ਸੁਖਬੀਰ ਬਾਦਲ ਨੂੰ ਸੁਪਰੀਮ ਕੋਰਟ ਤੋਂ ਝਟਕਾ, ਮਾਣਹਾਨੀ ਕੇਸ ਰੱਦ ਕਰਨ ਦੀ ਪਟੀਸ਼ਨ ਖਾਰਜ
- ਰਾਜਨੀਤੀ
- 22 Aug, 2026 04:58 PM (Asia/Kolkata)
ਅਖੰਡ ਕੀਰਤਨੀ ਜਥਾ' ਧਾਰਮਿਕ ਸੰਸਥਾ ਨੂੰ ਕਿਹਾ ਸੀ ਅਤਿਵਾਦੀ ਸੰਗਠਨ 'ਬੱਬਰ ਖਾਲਸਾ ਇੰਟਰਨੈਸ਼ਨਲ' ਦਾ ਸਿਆਸੀ ਵਿੰਗ
ਚੰਡੀਗੜ੍ਹ 22 ਅਗਸਤ (ਮੰਗਤ ਸਿੰਘ ਸੈਦਪੁਰ) : ਇੰਡੀਅਨ ਸਟੇਟ ਦੀ ਸਰਵਉੱਚ ਅਦਾਲਤ ਨੇ ਮਾਣਹਾਨੀ ਮਾਮਲੇ 'ਚ ਸੁਖਬੀਰ ਬਾਦਲ ਨੂੰ ਰਾਹਤ ਨਹੀਂ ਦਿੱਤੀ। ਅਦਾਲਤ ਨੇ ਬਾਦਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਾਲ 2017 ਦੇ ਇੱਕ ਅਪਰਾਧਿਕ ਮਾਣਹਾਨੀ ਮਾਮਲੇ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਜਨਵਰੀ 2017 ਵਿੱਚ ਪੰਜਾਬ ਦੇ ਉਪ ਮੁੱਖ ਮੰਤਰੀ ਰਹੇ ਸੁਖਬੀਰ ਬਾਦਲ ਨੇ ਇੱਕ ਬਿਆਨ ਦਿੱਤਾ ਸੀ ਕਿ 'ਅਖੰਡ ਕੀਰਤਨੀ ਜਥਾ' ਨਾਮਕ ਧਾਰਮਿਕ ਸੰਸਥਾ ਨੂੰ ਅਤਿਵਾਦੀ ਸੰਗਠਨ 'ਬੱਬਰ ਖਾਲਸਾ ਇੰਟਰਨੈਸ਼ਨਲ' ਦਾ ਸਿਆਸੀ ਵਿੰਗ ਹੈ। ਸੰਸਥਾ ਦੇ ਮੁੱਖ ਬੁਲਾਰੇ ਨੇ ਸੁਖਬੀਰ ਬਾਦਲ ਖ਼ਿਲਾਫ਼ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਸੁਖਬੀਰ ਬਾਦਲ ਨੇ ਆਹ ਬਿਆਨ ਵੱਖ-ਵੱਖ ਸਿਆਸੀ ਰੈਲੀਆਂ ਅਤੇ ਮੀਡੀਆ ਵਿੱਚ ਦਿੱਤੇ ਜਿਸ ਨਾਲ ਉਨ੍ਹਾਂ ਦੀ ਬਦਨਾਮੀ ਹੋਈ। ਬਾਦਲ ਦੇ ਵਕੀਲਾਂ ਨੇ ਹਾਈਕੋਰਟ ਵਿੱਚ ਦਲੀਲ ਦਿੱਤੀ ਸੀ ਕਿ ਇਹ ਬਿਆਨ ਮਾਣਹਾਨੀ ਦੇ ਦਾਇਰੇ ਵਿੱਚ ਨਹੀਂ ਆਉਂਦਾ ਅਤੇ ਸ਼ਿਕਾਇਤਕਰਤਾ ਕੋਲ ਸੰਸਥਾ ਵੱਲੋਂ ਕੇਸ ਕਰਨ ਦਾ ਕੋਈ ਅਧਿਕਾਰ ਪੱਤਰ ਵੀ ਨਹੀਂ ਸੀ। ਪਰ ਹਾਈਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ।..ਸੁਪਰੀਮ ਕੋਰਟ ਵਿੱਚ ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੇ ਬੈਂਚ ਸਾਹਮਣੇ ਸੁਖਬੀਰ ਬਾਦਲ ਵੱਲੋਂ ਸੀਨੀਅਰ ਵਕੀਲ ਕਪਿਲ ਸਿੱਬਲ ਪੇਸ਼ ਹੋਏ। ਕਪਿਲ ਸਿੱਬਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਸੁਖਬੀਰ ਬਾਦਲ ਨੇ ਆਪਣੇ ਬਿਆਨ ਵਿੱਚ ਕਦੇ ਵੀ ਇਸ ਖਾਸ ਸ਼ਿਕਾਇਤਕਰਤਾ ਦਾ ਨਾਮ ਲੈ ਕੇ ਕੋਈ ਗੱਲ ਨਹੀਂ ਕਹੀ ਸੀ ਅਤੇ ਇਹ ਵੀ ਸਪਸ਼ਟ ਨਹੀਂ ਹੈ ਕਿ ਸ਼ਿਕਾਇਤਕਰਤਾ ਨੂੰ ਅਜਿਹੀ ਸ਼ਿਕਾਇਤ ਕਰਨ ਲਈ ਕਿਸ ਨੇ ਅਧਿਕਾਰ ਦਿੱਤਾ ਹੈ।ਦੋਵਾਂ ਪਾਸਿਆਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਸੁਖਬੀਰ ਬਾਦਲ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਅਦਾਲਤ ਦੇ ਇਸ ਫ਼ੈਸਲੇ ਨਾਲ ਸੁਖਬੀਰ ਬਾਦਲ ਨੂੰ ਵੱਡੀ ਕਾਨੂੰਨੀ ਰਾਹਤ ਨਹੀਂ ਮਿਲ ਸਕੀ ਅਤੇ ਹੁਣ ਮਾਮਲੇ ਦੀ ਅੱਗੇ ਦੀ ਕਾਰਵਾਈ ਮਜਿਸਟ੍ਰੇਟ ਦੀ ਅਦਾਲਤ ਵਿੱਚ ਚੱਲੇਗੀ। ਬੈਂਚ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਕਿ ਜਦੋਂ ਸ਼ਿਕਾਇਤਕਰਤਾ ਨੇ ਖ਼ੁਦ ਨੂੰ ਸੰਸਥਾ ਦਾ ਮੁੱਖ ਬੁਲਾਰਾ ਦੱਸਿਆ ਹੈ ਅਤੇ ਸੰਗਠਨ ਉੱਤੇ ਅਜਿਹੇ ਗੰਭੀਰ ਇਲਜ਼ਾਮ ਲਗਾਏ ਗਏ ਹਨ ਤਾਂ ਇਸ ਮਾਮਲੇ ਨੂੰ ਮੁੱਢੋਂ ਖਾਰਜ ਨਹੀਂ ਕੀਤਾ ਜਾ ਸਕਦਾ।
Leave a Reply