Nazrana Times

ਪੰਜਾਬੀ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਹਲਕਾ ਜੰਡਿਆਲਾ ਗੁਰੂ ਚ ਸਰਗਰਮੀਆਂ ਵਰਕਰਾਂ ਨੂੰ ਲਾਮਬੰਧ ਕੀਤਾ ਸ਼ਾਂਨਦਾਰ ਜਿਤ ਹਾਸਲ ਕਰਾਂਗੇ-ਸੁਖਵਿੰਦਰ ਸਿੰਘ ਡੈਨੀ ਬੰਡਾਲਾ

22 Nov, 2026 03:35 PM

ਪਿੰਡਾਂ ਦੇ ਸਰਪੰਚਾਂ, ਪੰਚਾਂ ਤੇ ਕਾਂਗਰਸੀ ਆਗੂਆਂ ਨਾਲ ਚੋਣ ਰਣਨੀਤੀ ਸਬੰਧੀ ਵਿਚਾਰ ਚਰਚਾ ਸ਼ੁਰੂ ਕੀਤੀ

ਟਾਂਗਰਾ - ਸੁਰਜੀਤ ਸਿੰਘ ਖਾਲਸਾ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕੇ ਅੰਦਰ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਨੂੰ ਹੁਲਾਰਾ ਦੇਣ ਲਈ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਕੜੀ ਤਹਿਤ ਕਾਂਗਰਸ ਦੇ ਮੁੱਖ ਦਫ਼ਤਰ ਮੱਲੀਆਂ, ਜੰਡਿਆਲਾ ਗੁਰੂ ਵਿਖੇ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਮੋਹਰੀ ਕਾਂਗਰਸੀ ਆਗੂਆਂ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਆਉਣ ਵਾਲੀਆਂ ਚੋਣਾਂ ਦੀ ਤਿਆਰੀ ਅਤੇ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਨੂੰ ਲੈ ਕੇ ਵਿਸਥਾਰਪੂਰਵਕ ਵਿਚਾਰਾਂ ਕੀਤੀਆਂ ਗਈਆਂ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਚੋਣਾਂ ਵਿੱਚ ਸਫ਼ਲਤਾ ਹਾਸਲ ਕਰਨ ਲਈ ਜ਼ਮੀਨੀ ਪੱਧਰ 'ਤੇ ਪਾਰਟੀ ਦਾ ਮਜ਼ਬੂਤ ਆਧਾਰ ਤਿਆਰ ਕਰਨਾ ਬੇਹੱਦ ਜ਼ਰੂਰੀ ਹੈ। ਇਸ ਲਈ ਹਰੇਕ ਆਗੂ ਅਤੇ ਵਰਕਰ ਪਿੰਡਾਂ ਵਿੱਚ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖੇ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਤੇ ਮਸਲਿਆਂ ਨੂੰ ਗੰਭੀਰਤਾ ਨਾਲ ਉਠਾਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਕਥਿਤ ਲੋਕ ਵਿਰੋਧੀ ਨੀਤੀਆਂ, ਗਲਤ ਫ਼ੈਸਲਿਆਂ ਅਤੇ ਆਪਹੁਦਰੀਆਂ ਕਾਰਵਾਈਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪਾਰਟੀ ਵਰਕਰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ।

ਉਨ੍ਹਾਂ ਹਲਕਾ ਜੰਡਿਆਲਾ ਗੁਰੂ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ 'ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਇਲਾਕੇ ਵਿੱਚ ਨਸ਼ਿਆਂ ਦਾ ਕਾਰੋਬਾਰ ਦਿਨ-ਦਿਹਾੜੇ ਚੱਲਣਾ ਅਤੇ ਲੁੱਟਾਂ-ਖੋਹਾਂ ਤੇ ਡਕੈਤੀਆਂ ਦੀਆਂ ਘਟਨਾਵਾਂ ਵਾਪਰਨਾ ਬੇਹੱਦ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ, ਪਰ ਮੌਜੂਦਾ ਹਾਲਾਤ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਈ ਸਵਾਲ ਖੜ੍ਹੇ ਕਰ ਰਹੇ ਹਨ।

ਡੈਨੀ ਬੰਡਾਲਾ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਲੋਕਾਂ ਦੀਆਂ ਅਸਲ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਇਸ਼ਤਿਹਾਰਬਾਜ਼ੀ ਅਤੇ ਪੋਸਟਰਾਂ 'ਤੇ ਕਰੋੜਾਂ ਰੁਪਏ ਖਰਚ ਕਰਕੇ ਦਿੱਲੀ ਬੈਠੀ ਆਪਣੀ ਲੀਡਰਸ਼ਿਪ ਨੂੰ ਖੁਸ਼ ਕਰਨ ਨੂੰ ਪਹਿਲ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਹੋਣ ਕਾਰਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਲੋਕਾਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ।

ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਹੁਣ ਤੋਂ ਹੀ ਆਪਣੇ-ਆਪਣੇ ਬੂਥਾਂ ਦੀਆਂ ਜ਼ਿੰਮੇਵਾਰੀਆਂ  ਸੰਭਾਲਣ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਆਪਸੀ ਏਕਤਾ, ਮਿਹਨਤ ਅਤੇ ਲੋਕਾਂ ਨਾਲ ਨੇੜਲਾ ਸੰਪਰਕ ਬਹੁਤ ਜ਼ਰੂਰੀ ਹੈ। ਹਰੇਕ ਵਰਕਰ ਦੀ ਸਰਗਰਮ ਭੂਮਿਕਾ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਵੱਡੀ ਜਿੱਤ ਦਾ ਰਾਹ ਪੱਧਰਾ ਕਰ ਸਕਦੀ ਹੈ। 

Posted By: SURJIT SINGH KHALSA

Latest News