Nazrana Times

ਪੰਜਾਬੀ

ਕੈਨੇਡਾ ਦੇ ਕਿਚਨਰ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ;ਪੁਲਿਸ ਵੱਲੋਂ ਬੂਟਾਂ ਸਮੇਤ ਦਾਖ਼ਲ ਹੋਣ 'ਤੇ ਸਿੱਖ ਸੰਗਤ ਵਿੱਚ ਭਾਰੀ ਰੋਸ

16 Nov, 2026 01:06 PM

ਬਿੰਦਰ ਸਿੰਘ ਖੁੱਡੀ ਕਲਾਂ 

: ਕੈਨੇਡਾ ਦੇ ਓਨਟਾਰੀਓ ਸੂਬੇ ਦੇ ਸ਼ਹਿਰ ਕਿਚਨਰ ਸਥਿਤ ਗੁਰਦੁਆਰਾ ਸਾਹਿਬ (ਗੋਲਡਨ ਟ੍ਰਾਇਐਂਗਲ ਸਿੱਖ ਐਸੋਸੀਏਸ਼ਨ) ਵਿਖੇ ਵਾਪਰੀ ਇੱਕ ਮੰਦਭਾਗੀ ਘਟਨਾ ਕਾਰਨ ਦੇਸ਼-ਵਿਦੇਸ਼ ਦੀ ਸਿੱਖ ਸੰਗਤ ਵਿੱਚ ਭਾਰੀ ਰੋਸ ਅਤੇ ਚਿੰਤਾ ਪਾਈ ਜਾ ਰਹੀ ਹੈ। 
14 ਨਵੰਬਰ, 2026 ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿਯਮਾਂ ਨੂੰ ਪਾਸ ਕਰਨ ਸਬੰਧੀ ਸੱਦੀ ਗਈ ਇੱਕ ਮੀਟਿੰਗ ਦੌਰਾਨ ਪੈਦਾ ਹੋਏ ਵਿਵਾਦ ਨੇ ਗੰਭੀਰ ਰੂਪ ਧਾਰ ਲਿਆ ਅਤੇ ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਬੂਟਾਂ ਸਮੇਤ ਦਾਖ਼ਲ ਹੋਣ ਦੀਆਂ ਵੀਡੀਓਜ਼ ਸਾਹਮਣੇ ਆਈਆਂ ਹਨ।​ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਇਨ੍ਹਾਂ ਵੀਡੀਓਜ਼ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਪੁਲਿਸ ਅਧਿਕਾਰੀ ਗੁਰੂ ਘਰ ਦੇ ਅੰਦਰ ਜੁੱਤੇ ਪਾ ਕੇ ਦਾਖ਼ਲ ਹੋ ਰਹੇ ਹਨ। ਸਿੱਖ ਰਹਿਤ ਮਰਿਆਦਾ ਅਤੇ ਧਾਰਮਿਕ ਪ੍ਰੰਪਰਾਵਾਂ ਅਨੁਸਾਰ ਗੁਰਦੁਆਰਾ ਸਾਹਿਬ ਦੀ ਪਵਿੱਤਰ ਹਦੂਦ ਅੰਦਰ ਜੋੜੇ ਪਾ ਕੇ ਜਾਣਾ ਸਖ਼ਤ ਵਰਜਿਤ ਹੈ। ਪੁਲਿਸ ਦੀ ਇਸ ਕਾਰਵਾਈ ਨੇ ਸਿੱਖ ਸੰਗਤ ਦੇ ਹਿਰਦਿਆਂ ਨੂੰ ਡੂੰਘੀ ਠੇਸ ਪਹੁੰਚਾਈ ਹੈ ਅਤੇ ਇਸ ਨੂੰ ਗੁਰੂ ਘਰ ਦੀ ਪਵਿੱਤਰਤਾ ਤੇ ਮਰਿਆਦਾ ਦੀ ਸਿੱਧੀ ਉਲੰਘਣਾ ਦੱਸਿਆ ਜਾ ਰਿਹਾ ਹੈ।
ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਜਾ ਰਹੀਆਂ ਪੋਸਟਾਂ ਰਾਹੀਂ ਸੰਗਤਾਂ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁਝ ਮੈਂਬਰਾਂ ਦੀ ਕਾਰਜਸ਼ੈਲੀ 'ਤੇ ਵੀ ਗੰਭੀਰ ਸਵਾਲ ਚੁੱਕੇ ਜਾ ਰਹੇ ਹਨ। ਇਲਜ਼ਾਮ ਲਗਾਇਆ ਜਾ ਰਿਹਾ ਹੈ ਕਿ ਕਮੇਟੀ ਦੇ ਕੁੱਝ ਅਹੁਦੇਦਾਰਾਂ ਵੱਲੋਂ ਸੰਗਤ ਦੀ ਸਹਿਮਤੀ ਤੋਂ ਬਿਨਾਂ ਆਪਣੀ ਮਨਮਰਜ਼ੀ ਨਾਲ ਨਵੇਂ ਨਿਯਮ ਪਾਸ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਜਦੋਂ ਸਥਾਨਕ ਸੰਗਤ ਦੇ ਕੁਝ ਮੈਂਬਰਾਂ ਵੱਲੋਂ ਇਸ ਪ੍ਰਕਿਰਿਆ ਦਾ ਵਿਰੋਧ ਕੀਤਾ ਗਿਆ ਤਾਂ ਕਥਿਤ ਤੌਰ 'ਤੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਅਤੇ ਮਾਹੌਲ ਤਣਾਅਪੂਰਨ ਹੋ ਗਿਆ। ਜਿਸ ਤੋਂ ਬਾਅਦ ਪੁਲਿਸ ਨੂੰ ਮੌਕੇ 'ਤੇ ਬੁਲਾਇਆ ਗਿਆ। ਸੰਗਤ ਦਾ ਕਹਿਣਾ ਹੈ ਕਿ ਪ੍ਰਬੰਧਕਾਂ ਦੀ ਆਪਸੀ ਖਿੱਚੋਤਾਣ ਅਤੇ ਗੈਰ-ਜ਼ਿੰਮੇਵਾਰਾਨਾ ਰਵੱਈਏ ਕਾਰਨ ਗੁਰੂ ਘਰ ਦੀ ਮਰਿਆਦਾ ਭੰਗ ਹੋਈ ਹੈ ਅਤੇ ਬੇਅਦਬੀ ਵਰਗੇ ਹਾਲਾਤ ਬਣੇ ਹਨ।
 ਇਸ ਘਟਨਾ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆਉਣ ਤੋਂ ਬਾਅਦ ਨਾ ਸਿਰਫ਼ ਕੈਨੇਡਾ, ਸਗੋਂ ਦੁਨੀਆ ਭਰ ਵਿੱਚ ਵਸਦੇ ਸਿੱਖ ਭਾਈਚਾਰੇ ਵੱਲੋਂ ਇਸ ਦੀ ਸਖ਼ਤ ਨਿਖੇਧੀ ਕੀਤੀ ਜਾ ਰਹੀ ਹੈ। ਸਿੱਖ ਜਥੇਬੰਦੀਆਂ ਅਤੇ ਸੰਗਤ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ। ਇਸ ਦੇ ਨਾਲ ਹੀ, ਗੁਰਦੁਆਰਾ ਸਾਹਿਬ ਅੰਦਰ ਪੁਲਿਸ ਨੂੰ ਬੁਲਾਉਣ ਅਤੇ ਧਾਰਮਿਕ ਮਰਿਆਦਾ ਦੀ ਉਲੰਘਣਾ ਕਰਨ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਪੰਥਕ ਤੇ ਕਾਨੂੰਨੀ ਕਾਰਵਾਈ ਕਰਨ ਅਤੇ ਸਥਾਨਕ ਪੁਲਿਸ ਪ੍ਰਸ਼ਾਸਨ ਤੋਂ ਇਸ ਗਲਤੀ ਲਈ ਮੁਆਫ਼ੀ ਮੰਗਣ ਦੀ ਜ਼ੋਰਦਾਰ ਮੰਗ ਉੱਠ ਰਹੀ ਹੈ।

Posted By: Binder Singh Kuddi Kalan

Latest News