਆਂ ਏਜੰਸੀਆਂ ਦੀਆਂ ਰਿਪੋਰਟਾਂ ਨੇ ਪੰਜਾਬ ਵਿੱਚ ਪਰਾਲੀ ਸਾੜਨ ਵਿੱਚ ਲਗਭਗ 95 ਪ੍ਰਤੀਸ਼ਤ ਕਮੀ ਦੀ ਪੁਸ਼ਟੀ ਕੀਤੀ ਹੈ।ਅਜਿਹੀ ਸਥਿਤੀ ਵਿੱਚ ਭਾਜਪਾ ਆਗੂਆਂ ਨੂੰ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਦੀ ਬਜਾਏ ਤੱਥਾਂ ਦੇ ਆਧਾਰ ਤੇ ਬੋਲਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਵਾਤਾਵਰਣ ਸੁਰੱਖਿਆ ਲਈ ਲਗਾਤਾਰ ਨਵੇਂ ਤਰੀਕੇ ਅਪਣਾ ਰਹੇ ਹਨ।ਸਰਕਾਰ ਅਤੇ ਖੇਤੀਬਾੜੀ ਵਿਭਾਗ ਕਿਸਾਨਾਂ ਵਿੱਚ ਜਾਗਰੂਕਤਾ ਵਧਾ ਰਹੇ ਹਨ ਅਤੇ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਅਤੇ ਆਧੁਨਿਕ ਤਕਨਾਲੋਜੀਆਂ ਨੂੰ ਉਤਸ਼ਾਹਿਤ ਕਰ ਰਹੇ ਹਨ।ਇਸ ਦੇ ਬਾਵਜੂਦ, ਪਰਾਲੀ ਦੇ ਸਹੀ ਪ੍ਰਬੰਧਨ ਲਈ ਕਿਸਾਨਾਂ ਨੂੰ ਲੋੜੀਂਦੀ ਵਿੱਤੀ ਸਹਾਇਤਾ ਅਤੇ ਜ਼ਰੂਰੀ ਸਹੂਲਤਾਂ ਪ੍ਰਦਾਨ ਕਰਨ ਦੀ ਬਜਾਏ,ਉਨ੍ਹਾਂ ਨੂੰ ਦੋਸ਼ੀ ਠਹਿਰਾਉਣਾ ਮੰਦਭਾਗਾ ਹੈ।ਪੱਡਾ ਨੇ ਕਿਹਾ ਕਿ ਦਿੱਲੀ ਸਮੇਤ ਉੱਤਰੀ ਭਾਰਤ ਵਿੱਚ ਪ੍ਰਦੂਸ਼ਣ ਦੇ ਪਿੱਛੇ ਕਈ ਕਾਰਨ ਹਨ,ਜਿਨ੍ਹਾਂ ਵਿੱਚ ਵਾਹਨਾਂ ਦਾ ਧੂੰਆਂ, ਉਦਯੋਗਿਕ ਪ੍ਰਦੂਸ਼ਣ,ਉਸਾਰੀ ਕਾਰਜਾਂ ਤੋਂ ਨਿਕਲਣ ਵਾਲੀ ਧੂੜ ਅਤੇ ਹੋਰ ਸਥਾਨਕ ਕਾਰਨ ਸ਼ਾਮਲ ਹਨ।ਕੇਂਦਰ ਸਰਕਾਰ ਨੂੰ ਇਨ੍ਹਾਂ ਸਾਰੇ ਕਾਰਨਾਂ ਤੇ ਗੰਭੀਰਤਾ ਨਾਲ ਕੰਮ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀ ਖੇਤੀ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ।ਕਿਸਾਨਾਂ ਨੂੰ ਬਦਨਾਮ ਕਰਨ ਦੀ ਬਜਾਏ ਭਾਜਪਾ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ ਅਤੇ ਪਰਾਲੀ ਪ੍ਰਬੰਧਨ ਲਈ ਇੱਕ ਠੋਸ ਨੀਤੀ ਬਣਾਉਣੀ ਚਾਹੀਦੀ ਹੈ।
Posted By: Gaurav Maria