Nazrana Times

ਪੰਜਾਬੀ

ਗੜੇਮਾਰੀ ਅਤੇ ਮੀਂਹ ਕਾਰਨ ਖੇਤਾਂ ਤੇ ਮੰਡੀਆਂ ਵਿੱਚ ਪਈ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ, ਪੰਜਾਬ ਅਤੇ ਕੇਂਦਰ ਸਰਕਾਰ ਤੁਰੰਤ ਮੁਆਵਜ਼ਾ ਦੇਣ: ਗਿਆਨੀ ਹਰਪ੍ਰੀਤ ਸਿੰਘ

11 Oct, 2026 06:59 PM

ਚੰਡੀਗੜ੍ਹ, 11 ਅਕਤੂਬਰ: ਮੰਗਤ ਸਿੰਘ ਸੈਦਪੁਰ - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਵਿੱਚ ਗੜੇਮਾਰੀ ਅਤੇ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ’ਤੇ ਡੂੰਘੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਖੜ੍ਹੀ ਫ਼ਸਲ ਦੇ ਨਾਲ-ਨਾਲ ਮੰਡੀਆਂ ਵਿੱਚ ਵਿਕਰੀ ਲਈ ਪਹੁੰਚੇ ਝੋਨੇ ਨੂੰ ਵੀ ਨੁਕਸਾਨ ਪਹੁੰਚਣ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸਾਨ ਆਪਣੀ ਮਿਹਨਤ, ਪੂੰਜੀ ਅਤੇ ਸਮਾਂ ਲਗਾ ਕੇ ਫ਼ਸਲ ਤਿਆਰ ਕਰਦੇ ਹਨ। ਪਰ ਕੁਦਰਤੀ ਆਫ਼ਤਾਂ ਕਾਰਨ ਫ਼ਸਲਾਂ ਦਾ ਨੁਕਸਾਨ ਹੋਣ ਨਾਲ ਕਿਸਾਨਾਂ ਨੂੰ ਭਾਰੀ ਆਰਥਿਕ ਸੱਟ ਵੱਜਦੀ ਹੈ। ਖ਼ਾਸ ਕਰਕੇ ਮੰਡੀਆਂ ਵਿੱਚ ਪਏ ਝੋਨੇ ਦੇ ਮੀਂਹ ਨਾਲ ਪ੍ਰਭਾਵਿਤ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਉਪਜ ਦੀ ਸੰਭਾਲ ਅਤੇ ਵਿਕਰੀ ਸਬੰਧੀ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਕਿ ਪ੍ਰਭਾਵਿਤ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਵਿਸ਼ੇਸ਼ ਗਿਰਦਾਵਰੀ ਅਤੇ ਨੁਕਸਾਨ ਦਾ ਸਰਵੇਖਣ ਕਰਵਾਇਆ ਜਾਵੇ। ਖੇਤਾਂ ਵਿੱਚ ਖੜ੍ਹੀ ਫ਼ਸਲ ਅਤੇ ਮੰਡੀਆਂ ਵਿੱਚ ਪਏ ਝੋਨੇ ਦੇ ਹੋਏ ਨੁਕਸਾਨ ਦਾ ਸਹੀ ਮੁਲਾਂਕਣ ਕਰਕੇ ਕਿਸਾਨਾਂ ਲਈ ਪੂਰੇ ਅਤੇ ਢੁੱਕਵੇਂ ਮੁਆਵਜ਼ੇ ਦਾ ਤੁਰੰਤ ਐਲਾਨ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਰਾਹਤ ਦੇਣ ਲਈ ਤੁਰੰਤ ਕਦਮ ਚੁੱਕੇ ਅਤੇ ਕੇਂਦਰ ਸਰਕਾਰ ਵੀ ਇਸ ਸੰਕਟ ਦੀ ਘੜੀ ਵਿੱਚ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਪੰਜਾਬ ਦੇ ਕਿਸਾਨਾਂ ਲਈ ਵਿਸ਼ੇਸ਼ ਆਰਥਿਕ ਸਹਾਇਤਾ ਦਾ ਐਲਾਨ ਕਰੇ। ਮੰਡੀਆਂ ਵਿੱਚ ਪਏ ਮੀਂਹ ਨਾਲ ਪ੍ਰਭਾਵਿਤ ਝੋਨੇ ਦੀ ਸੰਭਾਲ, ਖ਼ਰੀਦ ਅਤੇ ਕਿਸਾਨਾਂ ਨੂੰ ਬਣਦੀ ਅਦਾਇਗੀ ਯਕੀਨੀ ਬਣਾਉਣ ਲਈ ਵੀ ਫੌਰੀ ਪ੍ਰਬੰਧ ਕੀਤੇ ਜਾਣ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਇਸ ਦੁੱਖ ਦੀ ਘੜੀ ਵਿੱਚ ਕਿਸਾਨਾਂ ਦੇ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਾ ਹੈ। ਕਿਸਾਨ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਮਿਹਨਤ ਨਾਲ ਹੀ ਦੇਸ਼ ਦਾ ਅੰਨ ਭੰਡਾਰ ਭਰਦਾ ਹੈ। ਇਸ ਲਈ ਕਿਸਾਨਾਂ ਨੂੰ ਕੁਦਰਤੀ ਆਫ਼ਤਾਂ ਦੇ ਨੁਕਸਾਨ ਤੋਂ ਰਾਹਤ ਦੇਣਾ ਸਰਕਾਰਾਂ ਦੀ ਮੁੱਖ ਜ਼ਿੰਮੇਵਾਰੀ ਹੈ।

ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਸਿਰਫ਼ ਭਰੋਸੇ ਦੇਣ ਦੀ ਬਜਾਏ ਤੁਰੰਤ ਕਾਰਵਾਈ ਕਰਕੇ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ, ਤਾਂ ਜੋ ਕਿਸਾਨ ਇਸ ਸੰਕਟ ਵਿੱਚੋਂ ਉਭਰ ਸਕਣ। ਪ੍ਰੈਸ ਬਿਆਨ ਮੀਡੀਆ ਇਨਚਾਰਜ ਤਜਿੰਦਰ ਸਿੰਘ ਪੰਨੂ ਵੱਲੋਂ ਜਾਰੀ ਕੀਤਾ!

Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ

Latest News