Nazrana Times

ਪੰਜਾਬੀ

ਸ਼ਿਪਸ ਇੰਸਟੀਚਿਊਟ ਰਾਣੀਵਲਾਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

25 Nov, 2026 07:16 PM

ਵਿਦਿਆਰਥੀਆਂ ਅਤੇ ਸਟਾਫ਼ ਨੇ ਗੁਰਬਾਣੀ ਕੀਰਤਨ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਕੀਤਾ ਯਾਦ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,25 ਨਵੰਬਰ

ਸ਼ਿਪਸ ਇੰਸਟੀਚਿਊਟ ਰਾਣੀਵਲਾਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਧਾਰਮਿਕ ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੇ ਸ਼ਰਧਾ ਭਾਵਨਾ ਨਾਲ ਸ਼ਮੂਲੀਅਤ ਕੀਤੀ।

ਸਮਾਗਮ ਦੀ ਸ਼ੁਰੂਆਤ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ। ਇਸ ਉਪਰੰਤ ਗੁਰਬਾਣੀ ਕੀਰਤਨ ਅਤੇ ਆਨੰਦ ਸਾਹਿਬ ਦੀਆਂ ਪੰਜ ਪੌੜੀਆਂ ਦਾ ਪਾਠ ਕੀਤਾ ਗਿਆ। ਸਰਬੱਤ ਦੇ ਭਲੇ ਅਤੇ ਸਮੁੱਚੀ ਮਾਨਵਤਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ,ਜਿਸ ਉਪਰੰਤ ਸੰਗਤਾਂ ਵਿੱਚ ਗੁਰੂ ਕਾ ਲੰਗਰ ਅਤੇ ਦੇਗ ਵਰਤਾਈ ਗਈ।

ਇਸ ਮੌਕੇ ਸ਼ਿਪਸ ਇੰਸਟੀਚਿਊਟ ਦੀ ਕਾਰਜਕਾਰੀ ਕਰਤਾ ਸ਼ਸ਼ੀ ਸ਼ਰਮਾ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਮਾਰਗ ਅਤੇ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ।

ਐਜੂਕੇਸ਼ਨ ਡਾਇਰੈਕਟਰ ਸ੍ਰੀਮਤੀ ਨਵਦੀਪ ਕੌਰ ਸੰਧੂ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਵੱਲੋਂ ਦਿੱਤੇ ਗਏ ਤਿੰਨ ਮਹਾਨ ਸਿਧਾਂਤਾਂ 'ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ' ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ।

ਇਸੇ ਦੌਰਾਨ ਮਦਨ ਪਠਾਣੀਆ ਨੇ ਆਪਣੇ ਸੰਬੋਧਨ ਵਿੱਚ ਗੁਰੂ ਸਾਹਿਬ ਦੀ ਸਰਬਸਾਂਝੀਵਾਲਤਾ ਦੀ ਵਿਚਾਰਧਾਰਾ ਦਾ ਜ਼ਿਕਰ ਕਰਦਿਆਂ ਗੁਰਬਾਣੀ ਦੀ ਪੰਕਤੀ 'ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ॥ ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ॥' ਦੇ ਹਵਾਲੇ ਨਾਲ ਕਿਹਾ ਕਿ ਸਾਨੂੰ ਜਾਤ-ਪਾਤ ਅਤੇ ਊਚ-ਨੀਚ ਤੋਂ ਉੱਪਰ ਉੱਠ ਕੇ ਸਮੁੱਚੀ ਮਾਨਵਤਾ ਨਾਲ ਪਿਆਰ, ਸਤਿਕਾਰ ਅਤੇ ਭਾਈਚਾਰੇ ਦੀ ਭਾਵਨਾ ਰੱਖਣੀ ਚਾਹੀਦੀ ਹੈ।

ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਗੁਰਬਾਣੀ ਕੀਰਤਨ ਵੀ ਕੀਤਾ ਗਿਆ। ਇਸ ਮੌਕੇ ਸੰਸਥਾ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Latest News