Nazrana Times

ਪੰਜਾਬੀ

ਅਕਾਲੀ ਦਲ ਵਾਰਿਸ ਪੰਜਾਬ ਦੇ ਸਰਕਾਰ ਵਿੱਚ ਦੱਬੇ-ਕੁਚਲੇ ਲੋਕ ਭਾਗੀਦਾਰ ਹੋਣਗੇ-ਜਗਜੀਤ ਜੱਗਾ

05 Oct, 2026 02:10 PM

ਬੋਲੇ-ਲੋਕ ਅਕਾਲੀ ਦਲ ਵਾਰਿਸ ਪੰਜਾਬ ਨਾਲ ਜੁੜਨ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਹਲਕਾ ਕਪੂਰਥਲਾ ਵਿਚ ਸਰਗਰਮੀਆਂ ਤੇਜ਼

ਕਿਹਾ-ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਮਿਲ ਰਿਹਾ ਲੋਕਾਂ ਦਾ ਭਾਰੀ ਸਮਰਥਨ

ਕਪੂਰਥਲਾ 5 ਅਕਤੂਬਰ ਗੌਰਵ ਮੜੀਆ 

ਅਗਾਮੀ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਹਲਕਾ ਕਪੂਰਥਲਾ ਵਿਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।ਇਸਦੇ ਤਹਿਤ ਪੇਟੀ ਦੇ ਵਲੋਂ ਲਗਾਤਾਰ ਹਲਕੇ ਦੇ ਵੱਖ-ਵੱਖ ਵਾਰਡਾਂ ਤੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਜਾ ਰਿਹਾ ਹੈ।ਇਸ ਮੁਹਿੰਮ ਦੇ ਤਹਿਤ ਹਲਕੇ ਦੇ ਪਿੰਡ ਸੈਦੋਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ ਜੱਗਾ ਦੀ ਅਗਵਾਈ ਹੇਠ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ।ਇਸ ਮੀਟਿੰਗ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਹਿੱਸਾ ਲਿਆ।ਇਸ ਮੌਕੇ ਜਗਜੀਤ ਸਿੰਘ ਧਾਲੀਵਾਲ ਜੱਗਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਪੰਜਾਬ ਵਿੱਚ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ ਅਤੇ ਪਾਰਟੀ ਆਪਣੀਆਂ ਸਰਗਰਮੀਆਂ ਤੇਜ਼ ਕਰ ਰਹੀ ਹੈ।ਜੱਗਾ ਨੇ ਕਿਹਾ ਹੈ ਕਿ ਜੇਕਰ ਪੰਜਾਬ ਅੰਦਰ ਪਾਰਟੀ ਦੀ ਸਰਕਾਰ ਦਾ ਗਠਨ ਹੁੰਦਾ ਹੈ ਤਾਂ ਸਮਾਜ ਦੇ ਦੱਬੇ-ਕੁਚਲੇ ਲੋਕਾਂ ਦੀ ਇਸ ਵਿੱਚ ਬਰਾਬਰ ਦੀ ਭਾਈਵਾਲੀ ਹੋਵੇਗੀ।ਉਨ੍ਹਾਂਨੇ ਕਿਹਾ ਕਿ ਪਾਰਟੀ ਦੀ ਸਰਕਾਰ ਜਿੱਥੇ ਦੱਬੇ-ਕੁਚਲੇ ਵਰਗ ਦੇ ਲੋਕਾਂ ਨੂੰ ਭਾਗੀਦਾਰ ਬਣਾਏਗੀ,ਉੱਥੇ ਸਮਾਜ ਵਿੱਚ ਬਰਾਬਰਤਾ ਦੇ ਮੁਕੰਮਲ ਅਧਿਕਾਰ ਹੋਣਗੇ।ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਮੁੱਖ ਮੰਤਰੀ ਬਣਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਸਭ ਕੁਝ ਸਪੱਸ਼ਟ ਕਰ ਦੇਣਗੇ।ਉਨ੍ਹਾਂ ਕਿਹਾ ਕਿ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨਾ,ਸੂਬੇ ਅੰਦਰੋਂ ਦਹਿਸ਼ਤ ਦਾ ਮਾਹੌਲ ਖ਼ਤਮ ਕਰਨਾ,ਮਜ਼ਦੂਰਾਂ, ਵਪਾਰੀਆਂ, ਦੁਕਾਨਦਾਰਾਂ ਅਤੇ ਕਿਸਾਨਾਂ ਸਮੇਤ ਹਰੇਕ ਵਰਗ ਦੇ ਹਿੱਤਾਂ ਦੀ ਵਾਰਿਸ ਪੰਜਾਬ ਦੇ ਸਰਕਾਰ ਵਿੱਚ ਰਾਖੀ ਹੋਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਸਾਡੇ ਗੁਰੂਆਂ ਦੀ ਪਵਿੱਤਰ ਧਰਤੀ ਹੈ,ਪਰ ਸਿਆਸੀ ਧਿਰਾਂ ਨੇ ਇਸ ਦੀ ਪਵਿੱਤਰਤਾ ਨੂੰ ਬੁਰੀ ਤਰ੍ਹਾਂ ਭੰਗ ਕੀਤਾ ਹੋਇਆ ਹੈ।ਪਾਰਟੀ ਸਿੱਖ ਨੌਜਵਾਨਾਂ ਨੂੰ ਆਪਣੇ ਧਰਮ ਅਤੇ ਵਿਰਸੇ ਨਾਲ ਜੋੜਨ ਦੇ ਇਲਾਵਾ ਆਪਸੀ ਭਾਈਚਾਰਕ ਸਾਂਝ ਨੂੰ ਪੱਕਾ ਕਰਨ ਲਈ ਉਪਰਾਲੇ ਕਰ ਰਹੀ ਹੈ।ਉਨ੍ਹਾਂ ਨੇ ਪਾਰਟੀ ਦੇ ਹਲਕੇ ਵਿਚਲੇ ਆਗੂਆਂ ਦੀ ਸਰਾਹਣਾ ਕਰਦਿਆਂ ਕਿਹਾ ਕਿ ਉਹ ਲਗਾਤਾਰ ਹਲਕੇ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਸਖ਼ਤ ਮਿਹਨਤ ਕਰ ਰਹੇ ਹਨ,ਜਿਸ ਸਦਕਾ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜ ਰਹੇ ਹਨ।ਜੱਗਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਰਹਿਤ ਰਾਜ ਦਾ ਵਾਅਦਾ ਕਰਨ ਵਾਲੀ ਆਪ ਦੇ ਆਗੂ ਖੁਦ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਬੁਰੀ ਤਰ੍ਹਾਂ ਘਿਰੇ ਹੋਏ ਹਨ। ਕਾਂਗਰਸ,ਭਾਜਪਾ ਅਤੇ ਅਕਾਲੀ ਦਲ (ਬਾਦਲ)ਵੀ ਪੰਜਾਬ ਦੇ ਹਿੱਤਾਂ ਅਤੇ ਹੱਕਾਂ ਦੀ ਰਾਖੀ ਲਈ ਇਮਾਨਦਾਰੀ ਨਾਲ ਨਹੀਂ ਚੱਲ ਰਹੇ।ਇਨ੍ਹਾਂ ਕਾਰਨਾਂ ਕਰਕੇ ਸੋਨੇ ਦੀ ਚਿੜੀ ਅਖਵਾਉਣ ਵਾਲਾ ਪੰਜਾਬ ਅੱਜ ਆਰਥਿਕ ਪੱਖੋਂ ਕਮਜ਼ੋਰ ਹੁੰਦਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਵਿੱਖ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਹੋਰਨਾਂ ਸਿਆਸੀ ਪਾਰਟੀਆਂ ਨੂੰ ਪਛਾੜ ਕੇ ਸੱਤਾ ਹਾਸਲ ਕਰੇਗਾ ਅਤੇ ਸੂਬੇ ਅੰਦਰਲੀਆਂ ਖਾਮੀਆਂ ਨੂੰ ਦੂਰ ਕਰਨ ਲਈ ਤੁਰੰਤ ਪ੍ਰਭਾਵ ਨਾਲ ਠੋਸ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਮਜ਼ਬੂਤ ਤੇ ਖੁਸ਼ਹਾਲ ਬਣਾਉਣ ਲਈ ਲੋਕਾਂ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ।ਜੱਗਾ ਨੇ ਕਿਹਾ ਕਿ ਲੋਕ ਗੰਧਲੀ ਰਾਜਨੀਤੀ ਤੋਂ ਨਿਕਲ ਕੇ ਸਾਫ਼-ਸੁਥਰੀ ਅਤੇ ਇਮਾਨਦਾਰ ਰਾਜਨੀਤੀ ਚਾਹੁੰਦੇ ਹਨ। ਪਾਰਟੀ ਦਾ ਟੀਚਾ 2027 ਦੀਆਂ ਚੋਣਾਂ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਹੱਕਾਂ ਦੀ ਲੜਾਈ ਲੜਨਾ ਹੈ।

Posted By: Gaurav Maria

Latest News