ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਅਕਾਲੀ ਵਰਕਰਾਂ ’ਚ ਭਾਰੀ ਉਤਸ਼ਾਹ : ਰੁਪਿੰਦਰ ਕੌਰ ਬ੍ਰਹਮਪੁਰਾ

ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਅਕਾਲੀ ਵਰਕਰਾਂ ’ਚ ਭਾਰੀ ਉਤਸ਼ਾਹ : ਰੁਪਿੰਦਰ ਕੌਰ ਬ੍ਰਹਮਪੁਰਾ

13 ਸਤੰਬਰ ਦੀ ਰੈਲੀ ਇਤਿਹਾਸਕ ਹੋਵੇਗੀ,ਹਲਕਾ ਖਡੂਰ ਸਾਹਿਬ ਤੋਂ ਵੱਡੀ ਗਿਣਤੀ ’ਚ ਸੰਗਤ ਤੇ ਵਰਕਰ ਹੋਣਗੇ ਸ਼ਾਮਲ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,4 ਸਤੰਬਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 13 ਸਤੰਬਰ, ਦਿਨ ਐਤਵਾਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕੀਤੀ ਜਾ ਰਹੀ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਹਲਕਾ ਖਡੂਰ ਸਾਹਿਬ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰੈਲੀ ਨੂੰ ਸਫ਼ਲ ਬਣਾਉਣ ਲਈ ਪਿੰਡ-ਪਿੰਡ ਮੀਟਿੰਗਾਂ ਕਰਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।
ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਅਕਾਲੀ ਵਰਕਰਾਂ ਅਤੇ ਆਮ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ 13 ਸਤੰਬਰ ਦੀ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋ ਕੇ ਇਸ ਨੂੰ ਇਤਿਹਾਸਕ ਬਣਾਉਣ ਦੀ ਅਪੀਲ ਕੀਤੀ ਜਾ ਰਹੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ਨੇ ਕਿਹਾ ਕਿ ‘ਪੰਜਾਬ ਬਚਾਓ ਰੈਲੀ’ ਸਿਰਫ਼ ਇੱਕ ਸਿਆਸੀ ਇਕੱਠ ਨਹੀਂ, ਸਗੋਂ ਪੰਜਾਬ ਦੇ ਹੱਕਾਂ, ਪੰਜਾਬੀਅਤ ਅਤੇ ਸੂਬੇ ਦੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣ ਲਈ ਅਕਾਲੀ ਦਲ ਵੱਲੋਂ ਕੀਤਾ ਜਾ ਰਿਹਾ ਵੱਡਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਰੈਲੀ ਨੂੰ ਲੈ ਕੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਹਲਕਾ ਖਡੂਰ ਸਾਹਿਬ ਤੋਂ ਵੱਡੀ ਗਿਣਤੀ ਵਿੱਚ ਅਕਾਲੀ ਆਗੂ, ਵਰਕਰ ਤੇ ਸਮਰਥਕ ਸ੍ਰੀ ਗੋਇੰਦਵਾਲ ਸਾਹਿਬ ਪਹੁੰਚਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਹ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਕਿ ਸੂਬੇ ਦੇ ਹਿੱਤਾਂ ਦੀ ਗੱਲ ਕਰਨ ਵਾਲੀ ਇੱਕੋ-ਇੱਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ। ਪੰਜਾਬ ਦਾ ਹੁਣ ਤੱਕ ਜਿੰਨਾ ਵੀ ਵਿਕਾਸ ਹੋਇਆ ਅਤੇ ਲੋਕ ਭਲਾਈ ਦੀਆਂ ਜਿਹੜੀਆਂ ਸਕੀਮਾਂ ਲਾਗੂ ਹੋਈਆਂ, ਉਨ੍ਹਾਂ ਵਿੱਚ ਅਕਾਲੀ ਦਲ ਦੀ ਅਹਿਮ ਭੂਮਿਕਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਹੋਰਨਾਂ ਪਾਰਟੀਆਂ ਨੇ ਸੱਤਾ ਹਾਸਲ ਕਰਨ ਤੋਂ ਬਾਅਦ ਪੰਜਾਬ ਦੇ ਅਸਲ ਮੁੱਦਿਆਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ।
ਬੀਬਾ ਬ੍ਰਹਮਪੁਰਾ ਨੇ ਕਿਹਾ ਕਿ ‘ਪੰਜਾਬ ਬਚਾਓ ਰੈਲੀ’ ਰਾਹੀਂ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਵਰਕਰ ਪੂਰੇ ਉਤਸ਼ਾਹ ਨਾਲ ਰੈਲੀ ਦੀਆਂ ਤਿਆਰੀਆਂ ਵਿੱਚ ਜੁਟੇ ਹੋਏ ਹਨ ਅਤੇ ਪਿੰਡ ਪੱਧਰ ’ਤੇ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਰੈਲੀ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੈਲੀ ਵਿੱਚ ਲੋਕਾਂ ਦੀ ਸ਼ਮੂਲੀਅਤ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਦੀ ਮਜ਼ਬੂਤ ਤਿਆਰੀ ਦਾ ਸੰਕੇਤ ਦੇਵੇਗੀ।
ਉਨ੍ਹਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਪਾਰਟੀ ਦੇ ਆਗੂ ਤੇ ਵਰਕਰ ਇਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਮਿਹਨਤ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ 13 ਸਤੰਬਰ ਦੀ ‘ਪੰਜਾਬ ਬਚਾਓ ਰੈਲੀ’ ਹਲਕਾ ਖਡੂਰ ਸਾਹਿਬ ਵਿੱਚ ਅਕਾਲੀ ਦਲ ਦੀ ਚੋਣ ਮੁਹਿੰਮ ਦਾ ਮਜ਼ਬੂਤ ਆਗਾਜ਼ ਸਾਬਤ ਹੋਵੇਗੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਇਸ ਸੀਟ ’ਤੇ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗੀ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.