ਦਲਜੀਤ ਰਾਜੂ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ,ਪੰਜਾਬ ਦੇ ਸਿਆਸੀ ਹਾਲਾਤਾਂ ਤੇ ਹੋਈ ਚਰਚਾ
ਕਪੂਰਥਲਾ 9 ਨਵੰਬਰ ਗੌਰਵ ਮੜੀਆ
ਆਮ ਆਦਮੀ ਪਾਰਟੀ(ਆਪ) ਦੇ ਜਿਲ੍ਹਾ ਕਪੂਰਥਲਾ ਦੇ ਪ੍ਰਧਾਨ ਦਲਜੀਤ ਸਿੰਘ ਰਾਜੂ ਨੇ ਦਿੱਲੀ ਵਿੱਚ ਆਪ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ ਤੇ ਮੁਲਾਕਾਤ ਕੀਤੀ।ਇਸ ਮੁਲਾਕਾਤ ਦੌਰਾਨ ਜਿੱਥੇ ਦਲਜੀਤ ਰਾਜੂ ਨੇ ਕੇਜਰੀਵਾਲ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ,ਉੱਥੇ ਹੀ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ,ਪਾਰਟੀ ਦੀਆਂ ਸਰਗਰਮੀਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਵਿਚਾਰ-ਚਰਚਾ ਕੀਤੀ।ਮੁਲਾਕਾਤ ਦੌਰਾਨ ਦਲਜੀਤ ਰਾਜੂ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਿਲ੍ਹਾ ਕਪੂਰਥਲਾ ਦੀ ਮੌਜੂਦਾ ਸਿਆਸੀ ਸਥਿਤੀ ਤੋਂ ਜਾਣੂ ਕਰਵਾਇਆ।ਉਨ੍ਹਾਂ ਜ਼ਿਲ੍ਹੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ,ਵਰਕਰਾਂ ਦੀ ਸਰਗਰਮੀ ਅਤੇ ਸਿਆਸੀ ਹਾਲਾਤ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ।ਇਸ ਮੌਕੇ ਪੰਜਾਬ ਦੀ ਸਿਆਸਤ ਵਿੱਚ ਪਾਰਟੀ ਦੀ ਸਥਿਤੀ ਅਤੇ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਤੇ ਵੀ ਚਰਚਾ ਹੋਈ।ਇਸ ਮੌਕੇ ਦਲਜੀਤ ਰਾਜੂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਨੂੰ ਲੈ ਕੇ ਬਹੁਤ ਫਿਕਰਮੰਦ ਹਨ।ਉਹ ਸੂਬੇ ਦੀ ਤਰੱਕੀ, ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਦੇ ਚਾਹਵਾਨ ਹਨ।ਉਨ੍ਹਾਂ ਦਾ ਮੁੱਖ ਉਦੇਸ਼ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣਾ ਹੈ।ਇਸੇ ਮਕਸਦ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।ਉਨ੍ਹਾਂਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਪੰਜਾਬ ਦੇ ਸੁਨਹਿਰੀ ਭਵਿੱਖ ਅਤੇ ਲੋਕਾਂ ਦੀ ਸੇਵਾ ਲਈ ਮਿਲ ਕੇ ਅੱਗੇ ਵਧਣ ਦਾ ਹੌਸਲਾ ਹੋਰ ਵਧਿਆ।ਇਸ ਮੌਕੇ ਉਨ੍ਹਾਂਨੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ,ਪਾਰਟੀ ਦੀਆਂ ਗਤੀਵਿਧੀਆਂ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।ਦਲਜੀਤ ਰਾਜੂ ਨੇ ਕੇਜਰੀਵਾਲ ਨੂੰ ਜਾਣੂ ਕਰਵਾਇਆ ਕਿ ਜਿਲ੍ਹੇ ਵਿੱਚ ਪਾਰਟੀ ਦੇ ਆਗੂ ਅਤੇ ਵਰਕਰ ਪੂਰੀ ਤਨਦੇਹੀ ਨਾਲ ਜ਼ਮੀਨੀ ਪੱਧਰ ਤੇ ਸਰਗਰਮ ਹਨ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਲੋਕ ਭਲਾਈ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾ ਰਹੇ ਹਨ।ਪੰਜਾਬ ਦੀ ਲੀਡਰਸ਼ਿਪ ਅਤੇ ਪਾਰਟੀ ਵਰਕਰ ਆਗਾਮੀ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਸੂਬੇ ਵਿੱਚ ਹੋਰ ਵੀ ਵੱਡੀ ਇਤਿਹਾਸਕ ਜਿੱਤ ਦਰਜ ਕਰੇਗੀ।ਦਲਜੀਤ ਰਾਜੂ ਦੇ ਅਨੁਸਾਰ ਅਰਵਿੰਦ ਕੇਜਰੀਵਾਲ ਨੇ ਮੁਲਾਕਾਤ ਦੌਰਾਨ ਭਰੋਸਾ ਜਤਾਇਆ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਹਨ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਮੁੜ ਸ਼ਾਨਦਾਰ ਜਿੱਤ ਦਰਜ ਕਰਕੇ ਸੂਬੇ ਵਿੱਚ ਆਪਣੀ ਸਰਕਾਰ ਬਣਾਏਗੀ।ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਰ ਬਿਹਤਰ ਸਹੂਲਤਾਂ ਅਤੇ ਲੋਕ ਭਲਾਈ ਵਾਲੀਆਂ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ,ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ। ਸਿਆਸੀ ਹਲਕਿਆਂ ਵਿੱਚ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ।ਖ਼ਾਸ ਕਰਕੇ ਜ਼ਿਲ੍ਹਾ ਕਪੂਰਥਲਾ ਦੇ ਸਿਆਸੀ ਹਾਲਾਤ ਬਾਰੇ ਸਿੱਧੇ ਤੌਰ ਤੇ ਪਾਰਟੀ ਦੇ ਕੌਮੀ ਆਗੂ ਨਾਲ ਵਿਚਾਰ-ਵਟਾਂਦਰਾ ਹੋਣਾ ਜ਼ਿਲ੍ਹਾ ਪੱਧਰ ਤੇ ਪਾਰਟੀ ਦੀ ਸਰਗਰਮੀ ਦੇ ਪੱਖੋਂ ਮਹੱਤਵਪੂਰਨ ਹੈ।
Posted By: Gaurav Maria