ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਤੇਜ਼ੀ: ਬੀਤੇ ਇੱਕ ਹਫ਼ਤੇ ਦੌਰਾਨ ਗਿਣਤੀ ਲਗਭਗ ਦੁੱਗਣੀ ਹੋਈ
- ਰਾਸ਼ਟਰੀ
- (Asia/Kolkata)
ਬਿੰਦਰ ਸਿੰਘ ਖੁੱਡੀ ਕਲਾਂ
ਬਰਨਾਲਾ, 31 ਅਕਤੂਬਰ
ਪੰਜਾਬ 'ਚ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਅਚਾਨਕ ਵੱਡਾ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ ਮਹਿਜ਼ ਇੱਕ ਹਫ਼ਤੇ ਦੇ ਅੰਦਰ-ਅੰਦਰ ਰਾਜ ਵਿੱਚ ਖੇਤਾਂ ਵਿੱਚ ਅੱਗ ਲਗਾਉਣ ਦੇ ਮਾਮਲੇ ਲਗਭਗ ਦੁੱਗਣੇ ਹੋ ਗਏ ਹਨ।
ਸਰਕਾਰੀ ਅੰਕੜਿਆਂ ਅਨੁਸਾਰ 29 ਅਕਤੂਬਰ ਨੂੰ ਇੱਕੋ ਦਿਨ ਵਿੱਚ 194 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਰਾਜ ਵਿੱਚ ਪਰਾਲੀ ਸਾੜਨ ਦੇ ਕੁੱਲ ਮਾਮਲਿਆਂ ਦੀ ਗਿਣਤੀ 1,007 ਤੱਕ ਪਹੁੰਚ ਗਈ ਹੈ। ਇਸ ਤੋਂ ਪਹਿਲਾਂ 28 ਅਕਤੂਬਰ ਤੱਕ ਰਾਜ ਵਿੱਚ ਕੁੱਲ 813 ਮਾਮਲੇ ਦਰਜ ਕੀਤੇ ਗਏ ਸਨ। ਜਦੋਂਕਿ 15 ਸਤੰਬਰ ਤੋਂ 23 ਅਕਤੂਬਰ ਤੱਕ ਇਹ ਗਿਣਤੀ ਮਹਿਜ਼ 542 ਸੀ। ਜ਼ਿਕਰਯੋਗ ਹੈ ਕਿ ਰਾਜ ਵਿੱਚ ਪਰਾਲੀ ਸਾੜਨ ਦੀ ਸਲਾਨਾ ਨਿਗਰਾਨੀ ਦਾ ਸਮਾਂ 15 ਸਤੰਬਰ ਤੋਂ ਸ਼ੁਰੂ ਹੁੰਦਾ ਹੈ, ਜੋ ਕਿ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਅਧਿਕਾਰਤ ਸਰਕਾਰੀ ਖਰੀਦ ਤੋਂ ਦੋ ਹਫ਼ਤੇ ਪਹਿਲਾਂ ਦਾ ਸਮਾਂ ਹੁੰਦਾ ਹੈ।
ਰਾਜ ਭਰ ਵਿੱਚ ਸਾਹਮਣੇ ਆਏ ਕੁੱਲ 1,007 ਮਾਮਲਿਆਂ ਵਿੱਚੋਂ 672 ਘਟਨਾਵਾਂ ਕੇਵਲ ਤਿੰਨ ਜ਼ਿਲ੍ਹਿਆਂ ਤਰਨ ਤਾਰਨ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਤੋਂ ਦਰਜ ਕੀਤੀਆਂ ਗਈਆਂ ਹਨ। ਅੰਕੜਿਆਂ ਮੁਤਾਬਕ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਾ ਤਰਨਤਾਰਨ ਰਿਹਾ ਹੈ, ਜਿੱਥੇ ਇਕੱਲੇ ਜਿਲੇ 'ਚ ਪਰਾਲੀ ਸਾੜਨ ਦੇ 397 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਅੰਮ੍ਰਿਤਸਰ ਵਿੱਚ 171 ਅਤੇ ਫਿਰੋਜ਼ਪੁਰ ਵਿੱਚ 104 ਮਾਮਲੇ ਦਰਜ ਕੀਤੇ ਗਏ ਹਨ। ਪ੍ਰਸ਼ਾਸਨਿਕ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਤਰਨਤਾਰਨ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿੱਚ ਝੋਨੇ ਦੀ ਕੁੱਲ ਬੀਜੀ ਗਈ ਫਸਲ ਦਾ 90 ਫੀਸਦੀ ਤੋਂ ਵੱਧ ਹਿੱਸਾ ਪਹਿਲਾਂ ਹੀ ਵੱਢਿਆ ਜਾ ਚੁੱਕਾ ਹੈ।ਜਿਸ ਕਾਰਨ ਇਨ੍ਹਾਂ ਖੇਤਰਾਂ ਵਿੱਚ ਖੇਤਾਂ ਨੂੰ ਅਗਲੀ ਫਸਲ ਲਈ ਜਲਦੀ ਖਾਲੀ ਕਰਨ ਦੇ ਚੱਕਰ ਵਿੱਚ ਅੱਗ ਲਗਾਉਣ ਦੀਆਂ ਘਟਨਾਵਾਂ ਵਧੀਆਂ ਹਨ।
ਪਰਾਲੀ ਸਾੜਨ ਦੀਆਂ ਵਧਦੀਆਂ ਘਟਨਾਵਾਂ 'ਤੇ ਠੱਲ੍ਹ ਪਾਉਣ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ। ਰਾਜ ਭਰ ਵਿੱਚ 246 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਕਾਨੂੰਨੀ ਕਾਰਵਾਈ ਦੇ ਤਹਿਤ ਇਕੱਲੇ ਤਰਨਤਾਰਨ ਜ਼ਿਲ੍ਹੇ ਵਿੱਚ 165 ਅਤੇ ਅੰਮ੍ਰਿਤਸਰ ਵਿੱਚ 24 ਮਾਮਲੇ ਦਰਜ ਕੀਤੇ ਗਏ ਹਨ। ਇਹ ਸਾਰੇ ਕੇਸ ਭਾਰਤੀ ਦੰਡਾਵਲੀ ਦੀ ਧਾਰਾ 223 ਦੇ ਤਹਿਤ ਦਰਜ ਕੀਤੇ ਗਏ ਹਨ।
ਖੇਤਾਂ ਵਿੱਚ ਅੱਗ ਲਗਾਉਣ ਦੀ ਸਮੱਸਿਆ ਦੇ ਨਿਪਟਾਰੇ ਲਈ ਕੇਂਦਰੀ ਅਤੇ ਸੂਬਾਈ ਏਜੰਸੀਆਂ ਵੀ ਹਰਕਤ ਵਿੱਚ ਆ ਗਈਆਂ ਹਨ। ਪਿਛਲੇ ਹਫ਼ਤੇ ਹੀ ਰਾਸ਼ਟਰੀ ਰਾਜਧਾਨੀ ਅਤੇ ਨਾਲ ਲੱਗਦੇ ਖੇਤਰਾਂ ਲਈ ਵਾਯੂ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਚੇਅਰਮੈਨ ਰਾਜੇਸ਼ ਵਰਮਾ ਦੀ ਅਗਵਾਈ ਹੇਠ ਇੱਕ ਉੱਚ-ਪੱਧਰੀ ਟੀਮ ਨੇ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਡਿਪਟੀ ਕਮਿਸ਼ਨਰਾਂ ਅਤੇ ਹੋਰ ਸਬੰਧਤ ਉੱਚ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਸਮੀਖਿਆ ਬੈਠਕ ਕੀਤੀ। ਇਸ ਬੈਠਕ ਵਿੱਚ ਝੋਨੇ ਦੀ ਪਰਾਲੀ ਦੇ ਸਰਵਪੱਖੀ ਪ੍ਰਬੰਧਨ, ਖੇਤ ਦੇ ਅੰਦਰ ਅਤੇ ਖੇਤ ਤੋਂ ਬਾਹਰ ਪਰਾਲੀ ਦੀ ਵਰਤੋਂ ਦੀਆਂ ਤਕਨੀਕਾਂ, ਅਤੇ ਜ਼ਿਲ੍ਹਿਆਂ ਵਿੱਚ ਉਪਲਬਧ ਬੁਨਿਆਦੀ ਢਾਂਚੇ ਦਾ ਜਾਇਜ਼ਾ ਲਿਆ ਗਿਆ ਤਾਂ ਜੋ ਪਰਾਲੀ ਸਾੜਨ ਦੀ ਪ੍ਰਥਾ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਠੋਸ ਰਣਨੀਤੀ ਅਪਣਾਈ ਜਾ ਸਕੇ।
Leave a Reply