31 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲੱਗੇਗਾ ਕੈਂਪ, ਨੌਜਵਾਨਾਂ ਨੂੰ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ
ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਕਾਂਗਰਸ ਸੇਵਾ ਦਲ ਲਗਾਏਗਾ ਖੂਨਦਾਨ ਕੈਂਪ: ਸੁਭਾਸ਼ ਭਾਰਗਵ
ਕਪੂਰਥਲਾ, 30 ਅਕਤੂਬਰ, ਗੌਰਵ ਮੜੀਆ।
ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਸ਼੍ਰੀਮਤੀ ਇੰਦਰਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਵੱਲੋਂ ਸੂਬੇ ਭਰ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਖੂਨਦਾਨ ਕੈਂਪ ਲਗਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਸੁਭਾਸ਼ ਭਾਰਗਵ ਨੇ ਪ੍ਰੈੱਸ ਦੇ ਨਾਮ ਜਾਰੀ ਬਿਆਨ ਵਿੱਚ ਦੱਸਿਆ ਕਿ 31 ਅਕਤੂਬਰ 2026 ਨੂੰ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਖੂਨਦਾਨ ਕੈਂਪ ਲਗਾ ਕੇ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸ਼੍ਰੀਮਤੀ ਇੰਦਰਾ ਗਾਂਧੀ ਨੇ ਪੂਰੀ ਦੁਨੀਆ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਅਤੇ ਉਨ੍ਹਾਂ ਨੂੰ ਆਇਰਨ ਲੇਡੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਸੀ। ਉਨ੍ਹਾਂ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਇਹ ਉਪਰਾਲਾ ਮਨੁੱਖਤਾ ਦੀ ਸੇਵਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ।
ਇਸੇ ਲੜੀ ਤਹਿਤ ਜ਼ਿਲ੍ਹਾ ਕਾਂਗਰਸ ਸੇਵਾ ਦਲ ਕਪੂਰਥਲਾ ਵੱਲੋਂ ਜ਼ਿਲ੍ਹੇ ਦੇ ਸਮੂਹ ਬਲਾਕ ਅਹੁਦੇਦਾਰਾਂ, ਪਾਰਟੀ ਵਰਕਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਰਮਣੀਕ ਚੌਕ, ਸੁਲਤਾਨਪੁਰ ਲੋਧੀ ਰੋਡ, ਤਾਰਾ ਮੈਡੀਕਲ ਹਾਲ ਦੇ ਸਾਹਮਣੇ ਖੂਨਦਾਨ ਕੈਂਪ ਲਗਾਇਆ ਜਾਵੇਗਾ।
ਸੁਭਾਸ਼ ਭਾਰਗਵ ਨੇ ਕਿਹਾ ਕਿ ਖੂਨਦਾਨ ਮਹਾਂਦਾਨ ਹੈ ਅਤੇ ਕਿਸੇ ਵਿਅਕਤੀ ਵੱਲੋਂ ਦਾਨ ਕੀਤਾ ਗਿਆ ਖੂਨ ਕਿਸੇ ਲੋੜਵੰਦ ਦੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨਾ ਮਨੁੱਖਤਾ ਦੀ ਸੇਵਾ ਕਰਨ ਦਾ ਇੱਕ ਉੱਤਮ ਉਪਰਾਲਾ ਹੈ ਅਤੇ ਹਰ ਤੰਦਰੁਸਤ ਵਿਅਕਤੀ ਨੂੰ ਇਸ ਨੇਕ ਕਾਰਜ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਉਨ੍ਹਾਂ ਕਪੂਰਥਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰਹਿਣ ਵਾਲੇ ਸਮੂਹ ਸਮਾਜ ਸੇਵੀ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ 31 ਅਕਤੂਬਰ, ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲਗਾਏ ਜਾ ਰਹੇ ਇਸ ਖੂਨਦਾਨ ਕੈਂਪ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾ ਕੇ ਪੁੰਨ ਦੇ ਭਾਗੀ ਬਣਨ।
Posted By: Gaurav Maria